ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਚੰਡੀਗੜ੍ਹ/ਅੰਮ੍ਰਿਤਸਰ, 08 ਜੁਲਾਈ 2026- ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਦਾਇਰ ਕੀਤੀ ਗਈ ਅਗਾਂਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ ਇਸ ਪੂਰੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਸਟੇਟਸ ਰਿਪੋਰਟ ਤਲਬ ਕੀਤੀ ਹੈ।
ਅੱਜ ਹੋਈ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਜਾਂਚ ਦੀ ਮੌਜੂਦਾ ਸਥਿਤੀ ਸਬੰਧੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇ। ਹਾਈਕੋਰਟ ਨੇ ਇਸ ਕੇਸ ਦੀ ਅਗਲੀ ਸੁਣਵਾਈ 6 ਅਗਸਤ ਤੈਅ ਕੀਤੀ ਹੈ ਅਤੇ ਸਰਕਾਰ ਨੂੰ ਇਸੇ ਤਾਰੀਖ਼ ਤੱਕ ਆਪਣੀ ਜਵਾਬੀ ਰਿਪੋਰਟ ਦਾਇਰ ਕਰਨੀ ਹੋਵੇਗੀ।
ਇਹ ਸਾਰਾ ਵਿਵਾਦ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 45 ਸਾਲਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਜੁੜਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਗਗਨਦੀਪ ਸਿੰਘ ਨੇ ਬੀਤੀ 21 ਮਾਰਚ ਨੂੰ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ 'ਤੇ ਖ਼ੁਦਕੁਸ਼ੀ ਕਰ ਲਈ ਸੀ।
ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਪਹਿਲਾਂ ਹੀ ਹੋ ਚੁੱਕੀ ਹੈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ 'ਤੇ ਵੀ ਕਾਨੂੰਨੀ ਸ਼ਿਕੰਜਾ ਪੂਰੀ ਤਰ੍ਹਾਂ ਕੱਸਦਾ ਨਜ਼ਰ ਆ ਰਿਹਾ ਹੈ। ਗ੍ਰਿਫ਼ਤਾਰੀ ਦੇ ਡਰੋਂ ਸੁਖਦੇਵ ਸਿੰਘ ਭੁੱਲਰ ਨੇ ਹਾਈਕੋਰਟ ਦਾ ਰੁਖ਼ ਕਰਦਿਆਂ ਅਗਾਂਊਂ ਜ਼ਮਾਨਤ (Anticipatory Bail) ਦੀ ਗੁਹਾਰ ਲਗਾਈ ਹੈ। ਹੁਣ ਦੇਖਣਾ ਹੋਵੇਗਾ ਕਿ 6 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਤੋਂ ਬਾਅਦ ਅਦਾਲਤ ਕੀ ਫੈਸਲਾ ਸੁਣਾਉਂਦੀ ਹੈ?
- Download Babushahi App
-
-