ਪੰਜਾਬੀ ਹੈਲਪ ਲਾਈਨ ਦਿੱਲੀ ਵੱਲੋਂ ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਸਨਮਾਨਿਤ
ਨਵੀਂ ਦਿੱਲੀ 18 ਜੁਲਾਈ, 2026
ਪੰਜਾਬੀ ਹੈਲਪ ਲਾਈਨ ਦਿੱਲੀ (ਰਜਿ) ਵੱਲੋਂ ਅੱਜ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਅਤੇ ਸੰਭਾਲ ਲਈ ਕੀਤੇ ਜਾ ਰਹੇ ਵਿਲੱਖਣ ਅਤੇ ਦੂਰਅੰਦੇਸ਼ੀ ਉਪਰਾਲਿਆਂ ਦੇ ਮੱਦੇਨਜ਼ਰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਪੰਜਾਬੀ ਹੈਲਪ ਲਾਈਨ ਵੱਲੋਂ ਦਿੱਲੀ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ, ਵਿਦਿਆਰਥੀਆਂ ਵਿੱਚ ਪੰਜਾਬੀ ਲਿਖਣ-ਪੜ੍ਹਨ ਦੀ ਰੁਚੀ ਵਧਾਉਣ ਅਤੇ ਭਾਸ਼ਾ ਨੂੰ ਰੋਜ਼ਾਨਾ ਜੀਵਨ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸੀ.ਬੀ.ਐੱਸ.ਈ. ਦੀ ਨਵੀਂ ਸਿੱਖਿਆ ਨੀਤੀ ਦੇ ਅਨੁਸਾਰ ਭਾਰਤੀ ਭਾਸ਼ਾਵਾਂ ਦੇ ਪ੍ਰਚਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ 'R2 ਮੁਹਿੰਮ' ਰਾਹੀਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਸਮੂਹ ਸ਼ਾਖਾਵਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਦਾ ਇਤਿਹਾਸਕ ਫ਼ੈਸਲਾ ਕੀਤਾ ਗਿਆ, ਜੋ ਨਾ ਸਿਰਫ਼ ਮਾਂ ਬੋਲੀ ਦੀ ਸੰਭਾਲ ਸਗੋਂ ਨਵੀਂ ਪੀੜ੍ਹੀ ਨੂੰ ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੋੜਨ ਵੱਲ ਇੱਕ ਅਹਿਮ ਉਪਰਾਲਾ ਹੈ।
ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਹੀਂ, ਸਗੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਮੁੱਚੀ ਟੀਮ ਦਾ ਸਨਮਾਨ ਹੈ, ਜੋ ਪੰਜਾਬੀ ਭਾਸ਼ਾ ਦੀ ਤਰੱਕੀ ਅਤੇ ਸਿੱਖਿਆ ਖੇਤਰ ਵਿੱਚ ਇਸ ਦੇ ਮਜ਼ਬੂਤੀਕਰਨ ਲਈ ਲਗਾਤਾਰ ਕਾਰਜਸ਼ੀਲ ਹੈ।
ਉਨ੍ਹਾਂ ਪੰਜਾਬੀ ਹੈਲਪ ਲਾਈਨ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ, ਪੰਜਾਬੀ ਹੈਲਪ ਲਾਈਨ, ਦਿੱਲੀ(ਰਜਿ.) ਵੱਲੋਂ ਦਿੱਤਾ ਗਿਆ ਇਹ ਮਾਣ ਅਤੇ ਸਤਿਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਰ ਵੀ ਸਮਰਪਣ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਂ ਬੋਲੀ ਪੰਜਾਬੀ ਦੇ ਮਾਣ, ਸਨਮਾਨ ਅਤੇ ਵਿਕਾਸ ਲਈ ਭਵਿੱਖ ਵਿੱਚ ਵੀ ਹਰ ਸੰਭਵ ਉਪਰਾਲਾ ਕਰਦੀ ਰਹੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਮਾਂ ਬੋਲੀ, ਸੱਭਿਆਚਾਰ ਅਤੇ ਵਿਰਾਸਤ ਨਾਲ ਮਜ਼ਬੂਤੀ ਨਾਲ ਜੁੜੀਆਂ ਰਹਿਣ।"
- Download Babushahi App
-
-