ਮਾਡਲ ਟਾਊਨ ਫੇਜ਼-1 ਵਿੱਚ ਇੰਟਰਲਾਕਿੰਗ ਟਾਈਲਾਂ ਨਾਲ ਬਰਮਾਂ ਦੇ ਨਿਰਮਾਣ ਕਾਰਜ ਦਾ ਆਗਾਜ਼
*ਅਮਰਜੀਤ ਮਹਿਤਾ ਨੇ ਕੀਤਾ ਉਦਘਾਟਨ, ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਜਲਦ ਹੱਲ ਦਾ ਦਿੱਤਾ ਭਰੋਸਾ
ਅਸ਼ੋਕ ਵਰਮਾ
ਬਠਿੰਡਾ, 24 ਜੁਲਾਈ 2026 :ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦਿੰਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਵਾਰਡ ਨੰਬਰ-21 ਦੇ ਮਾਡਲ ਟਾਊਨ ਫੇਜ਼-1 ਵਿੱਚ ਟੀਵੀ ਟਾਵਰ ਨੇੜੇ ਕਰੀਬ 18.15 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਦੋਵੇਂ ਪਾਸਿਆਂ ਇੰਟਰਲਾਕਿੰਗ ਟਾਈਲਾਂ ਦੇ ਬਰਮਾਂ ਦੇ ਨਿਰਮਾਣ ਕਾਰਜ ਦਾ ਵਿਧੀਵਤ ਉਦਘਾਟਨ ਕੀਤਾ।
ਇਸ ਮੌਕੇ ਸ੍ਰੀ ਮਹਿਤਾ ਨੇ ਇਲਾਕਾ ਨਿਵਾਸੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਉਪਰੰਤ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਪੈਦਲ ਦੌਰਾ ਕਰਦੇ ਹੋਏ ਇਲਾਕੇ ਦੀਆਂ ਵੱਖ-ਵੱਖ ਗਲੀਆਂ ਦਾ ਨਿਰੀਖਣ ਕੀਤਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਇਲਾਕਾ ਵਾਸੀਆਂ ਨੇ ਸ਼ੁਰੂ ਹੋਏ ਵਿਕਾਸ ਕਾਰਜਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਆਪਣੀਆਂ ਹੋਰ ਲੋੜੀਂਦੀਆਂ ਸਮੱਸਿਆਵਾਂ ਵੀ ਸ੍ਰੀ ਮਹਿਤਾ ਦੇ ਧਿਆਨ ਵਿੱਚ ਲਿਆਂਦੀਆਂ। ਸ੍ਰੀ ਮਹਿਤਾ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀ ਸਹੂਲਤ ਨਾਲ ਜੁੜੇ ਹਰ ਮਸਲੇ ਦਾ ਪਹਿਲ ਦੇ ਆਧਾਰ ’ਤੇ ਹੱਲ ਯਕੀਨੀ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਸਰਕਾਰ ਦਾ ਉਦੇਸ਼ ਹਰ ਯੋਜਨਾ ਦਾ ਲਾਭ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪਹੁੰਚਾਉਣਾ ਹੈ, ਜਿਸ ਲਈ ਹਰ ਸ਼ਹਿਰ ਅਤੇ ਹਰ ਵਾਰਡ ਵਿੱਚ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ, “ਸਾਡੀ ਰਾਜਨੀਤੀ ਦਾ ਮੁੱਖ ਆਧਾਰ ਵਿਕਾਸ ਅਤੇ ਲੋਕ ਸੇਵਾ ਹੈ। ਲੋਕਾਂ ਨੇ ਜਿਸ ਭਰੋਸੇ ਨਾਲ ਸਾਨੂੰ ਜ਼ਿੰਮੇਵਾਰੀ ਸੌਂਪੀ ਹੈ, ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਨਾ ਸਾਡਾ ਫ਼ਰਜ਼ ਹੈ। ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਹਾਲਤ ਵਿੱਚ ਸਮਝੌਤਾ ਨਹੀਂ ਕੀਤਾ ਜਾਵੇਗਾ।”
ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਬਠਿੰਡਾ ਨੂੰ ਆਧੁਨਿਕ ਅਤੇ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਆਧੁਨਿਕ ਮਸ਼ੀਨਾਂ ਰਾਹੀਂ ਨਿਯਮਤ ਸਫ਼ਾਈ, ਘਰ-ਘਰ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸ਼ਹਿਰ ਦੇ ਸੁੰਦਰਿਕਰਨ ਲਈ ਕਈ ਵਿਕਾਸ ਪ੍ਰੋਜੈਕਟਾਂ ’ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਸ੍ਰੀ ਮਹਿਤਾ ਨੇ ਕਿਹਾ, “ਸਾਡਾ ਟੀਚਾ ਹੈ ਕਿ ਬਠਿੰਡਾ ਦੇ ਸਾਰੇ 50 ਵਾਰਡਾਂ ਵਿੱਚ ਕੋਈ ਵੀ ਗਲੀ ਕੱਚੀ ਨਾ ਰਹੇ। ਹਰ ਘਰ ਤੱਕ ਸੀਵਰੇਜ ਅਤੇ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ। ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ, ਗੁਣਵੱਤਾ ਅਤੇ ਸਮੇਂ-ਸਿਰ ਮੁਕੰਮਲਤਾ ਯਕੀਨੀ ਬਣਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਆਉਣ ਵਾਲੇ ਸਮੇਂ ਵਿੱਚ ਬਠਿੰਡਾ ਸੂਬੇ ਦੇ ਸਭ ਤੋਂ ਆਧੁਨਿਕ, ਸਾਫ਼-ਸੁਥਰੇ ਅਤੇ ਸੁਵਿਧਾਜਨਕ ਸ਼ਹਿਰਾਂ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾਏਗਾ।”
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਨਗਰ ਨਿਗਮ ਦੇ ਸਾਂਝੇ ਯਤਨਾਂ ਨਾਲ ਸ਼ਹਿਰ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਹੋ ਰਹੇ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਇਹ ਅਭਿਆਨ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹੇਗਾ ਅਤੇ ਹਰ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸ੍ਰੀ ਬਲਜੀਤ ਸਿੰਘ ਭੁੱਲਰ, ਸ੍ਰੀ ਗੁਰਪ੍ਰੀਤ ਸਿੰਘ, ਐਡਵੋਕੇਟ ਹਰਰਾਜ ਸਿੰਘ, ਨਗਰ ਨਿਗਮ ਦੇ ਜੇਈ ਸ੍ਰੀ ਰਾਜੇਸ਼ ਕੁਮਾਰ, ਸ੍ਰੀ ਵਿਵੇਕ ਨੰਬਰਦਾਰ, ਸ੍ਰੀ ਰੋਮਾਨਾ, ਸ੍ਰੀ ਜਗਤਾਰ ਸਿੰਘ ਵਾਲੀਆ, ਸ੍ਰੀ ਅਸ਼ਵਨੀ ਬੰਟੀ ਅਤੇ ਇਲਾਕੇ ਦੇ ਹੋਰ ਪਤਵੰਤੇ ਵਿਅਕਤੀ ਆਦਿ ਹਾਜ਼ਰ ਸਨ।
- Download Babushahi App
-
-