ਸ਼੍ਰੀ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 2-2 ਫੁੱਟ ਭਰਿਆ ਪਾਣੀ, ਸ਼ਰਧਾਲੂ ਪ੍ਰੇਸ਼ਾਨ
ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਮੀਂਹ ਨੇ ਵਧਾਈਆਂ ਮੁਸ਼ਕਿਲਾਂ, ਸ਼ਹਿਰ ਦੇ ਕਈ ਹਿੱਸੇ ਡੁੱਬੇ
ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂ ਪਾਣੀ ਵਿਚੋਂ ਲੰਘਣ ਲਈ ਮਜਬੂਰ
ਕੁਲਵਿੰਦਰ ਸਿੰਘ
ਅੰਮ੍ਰਿਤਸਰ,23 ਜੁਲਾਈ 2026- ਬੀਤੇ ਕੱਲ ਅੰਮ੍ਰਿਤਸਰ ਵਿੱਚ ਲਗਾਤਾਰ ਪੈ ਰਹੀ ਬਰਸਾਤ ਨੇ ਸ਼ਹਿਰ ਦੀ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਦੇ ਨਜ਼ਦੀਕ ਸਥਿਤ ਹੈਰੀਟੇਜ ਸਟਰੀਟ 'ਤੇ ਵੀ ਬਰਸਾਤ ਦਾ ਪਾਣੀ ਖੜ੍ਹਾ ਹੋ ਗਿਆ। ਸਾਰਾਗੜੀ ਗੁਰਦਵਾਰੇ ਨੇੜੇ ਕਰੀਬ ਦੋ - ਦੋ ਫੁੱਟ ਤੱਕ ਪਾਣੀ ਜਮ੍ਹਾਂ ਹੋਣ ਕਾਰਨ ਦੇਸ਼-ਵਿਦੇਸ਼ ਤੋਂ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਣੀ ਵਿਚੋਂ ਲੰਘ ਕੇ ਦਰਬਾਰ ਸਾਹਿਬ ਜਾਣਾ ਪਿਆ।
ਇਹ ਪਹਿਲੀ ਵਾਰ ਨਹੀਂ ਜਦੋਂ ਇਸ ਤਰਾਂ ਵੈੱਲਖੇਂ ਨੂੰ ਮਿਲਿਆ ਹੋਵੇ ਬਲਕਿ ਹਰ ਵਾਰ ਮੀਂਹ ਪੈਣ 'ਤੇ ਵਿਰਾਸਤੀ ਮਾਰਗ ਦਾ ਇਹੀ ਹਾਲ ਹੋ ਜਾਂਦਾ ਹੈ, ਪਰ ਨਗਰ ਨਿਗਮ ਵੱਲੋਂ ਇਸ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਗਿਆ। ਲਗਾਤਾਰ ਪਾਣੀ ਖੜ੍ਹਾ ਰਹਿਣ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਸ਼ਰਧਾਲੂਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੂਜੇ ਪਾਸੇ, ਪਿਛਲੇ ਕੁਝ ਦਿਨਾਂ ਤੋਂ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਅਤੇ ਸੀਵਰੇਜ ਪ੍ਰਬੰਧ ਵੀ ਪ੍ਰਭਾਵਿਤ ਹੋਏ ਹਨ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਪਾਣੀ ਦੀ ਨਿਕਾਸੀ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
- Download Babushahi App
-
-