ਚੰਡੀਗੜ੍ਹ ’ਚ ਕੱਲ੍ਹ ਕਿਸਾਨਾਂ ਦਾ ਵੱਡਾ ਸ਼ਕਤੀ ਪ੍ਰਦਰਸ਼ਨ, ਮੀਂਹ ਦੇ ਬਾਵਜੂਦ BKU ਡਟੀ
ਚੰਡੀਗੜ੍ਹ, 9 ਜੁਲਾਈ 2026- ਚੰਡੀਗੜ੍ਹ ਦੇ ਸੈਕਟਰ-34 ਵਿੱਚ ਭਲਕੇ ਭਾਰਤੀ ਕਿਸਾਨ ਯੂਨੀਅਨ (BKU) ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਮੁੱਖ ਤੌਰ ’ਤੇ ਭਾਰਤ–ਅਮਰੀਕਾ ਟ੍ਰੇਡ ਡੀਲ ਅਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਦੋਵੇਂ ਮੁੱਦੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ।
ਪ੍ਰਦਰਸ਼ਨ ਦੀ ਸ਼ੁਰੂਆਤ ਸਵੇਰੇ ਸੈਕਟਰ-34 ਤੋਂ ਮਟਕਾ ਚੌਂਕ ਤੱਕ ਵਾਹਨਾਂ ਦੇ ਕਾਫ਼ਲੇ ਨਾਲ ਕੀਤੀ ਜਾਵੇਗੀ। ਕਿਸਾਨ ਆਪਣੇ ਵਾਹਨਾਂ ਵਿੱਚ ਸਵਾਰ ਹੋ ਕੇ ਰੋਸ ਮਾਰਚ ਕੱਢਣਗੇ, ਜਿਸ ਤੋਂ ਬਾਅਦ ਸੈਕਟਰ-34 ਦੇ ਗਰਾਊਂਡ ਵਿੱਚ ਲਗਾਏ ਗਏ ਮੁੱਖ ਸਟੇਜ ’ਤੇ ਵੱਡੀ ਰੈਲੀ ਕੀਤੀ ਜਾਵੇਗੀ।

ਲਗਾਤਾਰ ਪੈ ਰਹੇ ਮੀਂਹ ਕਾਰਨ ਤਿਆਰੀਆਂ ਪ੍ਰਭਾਵਿਤ ਹੋਈਆਂ ਹਨ, ਪਰ ਇਸ ਦੇ ਬਾਵਜੂਦ BKU ਦੇ ਆਗੂ ਚੰਦਾ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਦਰਸ਼ਨ ਕਿਸੇ ਵੀ ਹਾਲਤ ਵਿੱਚ ਰੱਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਪਹੁੰਚਣਗੇ ਅਤੇ ਮੀਂਹ ਦੇ ਬਾਵਜੂਦ ਤਿਆਰੀਆਂ ਲਗਾਤਾਰ ਜਾਰੀ ਹਨ।
ਇਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ ਵਿੱਚ ਟ੍ਰੈਫਿਕ ਪ੍ਰਭਾਵਿਤ ਹੋਣ ਦੀ ਵੀ ਸੰਭਾਵਨਾ ਹੈ, ਕਿਉਂਕਿ ਸੈਕਟਰ-34 ਤੋਂ ਮਟਕਾ ਚੌਂਕ ਤੱਕ ਵਾਹਨਾਂ ਦੇ ਕਾਫ਼ਲੇ ਨਾਲ ਰੋਸ ਮਾਰਚ ਕੱਢਿਆ ਜਾਵੇਗਾ।
- Download Babushahi App
-
-