ਬਠਿੰਡਾ ਜ਼ਿਲ੍ਹੇ ਵਿੱਚ ਇਨੁਮੀਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦਾ ਕੰਮ ਜ਼ੋਰਾਂ 'ਤੇ - ਜ਼ਿਲ੍ਹਾ ਚੋਣ ਅਫ਼ਸਰ
ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਬਠਿੰਡਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗੇ ਐਸ.ਆਈ.ਆਰ. ਵਿਸ਼ੇਸ਼ ਕੈਂਪ
ਅਸ਼ੋਕ ਵਰਮਾ
ਬਠਿੰਡਾ, 12 ਜੁਲਾਈ 2026 :ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਇਨੁਮੀਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦਾ ਕੰਮ ਜ਼ੋਰਾਂ 'ਤੇ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਦੂਜੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਇਨੁਮਿਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਗਈ। ਉਹਨਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ। ਉਹਨਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਇਨੁਮੀਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦਾ ਕੰਮ ਕਰਵਾਉਣ ਲਈ ਪੋਲਿੰਗ ਬੂਥਾਂ ਤੇ ਬੀ.ਐਲ.ਓਜ. ਕੋਲ ਪਹੁੰਚ ਰਹੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਦੋਵੇਂ ਦਿਨ ਜ਼ਿਲ੍ਹੇ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਬੀਐਲਓ ਮੌਜੂਦ ਰਹੇ।ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।
- Download Babushahi App
-
-