31 ਜੁਲਾਈ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ- ਐਡਵੋਕੇਟ ਰਾਣਾ
*ਸ਼ਹੀਦ ਊਧਮ ਸਿੰਘ ਚੌਂਕ ਵਿਖੇ ਹੋਵੇਗਾ ਵਿਸ਼ਾਲ ਸ਼ਰਧਾਂਜਲੀ ਸਮਾਗਮ, ਸਮੂਹ ਜਥੇਬੰਦੀਆਂ ਨੂੰ ਦਿੱਤਾ ਗਿਆ ਖੁੱਲ੍ਹਾ ਸੱਦਾ*
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 27 ਜੁਲਾਈ 2026
ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਚੌਂਕ, ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਾਹਿਤ ਸਭਾ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਸਮਾਗਮ ਦੀਆਂ ਤਿਆਰੀਆਂ ਸਬੰਧੀ ਟਰੱਸਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਇਸ ਇਤਿਹਾਸਕ ਸਮਾਗਮ ਨੂੰ ਸਫ਼ਲ ਬਣਾਉਣ ਦਾ ਭਰੋਸਾ ਦਿੱਤਾ।
ਟਰੱਸਟ ਦੇ ਸਕੱਤਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਅਤੇ ਸਾਹਿਤ ਸਭਾ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ ਨੇ ਦੱਸਿਆ ਕਿ ਸਮਾਗਮ ਵਿੱਚ ਸ਼ਮੂਲੀਅਤ ਲਈ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਸੇਵਾ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਨ ਲਈ ਸਮੂਹ ਨਗਰ ਵਾਸੀਆਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਵੇਗੀ।
ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਦੇ ਬੁੱਤ ਅਤੇ ਪਾਰਕ ਦੀ ਵਿਸ਼ੇਸ਼ ਸਫ਼ਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਸਮੂਹ ਸ਼ਹਿਰ ਵਾਸੀਆਂ ਦਾ ਸਾਂਝਾ ਸਮਾਗਮ ਹੋਵੇਗਾ, ਜਿਸ ਵਿੱਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।
ਮੀਟਿੰਗ ਵਿੱਚ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਐਡਵੋਕੇਟ ਸ਼ੈਲ ਪ੍ਰਭਾਕਰ, ਨਰਿੰਦਰ ਸਿੰਘ ਸੋਨੀਆ, ਸਤਵੀਰ ਮਾਹੀਪਾਲ, ਸੁੱਚਾ ਸਿੰਘ ਮੋਮੀ, ਗੁਰਮੇਲ ਸਿੰਘ ਥਿੰਦ, ਕਰਮਜੀਤ ਸਿੰਘ ਕੌੜਾ, ਬਲਵਿੰਦਰ ਸਿੰਘ ਧਾਲੀਵਾਲ, ਐਡਵੋਕੇਟ ਅਸ਼ੂਤੋਸ਼ ਪਾਲ, ਪ੍ਰਦੀਪ ਸਿੰਘ ਅਟਵਾਲ, ਸੁਖਵਿੰਦਰ ਸਿੰਘ ਚੱਕ ਕੋਟਲਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਪਤਵੰਤੇ ਹਾਜ਼ਰ ਸਨ।
- Download Babushahi App
-
-