ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੰਭੂ ਬਾਰਡਰ ਵੱਲ ਰਵਾਨਾ ਹੋਇਆ ਕਿਸਾਨਾਂ ਦਾ ਜਥਾ
Ravinder Singh / ਬਾਬੂਸ਼ਾਹੀ ਬਿਊਰੋ
ਖੰਨਾ/ਫ਼ਤਿਹਗੜ੍ਹ ਸਾਹਿਬ, 21 ਜੁਲਾਈ (2026): ਭਾਰਤ-ਅਮਰੀਕਾ ਵਪਾਰ ਸਮਝੌਤੇ (India-US Trade Agreement) ਦੇ ਵਿਰੋਧ ਵਿੱਚ ਦਿੱਲੀ ਵਿਖੇ ਉਲੀਕੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਇੱਕ ਵੱਡਾ ਜਥਾ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ।
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਕਰਦਿਆਂ ਆਖਿਆ ਕਿ ਭਾਰਤ-ਅਮਰੀਕਾ ਸਮਝੌਤੇ ਨੂੰ ਰੱਦ ਕਰਵਾਉਣ ਦੀ ਮੰਗ ਲਈ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਉਨ੍ਹਾਂ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਹਰਿਆਣਾ ਵਿੱਚ ਕੋਈ ਧਰਨਾ ਦੇਣ ਦਾ ਪ੍ਰੋਗਰਾਮ ਨਹੀਂ ਹੈ, ਉਹ ਸਿਰਫ਼ ਦਿੱਲੀ ਪਹੁੰਚਣ ਲਈ ਰਸਤੇ ਦੀ ਵਰਤੋਂ ਕਰ ਰਹੇ ਹਨ। ਅਜਿਹੇ ਵਿੱਚ ਕਿਸਾਨਾਂ ਨੂੰ ਹਰਿਆਣਾ ਰਾਹੀਂ ਦਿੱਲੀ ਜਾਣ ਤੋਂ ਰੋਕਣ ਦਾ ਕੋਈ ਜਾਇਜ਼ ਕਾਰਨ ਨਹੀਂ ਬਣਦਾ।
ਪੰਧੇਰ ਨੇ ਸਪੱਸ਼ਟ ਕੀਤਾ ਕਿ ਸ਼ਾਂਤਮਈ ਢੰਗ ਨਾਲ ਆਪਣਾ ਅੰਦੋਲਨ ਕਰਨਾ ਲੋਕਤੰਤਰੀ ਹੱਕ ਹੈ ਅਤੇ ਜੇਕਰ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਿਆ ਜਾਂਦਾ ਹੈ ਤਾਂ ਇਹ ਅਧਿਕਾਰਾਂ 'ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਜਥੇ ਨੂੰ ਬਾਰਡਰ 'ਤੇ ਰੋਕਿਆ ਗਿਆ ਤਾਂ ਪਹਿਲਾਂ ਤੋਂ ਕੀਤੇ ਐਲਾਨ ਅਨੁਸਾਰ ਕਿਸਾਨ ਉੱਥੇ ਹੀ ਡਟਣਗੇ ਅਤੇ ਮੌਕੇ ਦੇ ਹਾਲਾਤਾਂ ਨੂੰ ਦੇਖਦਿਆਂ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
- Download Babushahi App
-
-