ਜਥੇਦਾਰ ਕਰਨੈਲ ਸਿੰਘ ਪੰਜੋਲੀ ਵਿਰੁੱਧ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਜ਼ਮੀਨ ਵੇਚਣ ਦੇ ਦੋਸ਼ ਨਿਰਾਧਾਰ ਅਜੇਪਾਲ ਸਿੰਘ ਬਰਾੜ
*ਪੰਥਕ ਆਗੂਆਂ ਦੀ ਕਿਰਦਾਰਕੁਸ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਅਜੇਪਾਲ ਸਿੰਘ ਬਰਾੜ*
ਮੋਹਾਲੀ 16 ਜੁਲਾਈ,2026
*ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਵਿਰੁੱਧ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਜ਼ਮੀਨ ਵੇਚਣ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ, ਮਨਘੜਤ ਅਤੇ ਪੰਥਕ ਆਗੂਆਂ ਦੇ ਪ੍ਰਤੀਬਿੰਬ ਨੂੰ ਢਾਅ ਲਗਾਉਣ ਦੀ ਸੋਚੀ-ਸਮਝੀ ਸਾਜ਼ਿਸ਼ ਹੈ।
ਸਰਦਾਰ ਬਰਾੜ ਨੇ ਕਿਹਾ ਕਿ ਜਥੇਦਾਰ ਕਰਨੈਲ ਸਿੰਘ ਪੰਜੋਲੀ ਲੰਬੇ ਸਮੇਂ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਹਨ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਜਾਂ ਉਸ ਤੋਂ ਬਾਅਦ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਇੱਕ ਇੰਚ ਜ਼ਮੀਨ ਵੀ ਨਹੀਂ ਵੇਚੀ ਗਈ। ਉਨ੍ਹਾਂ ਕਿਹਾ ਕਿ ਝੂਠੇ ਅਤੇ ਮਨਘੜਤ ਦੋਸ਼ ਲਗਾ ਕੇ ਪੰਥ ਦੀ ਸੇਵਾ ਕਰਨ ਵਾਲੇ ਆਗੂਆਂ ਦੀ ਕਿਰਦਾਰਕੁਸ਼ੀ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਪੰਜੋਲੀ ਨੇ 1974 ਤੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿ ਕੇ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੂੰ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚੋਂ ਕੱਢੇ ਜਾਣ ਦੇ ਬਾਵਜੂਦ ਉਨ੍ਹਾਂ ਨੇ ਨਾ ਤਾਂ ਆਪਣੇ ਸਿਧਾਂਤਾਂ ਨਾਲ ਸਮਝੌਤਾ ਕੀਤਾ ਅਤੇ ਨਾ ਹੀ ਕਿਸੇ ਹੋਰ ਰਾਜਨੀਤਿਕ ਪਾਰਟੀ ਦਾ ਪੱਲਾ ਫੜਿਆ, ਉਨ੍ਹਾਂ ਕਿਹਾ ਕਿ ਇਹ ਉਉਨ੍ਹਾਂ ਦੀ ਪੰਥ ਪ੍ਰਤੀ ਨਿਸ਼ਠਾ ਅਤੇ ਵਚਨਬੱਧਤਾ ਦਾ ਸਬੂਤ ਹੈ।
ਸਰਦਾਰ ਬਰਾੜ ਨੇ ਦੋਸ਼ ਲਗਾਇਆ ਕਿ ਅੱਜ ਕੁਝ ਲੋਕ ਸੋਸ਼ਲ ਮੀਡੀਆ ਅਤੇ ਆਈ.ਟੀ. ਸੈੱਲਾਂ ਰਾਹੀਂ ਪੰਥਕ ਸੋਚ ਰੱਖਣ ਵਾਲੇ ਆਗੂਆਂ ਨੂੰ ਬਦਨਾਮ ਕਰਨ ਦੀ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਥ ਲਈ ਆਪਣੀ ਪੂਰੀ ਜ਼ਿੰਦਗੀ ਸਮਰਪਿਤ ਕੀਤੀ, ਉਨ੍ਹਾਂ ਦੇ ਪ੍ਰਤੀਬਿੰਬ ਨੂੰ ਝੂਠੇ ਪ੍ਰਚਾਰ ਨਾਲ ਖ਼ਰਾਬ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੱਚਾਈ ਹਮੇਸ਼ਾ ਝੂਠ 'ਤੇ ਭਾਰੀ ਪੈਂਦੀ ਹੈ।
ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਪੰਜੋਲੀ ਅੱਜ ਵੀ ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਹੱਕਾਂ ਅਤੇ ਸਿੱਖ ਕੌਮ ਦੇ ਸਨਮਾਨ ਲਈ ਡਟ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪੰਥਕ ਆਗੂਆਂ ਨੂੰ ਨਿਸ਼ਾਨਾ ਬਣਾਉਣਾ ਦਰਅਸਲ ਪੰਥਕ ਆਵਾਜ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।
ਇਸ ਮੌਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸਿੱਖ ਪੰਥ ਅਜੇ ਤੱਕ ਆਪਣੇ ਕਾਤਲਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਤੋਂ ਪੂਰੀ ਤਰ੍ਹਾਂ ਤੋੜ-ਵਿਛੋੜਾ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੀਆਂ ਗਲਤੀਆਂ ਮੰਨ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਖਿਮਾ ਯਾਚਨਾ ਕੀਤੀ, ਉਨ੍ਹਾਂ ਦੀ ਸਪਸ਼ਟਤਾ ਦੀ ਸ਼ਲਾਘਾ ਹੋਣੀ ਚਾਹੀਦੀ ਹੈ, ਪਰ ਜਿਨ੍ਹਾਂ ਲੋਕਾਂ ਨੇ ਸਿੱਖਾਂ ਦੇ ਕਾਤਲਾਂ ਦਾ ਪੱਖ ਲਿਆ, ਉਨ੍ਹਾਂ ਦੀ ਜਵਾਬਦੇਹੀ ਵੀ ਯਕੀਨੀ ਬਣਨੀ ਚਾਹੀਦੀ ਹੈ।
ਪੰਜੋਲੀ ਨੇ ਸਵਾਲ ਕੀਤਾ ਕਿ ਸਿੱਖਾਂ ਦੇ ਕਾਤਲ ਪੁਲਿਸ ਅਧਿਕਾਰੀਆਂ ਦਾ ਪੱਖ ਲੈਣ ਵਾਲੇ ਵਕੀਲ ਸਤਿਨਾਮ ਸਿੰਘ ਕਲੇਰ ਅੱਜ ਵੀ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ 'ਤੇ ਕਿਉਂ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਥ ਅਤੇ ਸਿੱਖ ਸੰਸਥਾਵਾਂ ਨੂੰ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਸਿਧਾਂਤਾਂ ਅਨੁਸਾਰ ਫ਼ੈਸਲਾ ਲੈਣਾ ਚਾਹੀਦਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਕਾਰਜਪ੍ਰਣਾਲੀ ਉੱਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਆਮ ਵਿਅਕਤੀ ਦਾ ਇਸ ਦੀ ਨਿਰਪੱਖਤਾ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗੁਰਦਵਾਰਾ ਜੂਡੀਸੀਅਲ ਕਮਿਸ਼ਨ ਦੀ ਕਾਰਗੁਜ਼ਾਰੀ ਨਾਲ ਸਬੰਧਤ ਆਪਣੇ ਕੋਲ ਮੌਜੂਦ ਤੱਥ ਅਤੇ ਸਬੂਤ ਵੀ ਜਲਦੀ ਹੀ ਜਨਤਕ ਕਰਨਗੇ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਝੂਠੇ ਅਤੇ ਭਰਮ ਫੈਲਾਉਣ ਵਾਲੇ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਸੱਚਾਈ ਨੂੰ ਪਰਖਣ ਤੋਂ ਬਾਅਦ ਹੀ ਕਿਸੇ ਨਤੀਜੇ 'ਤੇ ਪਹੁੰਚਣ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਪੰਥਕ ਆਗੂਆਂ ਦੀ ਬੇਵਜ੍ਹਾ ਕਿਰਦਾਰਕੁਸ਼ੀ ਦਾ ਡਟ ਕੇ ਵਿਰੋਧ ਕਰਦੀ ਰਹੇਗੀ ਅਤੇ ਸੱਚਾਈ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ
- Download Babushahi App
-
-