ਮੇਅਰ ਚੋਣਾਂ ਵਿੱਚ ਬੇਲੋੜੀ ਦੇਰੀ ਕਰ ਰਹੀ ਹੈ ਲੋਕਤੰਤਰ ਦਾ ਘਾਣ: ਰਾਣਾ ਗੁਰਜੀਤ ਸਿੰਘ
ਕਪੂਰਥਲਾ 1 ਜੁਲਾਈ, 2026:
ਕਪੂਰਥਲਾ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਅੱਜ ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਕਰਵਾਉਣ ਵਿੱਚ ਹੋ ਰਹੀ ਬੇਲੋੜੀ ਦੇਰੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਜ਼ੋਰਦਾਰ ਹਮਲਾ ਕੀਤਾ।
ਰਾਣਾ ਗੁਰਜੀਤ ਸਿੰਘ ਨੇ ਕਿਹਾ, "ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨਿਆ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਮੇਅਰ ਦੀ ਚੋਣ ਕਰਵਾਉਣ ਸਬੰਧੀ ਕੋਈ ਵੀ ਅਧਿਕਾਰਕ ਸੂਚਨਾ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕਤੰਤਰੀ ਪ੍ਰੰਪਰਾਵਾਂ ਅਤੇ ਸੰਵਿਧਾਨਕ ਮਰਿਆਦਾਵਾਂ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੀ ਹੈ।"
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਵੀ ਪੱਤਰ ਲਿਖ ਕੇ ਕਪੂਰਥਲਾ ਨਗਰ ਨਿਗਮ ਦੇ ਕਮਿਸ਼ਨਰ ਨੂੰ ਮੇਅਰ ਦੀ ਚੋਣ ਸਮੇਂ ਸਿਰ ਕਰਵਾਉਣ ਲਈ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਜ਼ਰ ਨਹੀਂ ਆਈ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਚੋਣ ਨਤੀਜੇ ਨਾ ਸਿਰਫ਼ ਅਧਿਕਾਰਕ ਤੌਰ 'ਤੇ ਐਲਾਨੇ ਜਾ ਚੁੱਕੇ ਹਨ, ਸਗੋਂ ਉਨ੍ਹਾਂ ਦੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਮੇਅਰ ਦੀ ਚੋਣ ਵਿੱਚ ਕੀਤੀ ਜਾ ਰਹੀ ਦੇਰੀ ਕਾਨੂੰਨੀ ਸਮਾਂ-ਸੀਮਾ ਦੀ ਉਲੰਘਣਾ ਹੈ। ਇਸ ਕਾਰਨ ਸ਼ਹਿਰੀ ਵਿਕਾਸ ਨਾਲ ਜੁੜੇ ਮਹਤਵਪੂਰਨ ਪ੍ਰੋਜੈਕਟ ਪ੍ਰਭਾਵਿਤ ਹੋ ਰਹੇ ਹਨ ਅਤੇ ਨਗਰ ਨਿਗਮ ਦਾ ਪ੍ਰਸ਼ਾਸਨਿਕ ਕੰਮਕਾਜ ਵੀ ਠੱਪ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਲੋਕ ਇਸ ਵੇਲੇ ਇੱਕ ਸਰਗਰਮ ਨਗਰ ਨਿਗਮ ਲੀਡਰਸ਼ਿਪ ਤੋਂ ਵਾਂਝੇ ਹਨ, ਜਿਸ ਕਾਰਨ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਨਾਗਰਿਕ ਸਮੱਸਿਆਵਾਂ ਦਾ ਹੱਲ ਪ੍ਰਭਾਵਿਤ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ 29 ਮਈ ਨੂੰ ਐਲਾਨੇ ਗਏ ਨਤੀਜਿਆਂ ਵਿੱਚ 50 ਵਿੱਚੋਂ 31 ਵਾਰਡਾਂ 'ਤੇ ਕਾਂਗਰਸ, 11 'ਤੇ ਆਮ ਆਦਮੀ ਪਾਰਟੀ, 3-3 'ਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ, ਜਦਕਿ 2 ਸੀਟਾਂ 'ਤੇ ਆਜ਼ਾਦ ਉਮੀਦਵਾਰ ਜੇਤੂ ਰਹੇ ਸਨ। ਬਾਅਦ ਵਿੱਚ ਆਜ਼ਾਦ ਉਮੀਦਵਾਰ ਵਜੋਂ ਜੇਤੂ ਰਹੀ ਅਮਨ ਰਾਣੀ, ਜਿਨ੍ਹਾਂ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਮਿਲੀ ਸੀ, ਨੇ ਅਧਿਕਾਰਕ ਤੌਰ 'ਤੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ, ਜਿਸ ਨਾਲ ਕਾਂਗਰਸ ਦੇ ਕੌਂਸਲਰਾਂ ਦੀ ਗਿਣਤੀ 32 ਹੋ ਗਈ।
ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟੋਰੇਟ ਦੇ ਮੀਮੋ ਨੰਬਰ 44846-850 ਮਿਤੀ 05-06-2026 ਰਾਹੀਂ ਚੋਣ ਨਤੀਜਿਆਂ ਦੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਕਪੂਰਥਲਾ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਜਨਰਲ ਵਰਗ ਲਈ ਰਾਖਵਾਂ ਹੋਵੇਗਾ।
ਰਾਣਾ ਗੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਕਾਂਗਰਸ ਦੇ ਚੁਣੇ ਹੋਏ ਕੌਂਸਲਰਾਂ ਨੂੰ ਧਨ ਅਤੇ ਅਹੁਦਿਆਂ ਦਾ ਲਾਲਚ ਦੇ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ, "ਮੇਅਰ ਦੀ ਚੋਣ ਵਿੱਚ ਕੀਤੀ ਜਾ ਰਹੀ ਇਹ ਬੇਲੋੜੀ ਦੇਰੀ ਲੋਕਤੰਤਰ ਨੂੰ ਠੇਸ ਪਹੁੰਚਾ ਰਹੀ ਹੈ ਅਤੇ ਸਿਆਸੀ ਖਰੀਦੋ-ਫ਼ਰੋਖ਼ਤ ਲਈ ਮਾਹੌਲ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਮੈਨੂੰ ਆਪਣੀ ਕਾਂਗਰਸ ਪਾਰਟੀ ਦੀ ਟੀਮ 'ਤੇ ਪੂਰਾ ਭਰੋਸਾ ਹੈ ਅਤੇ ਉਹ ਅਜਿਹੀਆਂ ਕੋਸ਼ਿਸ਼ਾਂ ਦਾ ਹਿੱਸਾ ਨਹੀਂ ਬਣੇਗੀ, ਪਰ ਪੰਜਾਬ ਸਰਕਾਰ ਲੋਕਤੰਤਰ ਨੂੰ ਕਮਜ਼ੋਰ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ।"
- Download Babushahi App
-
-