ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਭਲਕੇ ਫ਼ਾਜ਼ਿਲਕਾ DC ਦਫ਼ਤਰ ਵਿਖੇ ਹੋਵੇਗੀ; ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਅੰਮ੍ਰਿਤ ਪਾਲ ਸਿੱਧੂ
ਫ਼ਾਜ਼ਿਲਕਾ/ਅਬੋਹਰ, 20 ਜੁਲਾਈ 2026
ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅਧਿਕਾਰਤ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਬੋਹਰ ਦੇ ਮੇਅਰ ਦੀ ਚੋਣ ਭਲਕੇ ਯਾਨੀ ਮੰਗਲਵਾਰ, 21 ਜੁਲਾਈ 2026 ਨੂੰ ਡਿਪਟੀ ਕਮਿਸ਼ਨਰ ਦਫ਼ਤਰ, ਫ਼ਾਜ਼ਿਲਕਾ ਵਿਖੇ ਕਰਵਾਈ ਜਾਵੇਗੀ। ਇਸ ਵੱਕਾਰੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਮੇਅਰ ਦੀ ਚੋਣ ਪ੍ਰਕਿਰਿਆ ਨੂੰ ਬਿਨਾਂ ਕਿਸੇ ਵਿਘਨ ਅਤੇ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਫ਼ਾਜ਼ਿਲਕਾ ਸ਼ਹਿਰ ਵਿੱਚ ਸਥਿਤ ਦੋ ਮੁੱਖ ਸੇਵਾ ਕੇਂਦਰ ਅਤੇ ਇੱਕ ਫ਼ਰਦ ਕੇਂਦਰ ਨੂੰ 21 ਜੁਲਾਈ 2026 ਨੂੰ ਆਮ ਲੋਕਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੰਦ ਰਹਿਣ ਵਾਲੇ ਸੇਵਾ ਕੇਂਦਰਾਂ ਵਿੱਚੋਂ ਇੱਕ ਕੇਂਦਰ ਐੱਸ.ਡੀ.ਐੱਮ. (SDM) ਦਫ਼ਤਰ ਦੇ ਬਿਲਕੁਲ ਨਾਲ ਸਥਿਤ ਹੈ, ਜਦੋਂ ਕਿ ਦੂਜਾ ਸੇਵਾ ਕੇਂਦਰ ਨਗਰ ਕੌਂਸਲ (ਮਿਉਂਸੀਪਲ ਕਮੇਟੀ) ਦੇ ਅਹਾਤੇ ਵਿੱਚ ਸਥਿਤ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਭਲਕੇ ਇਨ੍ਹਾਂ ਕੇਂਦਰਾਂ ਵਿੱਚ ਨਾ ਜਾਣ।
ਇਸ ਚੋਣ ਦੀ ਅਹਿਮੀਅਤ ਨੂੰ ਦੇਖਦੇ ਹੋਏ, ਉੱਚ ਅਦਾਲਤ ਵੱਲੋਂ ਵੀ ਇਸ 'ਤੇ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਖ਼ੁਲਾਸਾ ਕੀਤਾ ਕਿ ਮੇਅਰ ਦੀ ਇਹ ਚੋਣ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਯੁਕਤ ਕੀਤੇ ਗਏ ਵਿਸ਼ੇਸ਼ ਅਬਜ਼ਰਵਰ, ਸੀਨੀਅਰ ਐਡਵੋਕੇਟ ਸੰਦੀਪ ਗੋਇਲ ਦੀ ਸਿੱਧੀ ਦੇਖ-ਰੇਖ ਹੇਠ ਸੰਪੰਨ ਹੋਵੇਗੀ। ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਪੂਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜੀ ਦੀ ਗੁੰਜਾਇਸ਼ ਨਾ ਰਹੇ।
ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਨੂੰ ਪਾਰਦਰਸ਼ੀ, ਸੁਚਾਰੂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਦੇ ਹੋਏ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਹਨ। ਡੀ.ਸੀ. ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ ਤਾਂ ਜੋ ਕੋਈ ਵੀ ਗੈਰ-ਸੰਬੰਧਿਤ ਵਿਅਕਤੀ ਚੋਣ ਹਾਲ ਦੇ ਨੇੜੇ ਨਾ ਆ ਸਕੇ। ਰਾਜਨੀਤਿਕ ਹਲਕਿਆਂ ਵਿੱਚ ਇਸ ਚੋਣ ਨੂੰ ਲੈ ਕੇ ਕਾਫੀ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ ਅਤੇ ਸਭ ਦੀਆਂ ਨਜ਼ਰਾਂ ਭਲਕੇ ਹੋਣ ਵਾਲੀ ਇਸ ਚੋਣ ਦੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ।
- Download Babushahi App
-
-