ਖੰਨਾ ਪੁਲਿਸ ਦਾ ਐਕਸ਼ਨ ਮੋਡ: ਬੁਲੇਟ ਮੋਟਰਸਾਈਕਲਾਂ ਦੇ 150 ਗੈਰ-ਕਾਨੂੰਨੀ ਸਾਈਲੈਂਸਰਾਂ 'ਤੇ ਚਲਾਇਆ ਬੁਲਡੋਜ਼ਰ
Ravinder Singh
ਖੰਨਾ, 3 ਜੁਲਾਈ (2026): ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ, ਆਵਾਜ਼ ਪ੍ਰਦੂਸ਼ਣ 'ਤੇ ਮੁਕੰਮਲ ਰੋਕ ਲਗਾਉਣ ਅਤੇ ਆਮ ਲੋਕਾਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਦੇ ਮਕਸਦ ਨਾਲ ਖੰਨਾ ਪੁਲਿਸ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ (ਆਈ.ਪੀ.ਐਸ.) ਦੀ ਅਗਵਾਈ ਹੇਠ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਬੁਲੇਟ ਮੋਟਰਸਾਈਕਲਾਂ 'ਤੇ ਗੈਰ-ਕਾਨੂੰਨੀ ਸਾਈਲੈਂਸਰ ਲਗਾ ਕੇ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਸ ਮੁਹਿੰਮ ਤਹਿਤ ਜਿੱਥੇ ਪੂਰੇ ਜ਼ਿਲ੍ਹੇ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਂਕੜੇ ਵਾਹਨਾਂ ਦੇ ਚਲਾਨ ਕੱਟੇ ਗਏ, ਉੱਥੇ ਹੀ ਕਰੀਬ 150 ਗੈਰ-ਕਾਨੂੰਨੀ ਸਾਈਲੈਂਸਰ ਜ਼ਬਤ ਕਰਕੇ ਅੱਜ ਖੰਨਾ ਦੇ ਅਮਲੋਹ ਚੌਂਕ ਵਿੱਚ ਲੋਕਾਂ ਦੇ ਸਾਹਮਣੇ ਉਨ੍ਹਾਂ 'ਤੇ ਬੁਲਡੋਜ਼ਰ ਚਲਾ ਕੇ ਉਨ੍ਹਾਂ ਨੂੰ ਨਸ਼ਟ ਕੀਤਾ ਗਿਆ। ਇਸ ਕਾਰਵਾਈ ਰਾਹੀਂ ਪੁਲਿਸ ਨੇ ਪੂਰੇ ਸਮਾਜ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਜਨਤਕ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਪੁਲਿਸ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਬੁਲੇਟ ਮੋਟਰਸਾਈਕਲਾਂ ਦੀ ਉੱਚੀ ਆਵਾਜ਼ ਅਤੇ ਪਟਾਕਿਆਂ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਬਾਜ਼ਾਰਾਂ ਵਿੱਚ ਖਰੀਦਦਾਰੀ ਕਰਨ ਵਾਲੀਆਂ ਔਰਤਾਂ, ਬਜ਼ੁਰਗਾਂ, ਦਿਲ ਦੇ ਮਰੀਜ਼ਾਂ, ਛੋਟੇ ਬੱਚਿਆਂ ਅਤੇ ਸਕੂਲ-ਕਾਲਜਾਂ ਦੇ ਨੇੜੇ ਇਹ ਹਰਕਤਾਂ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਸਨ। ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਧਿਆਨ ਵਿੱਚ ਰੱਖਦਿਆਂ ਹੀ ਟਰੈਫਿਕ ਪੁਲਿਸ ਨੂੰ ਇਹ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਅੱਜ ਜਨਤਕ ਤੌਰ 'ਤੇ ਸਾਈਲੈਂਸਰ ਨਸ਼ਟ ਕਰਕੇ ਇਹ ਚੇਤਾਵਨੀ ਦਿੱਤੀ ਗਈ ਹੈ ਕਿ ਅਜਿਹੀ ਹੂਲੜਬਾਜ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੁਹਿੰਮ ਦੇ ਅਗਲੇ ਪੜਾਅ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਸਪੱਸ਼ਟ ਕੀਤਾ ਕਿ ਹੁਣ ਉਨ੍ਹਾਂ ਵਰਕਸ਼ਾਪਾਂ, ਗੈਰਾਜਾਂ ਅਤੇ ਮਕੈਨਿਕਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜੋ ਵਾਹਨਾਂ 'ਤੇ ਗੈਰ-ਕਾਨੂੰਨੀ ਸਾਈਲੈਂਸਰ ਲਗਾਉਂਦੇ ਜਾਂ ਮੋਡੀਫਿਕੇਸ਼ਨ ਕਰਦੇ ਹਨ। ਅਜਿਹੇ ਲੋਕਾਂ ਖ਼ਿਲਾਫ਼ ਮੁਕੱਦਮੇ ਵੀ ਦਰਜ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਨਾਬਾਲਗ ਅਜਿਹੀ ਉਲੰਘਣਾ ਕਰਦਾ ਫੜਿਆ ਗਿਆ, ਤਾਂ ਕਾਨੂੰਨ ਅਨੁਸਾਰ ਉਸਦੇ ਮਾਪਿਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਸ਼ਹਿਰ ਵਾਸੀਆਂ ਵੱਲੋਂ ਖੰਨਾ ਪੁਲਿਸ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਲੋਕਾਂ ਦਾ ਮੰਨਣਾ ਹੈ ਕਿ ਇਸ ਸਖ਼ਤ ਕਾਰਵਾਈ ਨਾਲ ਨਾ ਸਿਰਫ਼ ਕਾਨੂੰਨ ਦਾ ਡਰ ਪੈਦਾ ਹੋਵੇਗਾ, ਸਗੋਂ ਨੌਜਵਾਨਾਂ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਜਾਗਰੂਕਤਾ ਵੀ ਵਧੇਗੀ। ਇਸ ਮੌਕੇ ਡੀ.ਐਸ.ਪੀ. ਟਰੈਫਿਕ ਕਰਮਵੀਰ ਸਿੰਘ ਤੂਰ, ਟਰੈਫਿਕ ਇੰਚਾਰਜ ਕੁਲਜੀਤ ਸਿੰਘ ਸਮੇਤ ਟਰੈਫਿਕ ਪੁਲਿਸ ਦੇ ਹੋਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਹੋਈ ਇਹ ਕਾਰਵਾਈ ਸਪੱਸ਼ਟ ਕਰਦੀ ਹੈ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਸੁੱਖ-ਸੁਵਿਧਾ ਪੁਲਿਸ ਪ੍ਰਸ਼ਾਸਨ ਦੀ ਸਭ ਤੋਂ ਪਹਿਲੀ ਤਰਜੀਹ ਹੈ।
- Download Babushahi App
-
-