ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਧਰੇੜੀ ਜੱਟਾਂ ਟੋਲ ਪਲਾਜ਼ਾ ਤਿੰਨ ਘੰਟੇ ਰਿਹਾ ਪਰਚੀ ਮੁਕਤ
ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ, ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਪਟਿਆਲਾ 22 ਜੁਲਾਈ (ਗੁਰਪ੍ਰੀਤ ਸਿੰਘ ਜਖਵਾਲੀ) ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਪਟਿਆਲਾ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਪਟਿਆਲਾ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕੀਤਾ ਗਿਆ। ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਅਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਵਾਹਨਾਂ ਨੂੰ ਬਿਨਾਂ ਟੋਲ ਪਰਚੀ ਦੇ ਲੰਘਾਇਆ ਗਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਮਰੀਕਾ ਨਾਲ ਪ੍ਰਸਤਾਵਿਤ ਕਰ ਮੁਕਤ (ਫ੍ਰੀ ਟਰੇਡ) ਸਮਝੌਤਾ ਵਾਪਸ ਨਾ ਲਿਆ ਗਿਆ ਤਾਂ ਦੇਸ਼ ਭਰ ਵਿੱਚ ਤਿੱਖਾ ਸੰਘਰਸ਼ ਛੇੜਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਲਾਗੂ ਹੋਣ ਨਾਲ ਦੇਸ਼ ਦੀ ਖੇਤੀ, ਡੇਅਰੀ, ਪਸ਼ੂ ਪਾਲਣ, ਮੀਟ ਉਤਪਾਦਨ ਅਤੇ ਹੋਰ ਸਹਾਇਕ ਧੰਦੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਇਸ ਤੋਂ ਇਲਾਵਾ ਖੇਤੀ ਨਾਲ ਜੁੜੇ ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੇ ਰੁਜ਼ਗਾਰ 'ਤੇ ਵੀ ਗੰਭੀਰ ਅਸਰ ਪਵੇਗਾ।
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਦੇ ਦਬਾਅ ਹੇਠ ਆਉਣ ਦੀ ਬਜਾਏ ਦੇਸ਼ ਦੇ ਕਿਸਾਨਾਂ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰੇ ਅਤੇ ਅਜਿਹਾ ਕੋਈ ਸਮਝੌਤਾ ਨਾ ਕਰੇ ਜੋ ਦੇਸ਼ ਦੀ ਆਰਥਿਕਤਾ ਅਤੇ ਖੇਤੀਬਾੜੀ ਲਈ ਨੁਕਸਾਨਦੇਹ ਹੋਵੇ।
ਧਰਨੇ ਨੂੰ ਡਾ. ਦਰਸ਼ਨ ਪਾਲ, ਬਲਰਾਜ ਜੋਸ਼ੀ, ਦਰਸ਼ਨ ਬੇਲੂ ਮਾਜਰਾ, ਬੂਟਾ ਸਿੰਘ ਸ਼ਾਦੀਪੁਰ, ਧਰਮਪਾਲ ਸੀਲ, ਪਵਨ ਕੁਮਾਰ ਸੋਗਲਪੁਰ, ਸੁਰਜੀਤ ਸਿੰਘ ਲਚਕਾਣੀ, ਹਰਿੰਦਰ ਸਿੰਘ ਲਾਖਾ, ਸੁਖਵਿੰਦਰ ਸਿੰਘ ਲਾਲੀ, ਗੁਰਵਿੰਦਰ ਸਿੰਘ ਧੂਮਾ, ਪਰਮਿੰਦਰ ਸਿੰਘ ਅਤੇ ਜਸਪਾਲ ਚੌਧਰੀ ਰਾਜਗੜ੍ਹ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਇਸ ਦੌਰਾਨ ਦਿੱਲੀ ਦੇ ਜੰਤਰ-ਮੰਤਰ ਅਤੇ ਸ਼ੰਭੂ ਬਾਰਡਰ 'ਤੇ ਕਿਸਾਨਾਂ, ਵਿਦਿਆਰਥੀਆਂ ਅਤੇ ਨੌਜਵਾਨਾਂ 'ਤੇ ਹੋਏ ਕਥਿਤ ਜਬਰ ਦੀ ਨਿੰਦਾ ਕਰਦਿਆਂ ਇੱਕ ਮਤਾ ਮੁਲਾਜ਼ਮ ਆਗੂ ਜਸਬੀਰ ਖੋਖਰ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਲੋਕਾਂ ਨੇ ਰੋਸ ਭਰੇ ਨਾਅਰਿਆਂ ਨਾਲ ਸਰਬਸੰਮਤੀ ਨਾਲ ਪਾਸ ਕੀਤਾ।
ਪ੍ਰੋਗਰਾਮ ਦੇ ਅੰਤ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂਆਂ ਨੇ ਪਟਿਆਲਾ ਪ੍ਰਸ਼ਾਸਨ ਨੂੰ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਲੰਬਿਤ ਮਸਲਿਆਂ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ ਵਿੱਚ ਫੈਸਲਾ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਸਮਾਗਮ ਦੀ ਸਟੇਜ ਸਕੱਤਰ ਦੀ ਕਾਰਵਾਈ ਰਾਜ ਕਿਸਨ ਨੂਰਖੇੜੀਆਂ ਅਤੇ ਜਸਵਿੰਦਰ ਸਿੰਘ ਬਾਰਨ ਨੇ ਸਾਂਝੇ ਤੌਰ 'ਤੇ ਨਿਭਾਈ।
- Download Babushahi App
-
-