ਭਾਜਪਾ ਵੱਲੋਂ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ 'ਚ ਪਾਵਰ ਗਰਿੱਡ ਦੇ ਬਾਹਰ ਰੋਸ ਪ੍ਰਦਰਸ਼ਨ
ਬਿਜਲੀ ਸਪਲਾਈ ਵਿੱਚ ਸੁਧਾਰ ਨਾ ਹੋਇਆ ਤਾਂ ਹੋਵੇਗਾ ਵੱਡਾ ਜਨ ਅੰਦੋਲਨ
ਅਸ਼ੋਕ ਵਰਮਾ
ਬਠਿੰਡਾ, 2 ਜੁਲਾਈ 2026 : ਭਾਰਤੀ ਜਨਤਾ ਪਾਰਟੀ ਦੇ ਸੂਬਾ ਪੱਧਰੀ ਸੱਦੇ ਤਹਿਤ ਭਾਜਪਾ ਸ਼ਹਿਰੀ ਜ਼ਿਲ੍ਹਾ ਬਠਿੰਡਾ ਵੱਲੋਂ ਮੰਗਲਵਾਰ ਨੂੰ ਅਣਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹਨੂੰਮਾਨ ਚੌਕ ਨੇੜੇ ਸਥਿਤ ਪਾਵਰ ਗ੍ਰਿਡ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਿਜਲੀ ਪ੍ਰਬੰਧ ਵਿੱਚ ਤੁਰੰਤ ਸੁਧਾਰ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਝੂਠੇ ਵਾਅਦਿਆਂ ਦੇ ਸਹਾਰੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਨਾਕਾਮ ਸਾਬਤ ਹੋਈ ਹੈ। ਭਿਆਨਕ ਗਰਮੀ ਦੇ ਇਸ ਦੌਰ ਵਿੱਚ ਆਮ ਲੋਕਾਂ ਨੂੰ ਘੰਟਿਆਂ ਤੱਕ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਛੇ-ਛੇ ਘੰਟਿਆਂ ਦੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਦਕਿ ਲੋਕਾਂ ਨਾਲ ਨਿਰਵਿਘਨ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਗਿਆ ਸੀ।ਸਿੰਗਲਾ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਸਮੇਂ ਝੋਨੇ ਦੀ ਫ਼ਸਲ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ। ਇਸ ਦੇ ਬਾਵਜੂਦ ਕਿਸਾਨਾਂ ਨੂੰ ਨਾ ਤਾਂ ਲੋੜੀਂਦਾ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ ਨਾ ਹੀ ਵਾਅਦੇ ਅਨੁਸਾਰ ਅੱਠ ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੁਸ਼ਕਿਲ ਨਾਲ ਇੱਕ-ਦੋ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਖੇਤਾਂ ਵਿੱਚ ਝੋਨੇ ਦੀ ਫ਼ਸਲ ਸੁੱਕਣ ਲੱਗ ਪਈ ਹੈ।
ਉਹਨਾਂ ਕਿਹਾ ਕਿ ਕਈ ਕਿਸਾਨ ਮਜਬੂਰੀ ਵੱਸ ਆਪਣੀ ਫ਼ਸਲ 'ਤੇ ਹਲ ਚਲਾਉਣ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਕਿਸਾਨ ਨਿਰਾਸ਼ ਅਤੇ ਪ੍ਰੇਸ਼ਾਨ ਹੈ, ਪਰ ਸਰਕਾਰ ਨੂੰ ਉਸ ਦੀ ਕੋਈ ਚਿੰਤਾ ਨਹੀਂ।
ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਦੋਸ਼ ਲਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਰਾਜ ਸਰਕਾਰ ਨੇ ਬਿਜਲੀ ਉਤਪਾਦਨ ਵਧਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਅਤੇ ਨਾ ਹੀ ਬਿਜਲੀ ਉਤਪਾਦਨ ਦੀ ਇੱਕ ਵੀ ਨਵੀਂ ਯੂਨਿਟ ਸ਼ੁਰੂ ਕੀਤੀ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਿਰਫ਼ ਦਿਖਾਵਟੀ ਰਾਜਨੀਤੀ ਅਤੇ ਪ੍ਰਚਾਰ ਵਿੱਚ ਰੁੱਝੀ ਹੋਈ ਹੈ।
ਸਿੰਗਲਾ ਨੇ ਕਿਹਾ ਕਿ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਆਮ ਨਾਗਰਿਕ ਸਮੇਤ ਸਮਾਜ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ। ਸੂਬੇ ਵਿੱਚ ਵਿਕਾਸ ਕਾਰਜ ਠੱਪ ਪਏ ਹਨ ਅਤੇ ਕਿਤੇ ਵੀ ਵਿਕਾਸ ਦੀ ਰਫ਼ਤਾਰ ਨਜ਼ਰ ਨਹੀਂ ਆ ਰਹੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹਕੀਕਤ ਨੂੰ ਸਵੀਕਾਰ ਕਰਦਿਆਂ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਵੇ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਲਈ ਸੰਘਰਸ਼ ਕਰਦੀ ਆਈ ਹੈ। ਬਿਜਲੀ ਸੰਕਟ ਦੇ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਵੀ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਬਿਜਲੀ ਸਪਲਾਈ ਪ੍ਰਣਾਲੀ ਵਿੱਚ ਸੁਧਾਰ ਨਾ ਕੀਤਾ ਅਤੇ ਕਿਸਾਨਾਂ ਤੇ ਆਮ ਲੋਕਾਂ ਨੂੰ ਰਾਹਤ ਨਾ ਦਿੱਤੀ ਤਾਂ ਭਾਜਪਾ ਸਾਰੇ ਪੰਜਾਬ ਵਿੱਚ ਇਸ ਤੋਂ ਵੀ ਵੱਡਾ ਜਨ ਅੰਦੋਲਨ ਸ਼ੁਰੂ ਕਰੇਗੀ।
- Download Babushahi App
-
-