ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਸਮੁੱਚੇ ਪੰਥ ਨੂੰ ਇਕੱਠਾ ਹੋਣ ਦਾ ਸੱਦਾ, ਮੰਜੀ ਸਾਹਿਬ 'ਚ ਪੰਥਕ ਇਕੱਠ ਸ਼ੁਰੂ
ਸਾਰੇ ਸਿੱਖ ਆਪਣੇ ਮਤਭੇਦ ਭੁਲਾ।ਕੇ ਅਕਾਲ ਤਖ਼ਤ ਦੀ ਛਤਰ ਛਾਇਆ ਹੇਠਾਂ ਹੋਣ ਇਕੱਠੇ' —ਬਾਬਾ ਨਿਹਾਲ ਸਿੰਘ
ਕੁਲਵਿੰਦਰ ਸਿੰਘ
ਅੰਮ੍ਰਿਤਸਰ 5 July 2026 :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੱਦੇ ਗਏ ਪੰਥਕ ਇਕੱਠ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸੰਤ-ਮਹਾਂਪੁਰਸ਼, ਪੰਥਕ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚਣ ਲੱਗੀਆਂ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਹੰਗ ਸਿੰਘ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਅਤੇ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਏਕਤਾ ਅਤੇ ਗੁਰੂ ਘਰ ਦੀ ਮਰਯਾਦਾ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਨਿਹੰਗ ਸਿੰਘ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਖਾਲਸਾ ਪੰਥ ਦੀ ਸ਼ਾਨ ਅਤੇ ਸਰਵਉੱਚ ਸੰਸਥਾ ਹੈ। ਉਨ੍ਹਾਂ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਸਾਰੇ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਣ, ਕਿਉਂਕਿ ਪੰਥ ਦੇ ਸਾਰੇ ਮਸਲਿਆਂ ਦਾ ਹੱਲ ਵੀ ਇੱਥੋਂ ਹੀ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ ਅਤੇ ਇਹ ਦਿਹਾੜਾ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਵਧਾਈ ਦਾ ਮੌਕਾ ਹੈ। ਉਧਰ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਅੱਜ ਹੋ ਰਹੀ ਸਮੁੱਚੀ ਚਰਚਾ ਅਤੇ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਅਤੇ ਸਤਿਕਾਰ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਰਹੇ ਅਤੇ ਗੁਰੂ ਸਾਹਿਬ ਦੇ ਦਿੱਤੇ ਸੰਦੇਸ਼ ਅਨੁਸਾਰ ਜੀਵਨ ਬਤੀਤ ਕਰੇ। ਗਰੇਵਾਲ ਨੇ ਕਿਹਾ ਕਿ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸੰਤ-ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਇਕੱਠ ਪੰਥਕ ਏਕਤਾ ਅਤੇ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਣ ਦੀ ਇਤਿਹਾਸਕ ਤਸਵੀਰ ਪੇਸ਼ ਕਰ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਗਿਆ ਹਰ ਹੁਕਮ ਸਿੱਖ ਪੰਥ ਲਈ ਅਟੱਲ ਹੁੰਦਾ ਹੈ ਅਤੇ ਸਮੇਂ-ਸਮੇਂ 'ਤੇ ਇਸ ਦੀ ਮਹੱਤਤਾ ਸਾਬਤ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਹੰਕਾਰ ਅਤੇ ਸੱਤਾ ਸਦਾ ਕਾਇਮ ਨਹੀਂ ਰਹਿੰਦੇ, ਪਰ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਉਸ ਦਾ ਫ਼ੈਸਲਾ ਹਮੇਸ਼ਾ ਸਰਵਉੱਚ ਰਹਿੰਦਾ ਹੈ।
ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਸੰਬੋਧਨ ਦੌਰਾਨ ਹਾਲੀਆ ਘਟਨਾਵਾਂ ਦਾ ਵੀ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦਾ ਵਿਰੋਧ ਕੀਤਾ ਸੀ, ਉਹ ਵੀ ਬਾਅਦ ਵਿੱਚ ਆਪਣੀ ਗਲਤੀ ਮੰਨਣ ਲਈ ਮਜਬੂਰ ਹੋਏ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਵਿਸ਼ਾਲ ਇਕੱਠ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋ ਕੇ ਪੰਥਕ ਏਕਤਾ ਦਾ ਸੰਦੇਸ਼ ਦੇ ਰਿਹਾ ਹੈ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਇੱਕ ਅਹਿਮ ਘਟਨਾ ਵਜੋਂ ਦਰਜ ਹੋਵੇਗਾ।
- Download Babushahi App
-
-