ਹਰਸਿਮਰਤ ਦੇ ਹਲਕੇ ਵਿੱਚ ਸ਼ਹਿਰੀ ਪ੍ਰਧਾਨ ਵੱਲੋਂ ਅਸਤੀਫੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ
ਅਸ਼ੋਕ ਵਰਮਾ
ਮਾਨਸਾ, 20 ਜੁਲਾਈ 2026 : ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਹਲਕੇ ਬਠਿੰਡਾ ਨਾਲ ਸੰਬੰਧਿਤ ਹਲਕਾ ਮਾਨਸਾ ਦੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਨੀਸ਼ ਬਾਂਸਲ ਨੇ ਅਸਤੀਫਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਝਟਕਾ ਦਿੱਤਾ ਹੈ। ਹਨੀਸ਼ ਬਾਂਸਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸ਼ਹਿਰੀ ਪ੍ਰਧਾਨਗੀ ਦੇ ਅਹੁਦੇ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਚੱਲ ਰਹੇ ਅੰਦਰੂਨੀ ਹਾਲਾਤ ਨੂੰ ਲੈ ਕੇ ਉਹ ਕਾਫ਼ੀ ਸਮੇਂ ਤੋਂ ਘੁੱਟਣ ਮਹਿਸੂਸ ਕਰ ਰਹੇ ਸਨ, ਜਿਸ ਕਰਕੇ ਹੁਣ ਉਹ ਅਕਾਲੀ ਦਲ ਨੂੰ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਹਮੇਸ਼ਾ ਹਰ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ, ਪਰ ਹੁਣ ਹਾਲਾਤ ਬਦਲ ਚੁੱਕੇ ਹਨ।ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਪਾਰਟੀ ਦੇ ਸਥਾਨਕ ਆਗੂ ਨੇ ਅਕਾਲੀ ਦਲ ਨੂੰ ਇੰਨੇ ਨੀਵੇਂ ਪੱਧਰ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਜਿੱਥੋਂ ਹੁਣ ਪਾਰਟੀ ਦਾ ਦੁਬਾਰਾ ਉੱਭਰਨਾ ਬਹੁਤ ਔਖਾ ਹੋ ਗਿਆ ਹੈ।
ਉਹਨਾਂ ਕਿਹਾ ਕਿ ਸਥਾਨਕ ਆਗੂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਅਤੇ ਦੂਜੇ ਆਗੂਆਂ ਦੀ ਪੁੱਛਗਿੱਛ ਨਾ ਹੋਣਾ ਇਸ ਦਾ ਇੱਕ ਵੱਡਾ ਕਾਰਨ ਹੈ। ਇਸੇ ਵਜ੍ਹਾ ਕਰਕੇ ਅਕਾਲੀ ਦਲ ਦੇ ਵਰਕਰਾਂ ਦਾ ਮਨੋਬਲ ਲਗਾਤਾਰ ਡਿੱਗ ਰਿਹਾ ਹੈ ਅਤੇ ਮਾਨਸਾ ਵਿੱਚ ਪਾਰਟੀ ਖ਼ਾਤਮੇ ਵੱਲ ਵਧ ਰਹੀ ਹੈ।ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਉਨ੍ਹਾਂ ਨੇ ਕਿਸੇ ਵੀ ਹੋਰ ਸਿਆਸੀ ਪਾਰਟੀ ਵਿੱਚ ਜਾਣ ਦਾ ਐਲਾਨ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਹਨੀਸ਼ ਬਾਂਸਲ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨਗੀ ਦੀ ਅਗਵਾਈ ਕਰਦੇ ਆ ਰਹੇ ਸਨ ਅਤੇ ਵੱਖ-ਵੱਖ ਲੋਕ ਮੁੱਦਿਆਂ ਨੂੰ ਲੈ ਕੇ ਮੌਜੂਦਾ ਪੰਜਾਬ ਸਰਕਾਰ ਨੂੰ ਵੀ ਲਗਾਤਾਰ ਘੇਰਦੇ ਰਹੇ ਹਨ। ਅਜਿਹੇ ਸਮੇਂ ਉਨ੍ਹਾਂ ਵੱਲੋਂ ਅਕਾਲੀ ਦਲ ਛੱਡਣ ਦੇ ਇਸ ਫ਼ੈਸਲੇ ਨੂੰ ਮਾਨਸਾ ਵਿੱਚ ਪਾਰਟੀ ਲਈ ਇੱਕ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਉਹ ਵੀ ਉਸ ਵਕਤ ਜਦੋਂ ਸ਼੍ਰੋਮਣੀ ਅਕਾਲੀ ਦਲ ਸੱਤਾ ਦੇ ਦਾਅਵੇਦਾਰ ਵਜੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰੇ ਦਮ ਨਾਲ ਉੱਤਰਨ ਦੀ ਤਿਆਰੀ ਕਰਨ ਦਾ ਦਾਅਵਾ ਕਰ ਰਿਹਾ ਹੈ।
- Download Babushahi App
-
-