ਸਿਹਤ ਵਿਭਾਗ ਬਠਿੰਡਾ ਨੇ ਨੈਸ਼ਨਲ ਟੀ.ਬੀ ਅਲੀਮੀਨੇਸ਼ਨ ਮੁਹਿੰਮ ਤਹਿਤ ਕੈਂਪ ਲਾਇਆ
ਅਸ਼ੋਕ ਵਰਮਾ
ਬਠਿੰਡਾ, 3 ਜੁਲਾਈ 2026 :ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ ਰੋਜੀ ਅਗਰਵਾਲ ਦੀ ਅਗਵਾਈ ਹੇਠ ਨੈਸ਼ਨਲ ਟੀ.ਬੀ ਅਲੀਮੀਨੇਸ਼ਨ ਪ੍ਰੋਗਰਾਮ ਅਧੀਨ ਚੱਲ ਰਹੀ 100 ਦਿਨਾਂ ਮੁਹਿੰਮ ਤਹਿਤ ਸਥਾਨਿਕ ਸਰਕਾਰੀ ਪ੍ਰਇਮਰੀ ਸਕੂਲ ਹਾਜੀਰਤਨ ਵਿਖੇ ਅੱਜ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਮੁੱਖ ਉਦੇਸ਼ ਟੀ.ਬੀ ਬਿਮਾਰੀ ਦੀ ਸਮੇਂ ਸਿਰ ਪਹਿਚਾਣ, ਮੁਫ਼ਤ ਜਾਂਚ ਅਤੇ ਇਲਾਜ ਦੇ ਨਾਲ ਨਾਲ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਾ ਹੈ ।ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਨੈਸ਼ਨਲ ਟੀ.ਬੀ ਅਲੀਮੀਨੇਸ਼ਨ ਪ੍ਰੋਗਰਾਮ ਅਧੀਨ ਚੱਲ ਰਹੀ 100 ਦਿਨਾਂ ਮੁਹਿੰਮ ਦਾ ਮੁੱਖ ਉਦੇਸ਼ ਟੀ.ਬੀ ਬਿਮਾਰੀ ਦੀ ਸਮੇਂ ਸਿਰ ਪਛਾਣ ਅਤੇ ਪੂਰਾ ਇਲਾਜ ਯਕੀਨੀ ਬਣਾਉਣਾ ਹੈ।
ਇਸ ਮੌਕੇ ਡਾ ਕਪਿਲ ਮਿੱਤਲ ਅਤੇ ਡਾ ਮੰਜੂ ਬਾਲਾ ਨੇ ਸਥਾਨਿਕ ਸਰਕਾਰੀ ਪ੍ਰਇਮਰੀ ਸਕੂਲ ਹਾਜੀਰਤਨ ਦੇ ਵਿਦਿਆਰਥੀਆ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਟੀ.ਬੀ ਸਬੰਧੀ ਸਿਹਤ ਵਿਭਾਗ ਵੱਲੋਂ ਘਰ-ਘਰ ਸਕ੍ਰੀਨਿੰਗ, ਵਿਸ਼ੇਸ਼ ਕੈਂਪਾਂ ਦਾ ਆਯੋਜਨ ਅਤੇ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ, ਤਾਂ ਜੋ ਟੀ.ਬੀ ਦੇ ਹਰ ਮਰੀਜ਼ ਦੀ ਪਛਾਣ ਕਰਕੇ ਉਸਨੂੰ ਤੁਰੰਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਟੀ.ਬੀ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ ਅਤੇ ਇਲਾਜ ਅਧੂਰਾ ਨਾ ਛੱਡਿਆ ਜਾਵੇ। ਉਹਨਾਂ ਦੱਸਿਆ ਕਿ ਟੀ.ਬੀ ਦਾ ਪੂਰਾ ਇਲਾਜ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਪੋਸ਼ਣ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ 100 ਦਿਨਾਂ ਮੁਹਿੰਮ ਤਹਿਤ ਸ਼ੱਕੀ ਮਰੀਜ਼ਾਂ ਦੀ ਵੱਧ ਤੋਂ ਵੱਧ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਡਰਨ ਟੈਸਟਿੰਗ ਸਹੂਲਤਾਂ ਰਾਹੀਂ ਟੀ.ਬੀ ਦੀ ਪੁਸ਼ਟੀ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਟੀ.ਬੀ ਇੱਕ ਠੀਕ ਹੋਣ ਵਾਲੀ ਬਿਮਾਰੀ ਹੈ ਅਤੇ ਸਮੇਂ ਸਿਰ ਇਲਾਜ ਨਾਲ ਇਸ ਤੋਂ ਪੂਰੀ ਤਰ੍ਹਾਂ ਮੁਕਤੀ ਹਾਸਲ ਕੀਤੀ ਜਾ ਸਕਦੀ ਹੈ।
- Download Babushahi App
-
-