ਮਿਸਲ ਸਤਲੁਜ ਪਾਰਟੀ ਵੱਲੋਂ ਰੇਲਵੇ ਟਰੈਕ ਤੇ ਧਰਨਾ
ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਲੀ ਸੂਚੀ ਖਤਮ ਹੋਣ ਸੰਘਰਸ਼ ਜਾਰੀ ਰਹੇਗਾ: ਅਜੇਪਾਲ ਸਿੰਘ ਬਰਾੜ
ਫ਼ਤਹਿਗੜ੍ਹ ਸਾਹਿਬ 4 ਜੁਲਾਈ,
ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਮਾਧੋਪੁਰ ਰੇਲਵੇ ਟਰੈਕ 'ਤੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਭਾਰਤ ਅਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਅਤੇ ਸਿੱਖਾਂ ਨਾਲ ਸਬੰਧਤ ਕਾਲੀ ਸੂਚੀ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਵਿਸ਼ਾਲ ਧਰਨਾ ਦਿੱਤਾ ਗਿਆ।
ਇਸ ਧਰਨੇ ਵਿੱਚ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ, ਮਹਿਲਾ ਵਿੰਗ ਦੀ ਪ੍ਰਧਾਨ ਅਤੇ ਸਨੌਰ ਹਲਕੇ ਦੀ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ, ਪਟਿਆਲਾ ਦਿਹਾਤੀ ਤੋਂ ਉਮੀਦਵਾਰ ਮਨਜੀਤ ਸਿੰਘ ਚਾਹਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਅਮਰਿੰਦਰ ਸਿੰਘ ਤੁੜ ਕੌਮੀ ਕਨਵੀਨਰ ਪੂਰਾ ਪੰਜਾਬ ਲਹਿਰ,ਯੂਥ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਹਰਜੀਤ ਸਿੰਘ ਖਿਜਰਾਬਾਦ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪੰਥਕ ਆਗੂਆਂ ਨੇ ਸ਼ਮੂਲੀਅਤ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਸਿਰਫ਼ ਸਿੱਖ ਕੌਮ ਦਾ ਨਹੀਂ, ਸਗੋਂ ਭਾਰਤ ਦੇ ਸੰਵਿਧਾਨ, ਨਿਆਂ ਪ੍ਰਣਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਭਰੋਸੇਯੋਗਤਾ ਨਾਲ ਜੁੜਿਆ ਹੋਇਆ ਸਵਾਲ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਅਜੇ ਵੀ ਜੇਲ੍ਹਾਂ ਵਿੱਚ ਰੱਖਣਾ ਇਨਸਾਫ਼ ਨਹੀਂ, ਸਗੋਂ ਕਾਨੂੰਨ ਦਾ ਘਾਣ ਹੈ।
ਉਨ੍ਹਾਂ ਕਿਹਾ, "ਜੇਕਰ ਦੇਸ਼ ਵਿੱਚ ਕਾਨੂੰਨ ਸਭ ਲਈ ਇੱਕੋ ਜਿਹਾ ਹੈ ਤਾਂ ਸਜ਼ਾ ਪੂਰੀ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ? ਇਹ ਦੋਹਰੇ ਮਾਪਦੰਡ ਲੋਕਤੰਤਰ ਅਤੇ ਸੰਵਿਧਾਨਕ ਕਦਰਾਂ-ਕੀਮਤਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।"
ਸਰਦਾਰ ਬਰਾੜ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਜਾਇਜ਼ ਅਤੇ ਸੰਵਿਧਾਨਕ ਮੰਗਾਂ ਨੂੰ ਹੋਰ ਲੰਬੇ ਸਮੇਂ ਤੱਕ ਅਣਡਿੱਠਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਲੀ ਸੂਚੀ ਦੇ ਪੂਰਨ ਖਾਤਮੇ ਤੱਕ ਮਿਸਲ ਸਤਲੁਜ ਹਰ ਲੋਕਤੰਤਰੀ ਅਤੇ ਸੰਵਿਧਾਨਕ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਉਂਦੀ ਰਹੇਗੀ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਕੌਮੀ ਇਨਸਾਫ਼ ਮੋਰਚੇ ਵੱਲੋਂ ਚਲਾਏ ਜਾ ਰਹੇ ਹਰ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ ਅਤੇ ਇਨਸਾਫ਼ ਦੀ ਇਸ ਲੜਾਈ ਨੂੰ ਅੰਤਿਮ ਮੰਜ਼ਿਲ ਤੱਕ ਪਹੁੰਚਾਉਣ ਲਈ ਆਪਣਾ ਪੂਰਾ ਯੋਗਦਾਨ ਦਿੰਦੀ ਰਹੇਗੀ
- Download Babushahi App
-
-