ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਨੂੰ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ
ਖੰਨਾ, ਰਵਿੰਦਰ ਢਿੱਲੋਂ
ਖੰਨਾ ਪੁਲਿਸ ਦੇ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਸ਼ਲਾਘਾਯੋਗ ਕਾਰਗੁਜ਼ਾਰੀ ਲਈ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸਨੂੰ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਦੀ ਯੂਨੀਫਾਰਮ ‘ਤੇ ਡਿਸਕ ਲਗਾ ਕੇ ਰਸਮੀ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਡੀ ਐਸ.ਪੀ ਖੰਨਾ ਵਿਨੋਦ ਕੁਮਾਰ ਵੀ ਮੌਜੂਦ ਰਹੇ।
ਸਨਮਾਨ ਸਮਗਮ ਦੌਰਾਨ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ
ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਬਲ ਵਿੱਚ ਇਸ ਤਰ੍ਹਾਂ ਦੇ ਮਿਹਨਤੀ ਅਤੇ ਜ਼ਿੰਮੇਵਾਰ ਕਰਮਚਾਰੀ ਵਿਭਾਗ ਦੀ ਅਸਲੀ ਤਾਕਤ ਹੁੰਦੇ ਹਨ ਜੋ ਮੁਸ਼ਕਲ ਹਾਲਾਤਾਂ ਵਿੱਚ ਵੀ ਆਪਣੀ ਡਿਊਟੀ ਨੂੰ ਪਹਿਲ ਦਿੰਦੇ ਹਨ। ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਦੀ ਮਿਹਨਤ ਅਤੇ ਸਮਰਪਣ ਹੋਰ ਪੁਲਿਸ ਮੁਲਾਜ਼ਮਾਂ ਲਈ ਵੀ ਪ੍ਰੇਰਣਾ ਸਰੋਤ ਹੈ।
ਡੀ ਐਸ.ਪੀ ਵਿਨੋਦ ਕੁਮਾਰ ਨੇ ਵੀ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਕੰਮ ਕਰਨ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਸਖ਼ਤ ਮਿਹਨਤ ਅਤੇ ਇਮਾਨਦਾਰ ਸੇਵਾਵਾਂ ਨੂੰ ਹਮੇਸ਼ਾ ਸਨਮਾਨਿਤ ਕੀਤਾ ਜਾਂਦਾ ਹੈ।
ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਨੇ ਇਸ ਸਨਮਾਨ ਲਈ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੇਰੇ ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਖੰਨਾ ਪੁਲਿਸ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਨੂੰ ਇਸ ਸਨਮਾਨ ‘ਤੇ ਵਧਾਈਆਂ ਦਿੱਤੀਆਂ।
- Download Babushahi App
-
-