ਸਕੂਲਾਂ ਵਿੱਚ ਗਾਈਡੈਂਸ ਗਤੀਵਿਧੀਆਂ ਅਤੇ ਨਸ਼ਾ ਮੁਕਤੀ ਮੁਹਿੰਮ ਨੂੰ ਮਿਲਿਆ ਬਲ
ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਅਤੇ ਨਸ਼ਾ ਮੁਕਤ ਸਮਾਜ ਲਈ ਕੀਤਾ ਪ੍ਰੇਰਿਤ
ਬਟਾਲਾ, 19 ਜੁਲਾਈ
ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਅਤੇ ਬਲਾਕ ਕਾਦੀਆਂ-2 ਦੇ ਬਲਾਕ ਗਾਈਡੈਂਸ ਕੌਂਸਲਰ ਸਰਬਜੀਤ ਸਿੰਘ ਚੱਠਾ ਵੱਲੋਂ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਡਿਆਲਾ ਨਜਾਰਾਂ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ, ਲੈਕਚਰਾਰ ਪ੍ਰੇਮ ਸਿੰਘ, ਯਾਦਵਿੰਦਰ ਸਿੰਘ, ਮੇਜਰ ਸਿੰਘ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
ਵਿਜ਼ਿਟ ਦੌਰਾਨ ਸਕੂਲ ਗਾਈਡੈਂਸ ਕੌਂਸਲਰ ਸੁਰਿੰਦਰ ਸਿੰਘ ਅਤੇ ਸ਼੍ਰੀਮਤੀ ਪੂਨਮ ਨੂੰ ਸਕੂਲਾਂ ਵਿੱਚ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਮਾਜਿਕ ਸਦਭਾਵਨਾ ਨਾਲ ਮਨਾਉਣ ਅਤੇ ਨਸ਼ਾ ਮੁਕਤ ਭਾਰਤ ਦੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਕਰਵਾਈਆਂ ਗਈਆਂ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੱਪ ਅਤੇ ਸਰਟੀਫਿਕੇਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ, ਤਾਂ ਜੋ ਹੋਰ ਵਿਦਿਆਰਥੀ ਵੀ ਅਜਿਹੀਆਂ ਸਮਾਜ ਭਲਾਈ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਹੋਣ।
ਇਸ ਮੌਕੇ ਬਲਾਕ ਗਾਈਡੈਂਸ ਕੌਂਸਲਰ ਸਰਬਜੀਤ ਸਿੰਘ ਚੱਠਾ ਨੇ ਕਿਹਾ ਕਿ "ਸਕੂਲਾਂ ਵਿੱਚ ਗਾਈਡੈਂਸ ਅਤੇ ਕਾਊਂਸਲਿੰਗ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦਾ ਇੱਕ ਮਹੱਤਵਪੂਰਨ ਸਾਧਨ ਹਨ। ਜੇਕਰ ਵਿਦਿਆਰਥੀਆਂ ਨੂੰ ਸਮੇਂ ਸਿਰ ਸਹੀ ਮਾਰਗਦਰਸ਼ਨ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਿਆ ਜਾਵੇ ਤਾਂ ਉਹ ਨਾ ਸਿਰਫ਼ ਆਪਣੇ ਕਰੀਅਰ ਵਿੱਚ ਸਫ਼ਲ ਹੋ ਸਕਦੇ ਹਨ, ਸਗੋਂ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰਹਿ ਕੇ ਇੱਕ ਜ਼ਿੰਮੇਵਾਰ ਨਾਗਰਿਕ ਬਣ ਸਕਦੇ ਹਨ।"
ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ "ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਜੀਵਨ ਮੁੱਲਾਂ, ਕਰੀਅਰ ਜਾਗਰੂਕਤਾ ਅਤੇ ਨਸ਼ਾ ਮੁਕਤ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ। ਇਨ੍ਹਾਂ ਆਦਰਸ਼ਾਂ ਨੂੰ ਅਪਣਾ ਕੇ ਹੀ ਅਸੀਂ ਇੱਕ ਨਸ਼ਾ ਮੁਕਤ, ਸਿੱਖਿਅਤ ਅਤੇ ਸੁਚੱਜੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।"
ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਭਰੋਸਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ, ਕਰੀਅਰ ਗਾਈਡੈਂਸ, ਸਮਾਜਿਕ ਜਾਗਰੂਕਤਾ ਅਤੇ ਨਸ਼ਾ ਮੁਕਤੀ ਸਬੰਧੀ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਗਾਤਾਰ ਜਾਰੀ ਰੱਖਣਗੇ।
- Download Babushahi App
-
-