ਪਿੰਡ ਬੱਬਰੀ ਨੰਗਲ ਪੰਚਾਇਤੀ ਜ਼ਮੀਨ ਦੇ ਠੇਕੇ ਦੇ ਪੈਸੇ ਜਮ੍ਹਾਂ ਕਰਵਾਉਣ ਦੇ ਬਾਵਜੂਦ ਕਿਸਾਨ ਕਬਜ਼ੇ ਤੋਂ ਵਾਂਝੇ
ਸਮਾਜ ਸੇਵੀ ਨੇ ਕਿਸਾਨਾਂ ਦੇ ਹੱਕ ਵਿੱਚ ਧਰਨਾ ਲਾਉਣ ਦਾ ਕੀਤਾ ਐਲਾਨ
ਰੋਹਿਤ ਗੁਪਤਾ
ਗੁਰਦਾਸਪੁਰ , 20 ਜੁਲਾਈ 2026 :
ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੇ ਕਿਸਾਨ ਸ਼ਮਸੇਰ ਨੇ ਪ੍ਰਸ਼ਾਸਨ 'ਤੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਨਾ ਦਿਵਾਉਣ ਅਤੇ ਮਾਮਲੇ ਨੂੰ ਲਟਕਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਪਿੰਡ ਦੇ ਕਿਸਾਨ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਚਾਇਤੀ ਜ਼ਮੀਨ ਠੇਕੇ 'ਤੇ ਲਈ ਗਈ ਸੀ ਅਤੇ ਇਸ ਲਈ ਨਿਯਮਾਂ ਅਨੁਸਾਰ 3 ਫੀਸਦੀ ਰਾਸ਼ੀ ਵੀ ਜਮ੍ਹਾਂ ਕਰਵਾਈ ਗਈ ਸੀ। ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜ਼ਮੀਨ ਦਾ ਕਬਜ਼ਾ ਨਹੀਂ ਦਿੱਤਾ ਜਾ ਰਿਹਾ।ਕਿਸਾਨ ਸ਼ਮਸ਼ੇਰ ਸਿੰਘ ਦਾ ਦੋਸ਼ ਹੈ ਕਿ ਨਾਇਬ ਤਹਿਸੀਲਦਾਰ ਵੱਲੋਂ ਵਾਰ-ਵਾਰ ਲਾਰੇ ਲਗਾਏ ਜਾ ਰਹੇ ਹਨ।ਜਿਸ ਕਾਰਨ ਝੋਨਾ ਲਾਉਣ ਦਾ ਸਮਾਂ ਲੰਘ ਰਿਹਾ ਹੈ। ਜ਼ਮੀਨ ਦਾ ਕਬਜ਼ਾ ਨਾ ਮਿਲਣ ਕਾਰਨ ਪਨੀਰੀ ਪੱਕ ਕੇ ਖਰਾਬ ਹੋ ਚੁੱਕੀ ਹੈ। ਜਿਸ ਨਾਲ ਕਿਸਾਨ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਇਸ ਮਾਮਲੇ 'ਤੇ ਗੱਲਬਾਤ ਕਰਦਿਆਂ ਲੋਕ ਸੰਘਰਸ਼ ਮੋਰਚਾ ਦੇ ਕੌਮੀ ਪ੍ਰਧਾਨ ਅਤੇ ਸਮਾਜ ਸੇਵੀ ਰਣਜੀਤ ਸਿੰਘ ਕਾਹਲੋ ਨੇ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਕਿਸਾਨਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਸਕਦਾ, ਤਾਂ ਅਜਿਹੇ ਅਧਿਕਾਰੀਆਂ ਨੂੰ ਕੁਰਸੀ 'ਤੇ ਬੈਠਣ ਦਾ ਕੋਈ ਹੱਕ ਨਹੀਂ ਹੈ। ਕਾਹਲੋ ਨੇ ਚੇਤਾਵਨੀ ਦਿੱਤੀ ਕਿ ਕਿਸਾਨਾਂ ਦਾ ਇਹ ਮਾਮਲਾ ਕੇਵਲ ਇੱਕ ਵਿਅਕਤੀ ਦਾ ਨਹੀਂ, ਸਗੋਂ ਪੂਰੇ ਪਿੰਡ ਦਾ ਹੈ ਅਤੇ ਜੇਕਰ ਨਾਇਬ ਤਹਿਸੀਲਦਾਰ ਨੇ ਤੁਰੰਤ ਕਾਰਵਾਈ ਕਰਕੇ ਕਬਜ਼ਾ ਨਾ ਦਿਵਾਇਆ, ਤਾਂ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨਗੇ ਅਤੇ ਲੋੜ ਪੈਣ 'ਤੇ ਡੀ.ਸੀ. ਦਫ਼ਤਰ ਦਾ ਘਿਰਾਓ ਵੀ ਕੀਤਾ ਜਾਵੇਗਾ।
- Download Babushahi App
-
-