ਸਕੂਲ ਮੁਖੀਆਂ ਨੂੰ ਨੋਟਿਸ ਜਾਰੀ ਕਰਨ ਦੀ ਬਜਾਏ ਪੰਜਾਬ ਸਰਕਾਰ ਨੂੰ ਖ਼ਾਲੀ ਅਸਾਮੀਆਂ ਭਰਨ ਦੀ ਨਸੀਹਤ
ਅਸ਼ੋਕ ਵਰਮਾ
ਬਠਿੰਡਾ, 20 ਜੁਲਾਈ 2026: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲ ਅਤੇ ਹੈੱਡਮਾਸਟਰਾਂ ਦੀਆਂ ਵੱਡੀ ਗਿਣਤੀ ਵਿੱਚ ਖ਼ਾਲੀ ਪਈਆਂ ਅਸਾਮੀਆਂ ਨੂੰ ਲੈ ਕੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਹੈੱਡਮਾਸਟਰ ਐਸੋਸੀਏਸ਼ਨ, ਪੰਜਾਬ ਦੇ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਨੇ ਪੰਜਾਬ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਨੋਟਿਸ ਜਾਰੀ ਕਰਨ ਦੀ ਥਾਂ ਖਾਲੀ ਅਸਾਮੀਆਂ ਭਰਨ ਵੱਲ ਧਿਆਨ ਦੇਵੇ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚਲੇ 68 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਮੁਖੀਆਂ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਰੂਲ 10 ਤਹਿਤ ਕਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਵਿਭਾਗ ਨੇ ਦੋਸ਼ ਲਾਇਆ ਕਿ ਸੂਬੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੇ ਅਧਿਆਪਕਾਂ ਅਤੇ ਗੈਰ-ਅਧਿਆਪਨ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਮਹੀਨਾ ਮਾਰਚ 2026 ਦੀਆਂ ਤਨਖ਼ਾਹਾਂ ਦੇ ਬਿੱਲ ਸੰਬੰਧਿਤ ਖ਼ਜ਼ਾਨਾ ਦਫ਼ਤਰਾਂ ਵਿਚ ਸਮੇਂ ਸਿਰ ਜਮ੍ਹਾਂ ਨਹੀਂ ਕਰਾਏ।
ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਕੱਤਰ ਦੇ ਨਾਂਅ ਹੇਠ ਜਾਰੀ ਪੱਤਰ ਵਿਚ ਕਿਹਾ ਗਿਆ ਕਿ ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੇ ਸਰਕਾਰੀ ਡਿਊਟੀ ਪ੍ਰਤੀ ਲਾਪਰਵਾਹ ਅਤੇ ਗੈਰ-ਜ਼ਿੰਮੇਵਾਰ ਅਧਿਕਾਰੀ ਹੋਣ ਦਾ ਸਬੂਤ ਦਿੱਤਾ। ਇਸ ਹਾਸੋਹੀਣੀ ਸਥਿਤੀ 'ਤੇ ਕਟਾਕਸ਼ ਕਰਦਿਆਂ ਕਟਾਰੀਆ ਨੇ ਕਿਹਾ ਕਿ ਜਿਸ ਰਾਜ ਵਿੱਚ ਲਗਭਗ 70% ਸਕੂਲ ਬਿਨਾਂ ਸਕੂਲ ਮੁਖੀਆਂ ਤੋਂ ਚੱਲ ਰਹੇ ਹੋਣ, ਸਕੂਲਾਂ 50% ਸਕੂਲਾਂ ਵਿੱਚ ਕਲਰਕਾਂ ਦੀਆਂ ਪੋਸਟਾਂ ਹੀ ਖਾਲੀ ਹੋਣ ਅਤੇ ਇੱਕ ਇੱਕ ਪ੍ਰਿੰਸੀਪਲ ਕੋਲ ਦਸ ਦਸ ਸਕੂਲਾਂ ਦੀਆਂ ਡੀ ਡੀ ਪਾਵਰਾਂ ਹੋਣ ਉੱਥੇ ਸਥਿਤੀ ਹੋਰ ਕੀ ਵਿਗੜ ਸਕਦੀ ਹੈ। ਉਹਨਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਾਰ-ਵਾਰ ਨੋਟਿਸ ਜਾਰੀ ਕਰਨ ਦੀ ਬਜਾਏ ਸਕੂਲਾਂ ਵਿੱਚ ਲੀਡਰਸ਼ਿਪ ਦੀ ਘਾਟ ਨੂੰ ਦੂਰ ਕਰਨ ਲਈ ਤੁਰੰਤ ਭਰਤੀ ਅਤੇ ਪ੍ਰਮੋਸ਼ਨ ਪ੍ਰਕਿਰਿਆ ਸ਼ੁਰੂ ਕਰਕੇ ਪ੍ਰਿੰਸੀਪਲ ਅਤੇ ਹੈੱਡਮਾਸਟਰਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਦੀ ਸਲਾਹ ਦਿੱਤੀ।
ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਅਤੇ ਹੈੱਡਮਾਸਟਰ ਸਕੂਲ ਪ੍ਰਬੰਧਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਨ੍ਹਾਂ ਅਹੁਦਿਆਂ ਦੇ ਲੰਬੇ ਸਮੇਂ ਤੋਂ ਖ਼ਾਲੀ ਰਹਿਣ ਕਾਰਨ ਸਕੂਲਾਂ ਦੇ ਪ੍ਰਸ਼ਾਸਨ, ਅਕਾਦਮਿਕ ਗੁਣਵੱਤਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਤੇ ਨਕਾਰਾਤਮਕ ਅਸਰ ਪੈ ਰਿਹਾ ਹੈ। ਕਟਾਰੀਆ ਨੇ ਕਿਹਾ ਕਿ ਜੇਕਰ ਸਿੱਖਿਆ ਵਿਭਾਗ ਸੱਚਮੁੱਚ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣਾ ਚਾਹੁੰਦਾ ਹੈ ਤਾਂ ਪਹਿਲ ਦੇ ਆਧਾਰ 'ਤੇ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਕੇਵਲ ਨੋਟਿਸ ਜਾਰੀ ਕਰਨ ਨਾਲ ਸਿੱਖਿਆ ਪ੍ਰਣਾਲੀ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਿੰਸੀਪਲ ਅਤੇ ਹੈੱਡਮਾਸਟਰਾਂ ਦੀਆਂ ਖ਼ਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ, ਤਾਂ ਜੋ ਸਕੂਲਾਂ ਵਿੱਚ ਬਿਹਤਰ ਪ੍ਰਸ਼ਾਸਨ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਈ ਜਾ ਸਕੇ।
- Download Babushahi App
-
-