ਮਜ਼ਦੂਰ ਜਥੇਬੰਦੀਆਂ ਨੇ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਅਸ਼ੋਕ ਵਰਮਾ
\ਸ੍ਰੀ ਮੁਕਤਸਰ ਸਾਹਿਬ, 30 ਜੂਨ 2026 : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾ ਪੱਧਰੀ ਸੱਦੇ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ,ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਤੇ ਖੇਤ ਮਜ਼ਦੂਰ ਸਭਾ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਯਾਦ ਪੱਤਰ ਦਿੱਤਾ । ਖੰਡਾ ਪਾਰਕ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਬਾਜ਼ ਸਿੰਘ ਭੁੱਟੀ ਵਾਲਾ , ਹਰਜੀਤ ਮਦਰੱਸਾ, ਨਾਨਕ ਚੰਦ ਬਜਾਜ ਤੇ ਕਰਮਜੀਤ ਕੌਰ ਲੱਕੜ ਵਾਲਾ ਆਦਿ ਯੂਨੀਅਨ ਆਗੂਆਂ ਨੇ ਆਖਿਆ ਕਿ ਅੱਜ ਦੇ ਯਾਦ ਪੱਤਰ ਰਾਹੀਂ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਜਾਵੇਗਾ ਕਿ ਦਸੰਬਰ 2025 ਨੂੰ ਭਗਵੰਤ ਮਾਨ ਸਰਕਾਰ ਨੇ ਜੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਤੇ ਲਿਆਂਦਾ ਨਵਾਂ ਜੀ ਰਾਮ ਜੀ ਪੰਜਾਬ ਵਿੱਚ ਲਾਗੂ ਨਾ ਕਰਨ ਦਾ ਵਿਧਾਨ ਸਭਾ ਵਿੱਚ ਮਤਾ ਪਾਇਆ ਸੀ ਪਰ ਹੁਣ ਉਸ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਲਾਗੂ ਕਰਕੇ ਮਜ਼ਦੂਰ ਵਿਰੋਧੀ ਹੋਣ ਦਾ ਰੋਲ ਅਦਾ ਕੀਤਾ ਹੈ।
ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਤੋਂ ਲੈ ਕੇ ਮਜ਼ਦੂਰ ਪੱਕੇ ਰੁਜ਼ਗਾਰ ਲਈ, ਮਨਰੇਗਾ ਤਹਿਤ ਪੂਰੇ ਸਾਲ ਦੇ ਵਾਸਤੇ ਕੰਮ ਅਤੇ ਘੱਟੋ ਘੱਟ ਦਿਹਾੜੀ 700/- ਕਰਨ ਦੀ ਮੰਗ ਕਰ ਰਹੇ ਹਨ, ਚੋਣ ਗਰੰਟੀਆਂ ਪੂਰੀਆਂ ਕਰਨ ਅਤੇ ਔਰਤਾਂ ਦੇ ਖਾਤੇ ਵਿੱਚ ਬਕਾਏ ਸਮੇਤ ਪੈਸੇ ਪਾਉਣ, ਵਿਧਵਾ ਬੇਢਾਪਾ ਅਤੇ ਅੰਗਹੀਣ ਪੈਨਸ਼ਨ 5000/- ਕਰਨ , ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਅਤੇ ਕਿਰਤ ਕਾਨੂੰਨਾਂ ਦੀ ਥਾਂ ਬਣਾਏ ਚਾਰ ਲੇਬਰ ਕਾਨੂੰਨ ਰੱਦ ਕਰਨ, ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਕੇ, ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ 'ਚ ਵੰਡਣ, ਪੰਚਾਇਤੀ ਜ਼ਮੀਨ 'ਚੋਂ ਤੀਸਰੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣ ਅਤੇ ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਵਰਗੀਆਂ ਬੁਨਿਆਦੀ ਅਤੇ ਹੱਕੀ ਮੰਗਾਂ ਵਾਸਤੇ ਆਉਂਣ ਵਾਲੇ ਦਿਨਾਂ ਵਿੱਚ ਵਿਸ਼ਾਲ ਲਾਮਬੰਦੀ ਕਰਕੇ ਸੰਘਰਸ਼ ਕੀਤਾ ਜਾਵੇਗਾ।
ਮਜ਼ਦੂਰ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਲੋਕ ਵਿਰੋਧੀ ਹੈ ਉਨ੍ਹਾਂ ਕਿਹਾ ਕਿ ਜਿਥੇ ਸਰਕਾਰ ਮਜ਼ਦੂਰ ਮੰਗਾਂ ਦੀ ਅਣਦੇਖੀ ਕਰ ਰਹੀ ਹੈ ਉਥੇ ਹੱਕ ਮੰਗਦੇ ਹਰ ਤਬਕੇ ਦੇ ਸੰਘਰਸ਼ ਨੂੰ ਡਾਂਗ ਦੇ ਜ਼ੋਰ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਮਾਏਦਾਰਾਂ ਤੇ ਧਨਾਢਾਂ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ । ਯੂਨੀਅਨ ਆਗੂ ਜਸਵਿੰਦਰ ਸਿੰਘ ਸੰਗੂਧੌਣ, ਜਗਜੀਤ ਸਿੰਘ ਜੱਸੇਆਣਾ, ਤੋਤਾ ਸਿੰਘ ਸ਼ੇਰੇਵਾਲਾ, ਬਲਰਾਜ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ, ਅਮਰੀਕਾ ਇਜ਼ਰਾਈਲ ਅਤੇ ਈਰਾਨ ਦਰਮਿਆਨ ਜੰਗ ਦੇ ਬਹਾਨੇ ਪੈਟਰੋਲ ਡੀਜ਼ਲ, ਰਸੋਈ ਗੈਸ ਅਤੇ ਹੋਰ ਚੀਜ਼ਾਂ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਅਸਲ ਵਿਚ ਜੰਗੀ ਮਹੌਲ ਦੇ ਬਹਾਨੇ ਵੱਡੇ ਸਰਮਾਏਦਾਰਾਂ ਨੂੰ ਕਿਰਤੀ ਲੋਕਾਂ ਦੀ ਲੁੱਟ ਕਰਨ ਦੀ ਖੁੱਲ ਦੇ ਕੇ ਭਾਰਤੀ ਹਕੂਮਤ ਨੇ ਆਪਣਾ ਲੋਕ ਵਿਰੋਧੀ ਅਤੇ ਸਾਮਰਾਜ ਪੱਖੀ ਚਿਹਰਾ ਇਕ ਵਾਰ ਫਿਰ ਨੰਗਾ ਕਰ ਲਿਆ ਹੈ ।ਉਨ੍ਹਾਂ ਕਿਹਾ ਕਿ 2 ਜੁਲਾਈ ਨੂੰ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਆਉਣ ਵਾਲੇ ਦਿਨਾਂ ਚ ਮਜ਼ਦੂਰ ਮੰਗਾਂ ਮਨਵਾਉਣ ਲਈ ਅੰਦੋਲਨ ਖੜਾ ਕੀਤਾ ਜਾਵੇਗਾ। ਇਸ ਸਮੇਂ ਯੂਨੀਅਨ ਆਗੂ ਜਸਵਿੰਦਰ ਸਿੰਘ ਸੰਗੂਧੌਣ, ਜਗਜੀਤ ਸਿੰਘ ਜੱਸੇਆਣਾ, ਤੋਤਾ ਸਿੰਘ ਸ਼ੇਰੇਵਾਲਾ, ਬਲਰਾਜ ਸਿੰਘ ਮਦਰੱਸਾ ਪ੍ਰੀਤਮ ਸਿੰਘ ਰੌਣਕ ਰਾਮ, ਅਮਰਜੀਤ ਕੌਰ ਆਦਿ ਆਗੂ ਹਾਜ਼ਰ ਸਨ।
- Download Babushahi App
-
-