ਗਰਭਵਤੀ ਲੜਕੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ
ਪਰਿਵਾਰ ਨੇ ਲਗਾਏ ਕਤਲ ਦੇ ਦੋਸ਼
ਰੋਹਿਤ ਗੁਪਤਾ
ਗੁਰਦਾਸਪੁਰ 2 July : ਪੰਜਗਰਾਈਆਂ ਦੇ ਬੰਬੋਈ ਅੱਡਾ ਦੀ ਰਹਿਣ ਵਾਲੀ ਗਰਭਵਤੀ ਨੌਜਵਾਨ ਵਿਆਹੁਤਾ ਰੂਬੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਇਹ ਖੁਦਕੁਸ਼ੀ ਨਹੀਂ, ਸਗੋਂ ਕਤਲ ਦਾ ਮਾਮਲਾ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਫੋਨ ਕਰਕੇ ਦੱਸਿਆ ਗਿਆ ਕਿ ਰੂਬੀ ਨੂੰ ਹਾਰਟ ਅਟੈਕ ਆਇਆ ਹੈ, ਪਰ ਬਾਅਦ ਵਿੱਚ ਫਾਹਾ ਲਗਾਉਣ ਦੀ ਗੱਲ ਕਹੀ ਗਈ। ਇਸ ਕਾਰਨ ਪਰਿਵਾਰ ਨੂੰ ਮਾਮਲਾ ਸ਼ੱਕੀ ਲੱਗ ਰਿਹਾ ਹੈ।
ਪਿੰਡ ਦੇ ਸਰਪੰਚ ਨੇ ਵੀ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਹ ਸੂਚਨਾ ਮਿਲੀ ਸੀ ਕਿ ਲੜਕੀ ਨੇ ਫਾਹਾ ਲਗਾ ਲਿਆ ਹੈ। ਉੱਧਰ, ਪਰਿਵਾਰ ਦਾ ਕਹਿਣਾ ਹੈ ਕਿ ਸੱਚਾਈ ਸਾਹਮਣੇ ਲਿਆਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਲਾਜ਼ਮੀ ਹੈ।
ਮਾਮਲੇ ਦੀ ਜਾਂਚ ਥਾਣਾ ਰੰਗੜ ਨੰਗਲ ਚੌਕੀ ਪੰਜਗਰਾਈਆਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਐੱਸਐੱਚਓ ਹਰਮੀਤ ਸਿੰਘ ਨੇ ਕਿਹਾ ਕਿ ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪਰਿਵਾਰ ਵੱਲੋਂ ਕਤਲ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਜਾਂਚ ਜਾਰੀ ਹੈ ਅਤੇ ਕਿਸੇ ਵੀ ਨਤੀਜੇ 'ਤੇ ਪਹੁੰਚਣ ਤੋਂ ਪਹਿਲਾਂ ਜਾਂਚ ਪੂਰੀ ਹੋਣੀ ਬਾਕੀ ਹੈ।
- Download Babushahi App
-
-