ਲੋਕ ਮਿਲਣੀ ਦੌਰਾਨ ਮੰਤਰੀ ਰਵਜੋਤ ਸਿੰਘ ਨੇ ਜਨੌੜੀ ਨੂੰ 10 ਲੱਖ ਦੀ ਗ੍ਰਾਂਟ ਜਾਰੀ ਕੀਤੀ
5 ਲੱਖ ਰੁਪਏ ਡਾ. ਅੰਬੇਡਕਰ ਭਵਨ ਅਤੇ 5 ਲੱਖ ਕਮਿਊਨਿਟੀ ਹਾਲ ਦੇ ਨਿਰਮਾਣ ’ਤੇ ਖਰਚੇ ਜਾਣਗੇ
ਹੁਸ਼ਿਆਰਪੁਰ/ਹਰਿਆਣਾ, 19 ਜੁਲਾਈ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਪਿੰਡ ਜਨੌੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਕਈ ਮੰਗਾਂ ਦੇ ਹੱਲ ਲਈ ਐਲਾਨ ਕੀਤੇ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਜਿਸ ਵਿਚੋਂ ਮੁਹੱਲਾ ਪੁਰਾਣੀ ਅਬਾਦੀ ਵਿੱਚ ਡਾ. ਬੀ. ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5 ਲੱਖ ਰੁਪਏ ਅਤੇ ਮੁਹੱਲਾ ਨਵੀਂ ਅਬਾਦੀ ਵਿੱਚ ਕਮਿਊਨਿਟੀ ਹਾਲ ਲਈ 5 ਲੱਖ ਰੁਪਏ ਦੀ ਰਾਸ਼ੀ ਖ਼ਰਚੀ ਜਾਵੇਗੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੇ ਵਿਚਾਰ ਸਮਾਜ ਨੂੰ ਬਰਾਬਰੀ, ਸਿੱਖਿਆ ਅਤੇ ਸਵੈ-ਸਨਮਾਨ ਦਾ ਰਾਹ ਦਿਖਾਉਂਦੇ ਹਨ, ਇਸ ਲਈ ਪਿੰਡ ਜਨੌੜੀ ਦੇ ਮੁਹੱਲਾ ਪੁਰਾਣੀ ਅਬਾਦੀ ਵਿੱਚ ਬਣਨ ਵਾਲਾ ਡਾ. ਬੀ. ਆਰ. ਅੰਬੇਡਕਰ ਭਵਨ ਸਮਾਜਿਕ ਅਤੇ ਭਾਈਚਾਰਕ ਗਤੀਵਿਧੀਆਂ ਲਈ ਪਿੰਡ ਵਾਸੀਆਂ ਦੇ ਕੰਮ ਆਵੇਗਾ। ਇਸੇ ਤਰ੍ਹਾਂ ਨਵੀਂ ਅਬਾਦੀ ਵਿੱਚ ਬਣਨ ਵਾਲਾ ਕਮਿਊਨਿਟੀ ਹਾਲ ਲੋਕਾਂ ਨੂੰ ਸਮਾਜਿਕ ਸਮਾਗਮਾਂ ਅਤੇ ਹੋਰ ਭਾਈਚਾਰਕ ਕਾਰਜਾਂ ਲਈ ਸਹੂਲਤ ਪ੍ਰਦਾਨ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਜਿੰਦ ਤਹਿਤ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਖੇਡਾਂ ਅਤੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਜਨੌੜੀ ਦੀਆਂ ਹੋਰ ਮੰਗਾਂ ਨੂੰ ਵੀ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣ ਅਤੇ ਪਿੰਡ ਨੂੰ ਸਾਫ਼-ਸੁਥਰਾ ਅਤੇ ਸਮਾਜਿਕ ਬੁਰਾਈਆਂ ਤੋਂ ਬਣਾਉਣ ਲਈ ਮਿਲ ਕੇ ਯਤਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਦਿਆਂ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਦੀ ਰਹੇਗੀ।
- Download Babushahi App
-
-