ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਕਰਨੈਲ ਸਿੰਘ ਨਗਰ ਵਿੱਚ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 16 ਜੁਲਾਈ 20 26 :ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਬਠਿੰਡਾ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 27 ਅਧੀਨ ਪੈਂਦੇ ਕਰਨੈਲ ਸਿੰਘ ਨਗਰ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਜੇ.ਈ. ਸ਼੍ਰੀ ਅਮਿਤ ਕੁਮਾਰ, ਸ਼੍ਰੀ ਚਰਨਜੀਤ ਸਿੰਘ ਭੋਲਾ, ਸ਼੍ਰੀ ਬਲਰਾਜ ਸਿੰਘ, ਸ਼੍ਰੀ ਸੁਖਦੇਵ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਦੌਰਾਨ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਿਆਰੀ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦਾ ਅਹਿਮ ਆਧਾਰ ਹੁੰਦੀਆਂ ਹਨ ਅਤੇ ਕਰਨੈਲ ਸਿੰਘ ਨਗਰ ਵਿੱਚ ਪ੍ਰੀਮਿਕਸ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਅਨੁਸਾਰ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ।
ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਬਠਿੰਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਚਲਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਕਿਸੇ ਵੀ ਵਾਰਡ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।
- Download Babushahi App
-
-