ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 7 ਜੁਲਾਈ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 28 ਜੁਲਾਈ ਨੂੰ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿਖੇ ਮਨਾਏ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਸਮਾਗਮ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਟੀਮ ਨਾਲ ਇੱਕ ਉੱਚ ਪੱਧਰੀ ਵਿਸ਼ੇਸ਼ ਮੀਟਿੰਗ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਦਿਲੀ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਸੀਨੀਅਰ ਆਗੂਆਂ ਤੇ ਮੈਂਬਰ ਵੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਮਾਗਮ ਦੀ ਹਰ ਛੋਟੀ-ਵੱਡੀ ਤਿਆਰੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸੰਗਤਾਂ ਅਤੇ ਪਾਰਟੀ ਵਰਕਰਾਂ ਦੀ ਆਮਦ, ਬੈਠਕ ਪ੍ਰਬੰਧ, ਸਟੇਜ ਦੀ ਰੂਪ-ਰੇਖਾ, ਸੁਰੱਖਿਆ, ਆਵਾਜਾਈ, ਪਾਰਕਿੰਗ, ਸੇਵਾਦਾਰਾਂ ਦੀਆਂ ਡਿਊਟੀਆਂ ਅਤੇ ਹੋਰ ਸਾਰੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਸਬੰਧਤ ਟੀਮਾਂ ਨੂੰ ਲੋੜੀਂਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਇੱਕ ਸਥਾਪਨਾ ਦਿਵਸ ਦਾ ਜਸ਼ਨ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਥਕ ਸਿਧਾਂਤਾਂ, ਲੋਕ ਸੇਵਾ, ਕੌਮੀ ਏਕਤਾ ਅਤੇ ਸਿੱਖ ਕੌਮ ਦੇ ਹੱਕਾਂ ਪ੍ਰਤੀ ਪਾਰਟੀ ਦੀ ਅਟੁੱਟ ਵਚਨਬੱਧਤਾ ਦਾ ਵਿਸ਼ਾਲ ਪ੍ਰਗਟਾਵਾ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵਰਕਰ ਇਸ ਸਮਾਗਮ ਨੂੰ ਹਰ ਪੱਖੋਂ ਸਫ਼ਲ ਬਣਾਉਣ ਲਈ ਪੂਰੀ ਸਮਰਪਿਤ ਭਾਵਨਾ ਨਾਲ ਦਿਨ-ਰਾਤ ਕੰਮ ਕਰ ਰਹੇ ਹਨ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 28 ਜੁਲਾਈ ਦਾ ਇਹ ਵਿਸ਼ੇਸ਼ ਸਮਾਗਮ ਦਿੱਲੀ ਦੇ ਪੰਥਕ ਅਤੇ ਰਾਜਨੀਤਿਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਲਿਖੇਗਾ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਲੋਕਾਂ ਵਿੱਚ ਵਧਦਾ ਮਾਣ-ਸਨਮਾਨ, ਏਕਤਾ ਅਤੇ ਜਥੇਬੰਦਕ ਸ਼ਕਤੀ ਦਾ ਸ਼ਾਨਦਾਰ ਪ੍ਰਤੀਕ ਬਣੇਗਾ।
ਸਰਦਾਰ ਕਾਲਕਾ ਨੇ ਸਮੂਹ ਸਿੱਖ ਸੰਗਤਾਂ, ਪੰਥਕ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਸਮਾਗਮ ਦਾ ਹਿੱਸਾ ਬਣਨ ਅਤੇ ਪੰਥਕ ਏਕਤਾ, ਸੇਵਾ ਅਤੇ ਸੰਕਲਪ ਦੇ ਇਸ ਵਿਸ਼ੇਸ਼ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ।
- Download Babushahi App
-
-