ਹੜਾਂ ਨਾਲ ਖਤਰਨਾਕ ਬਣੀਆਂ ਦੋਰਾਂਗਲਾ-ਗਾਹਲੜੀ ਸੜਕਾਂ: ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ, ਸੰਘਰਸ਼ ਦੀ ਚੇਤਾਵਨੀ
ਰੋਹਿਤ ਗੁਪਤਾ
ਗੁਰਦਾਸਪੁਰ, 29 ਜੁਲਾਈ 2026: ਪਿਛਲੇ ਸਾਲ ਅਗਸਤ ਮਹੀਨੇ ਦੌਰਾਨ ਆਏ ਭਿਆਨਕ ਹੜਾਂ ਕਾਰਨ ਰਾਵੀ ਦਰਿਆ ਦੇ ਕਿਨਾਰੇ ਸਥਿਤ ਦੋਰਾਂਗਲਾ ਅਤੇ ਗਾਹਲੜੀ ਖੇਤਰ ਦੀਆਂ ਸੜਕਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ। ਹੜਾਂ ਦਾ ਤੇਜ਼ ਪਾਣੀ ਸੜਕਾਂ ਦੇ ਦੋਵੇਂ ਕਿਨਾਰਿਆਂ ਤੋਂ ਕਰੀਬ ਛੇ-ਛੇ ਫੁੱਟ ਤੱਕ ਮਿੱਟੀ ਰੋੜ੍ਹ ਕੇ ਲੈ ਗਿਆ, ਜਿਸ ਕਾਰਨ ਸੜਕਾਂ ਦੇ ਨਾਲ ਡੂੰਘੇ ਖੱਡ ਬਣ ਗਏ ਹਨ। ਇੱਕ ਸਾਲ ਬੀਤਣ ਦੇ ਬਾਵਜੂਦ ਸੜਕਾਂ ਦੀ ਮੁਰੰਮਤ ਨਾ ਹੋਣ ਕਾਰਨ ਇਨ੍ਹਾਂ ਰਸਤਿਆਂ 'ਤੇ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਹੁਣ ਤੱਕ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਇੱਕ ਵਿਅਕਤੀ ਦੀ ਮੌਤ ਵੀ ਹੋ ਚੁੱਕੀ ਹੈ।
ਪ੍ਰਸ਼ਾਸਨ ਨੂੰ ਕਈ ਵਾਰ ਇਸ ਗੰਭੀਰ ਸਮੱਸਿਆ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝਾ ਮੋਰਚਾ ਖੋਲ੍ਹ ਦਿੱਤਾ ਹੈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਪ੍ਰਭਜਿੰਦਰ ਸਿੰਘ, ਬੀਕੇਯੂ ਡਕੌਂਦਾ ਦੇ ਆਗੂ ਗੁਰਵਿੰਦਰ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਨੇ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਸੜਕਾਂ ਦੇ ਕਿਨਾਰਿਆਂ ਦੀ ਮੁੜ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਸੂਬਾਈ ਆਗੂ ਵਿਮਲ ਕੌਰ ਨੇ ਕਿਹਾ ਕਿ ਦੋਰਾਂਗਲਾ ਤੋਂ ਕਰਤਾਰਪੁਰ ਲਾਂਘੇ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜਦੀ ਸੜਕ ਅਤੇ ਦੋਰਾਂਗਲਾ-ਗਾਹਲੜੀ ਰੋਡ, ਜਿਸ 'ਤੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਸਥਿਤ ਹੈ, ਉੱਤੇ ਹਰ ਰੋਜ਼ ਭਾਰੀ ਆਵਾਜਾਈ ਰਹਿੰਦੀ ਹੈ। ਇਸ ਦੇ ਬਾਵਜੂਦ ਹੜਾਂ ਨਾਲ ਵਹਿ ਗਏ ਸੜਕ ਕਿਨਾਰਿਆਂ ਦੀ ਅਜੇ ਤੱਕ ਮੁਰੰਮਤ ਨਹੀਂ ਕਰਵਾਈ ਗਈ, ਜਿਸ ਕਾਰਨ ਲੋਕਾਂ ਦੀ ਜਾਨ ਨੂੰ ਲਗਾਤਾਰ ਖ਼ਤਰਾ ਬਣਿਆ ਹੋਇਆ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਵਿਭਾਗ ਨੇ ਮੁਰੰਮਤ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਸਾਰੀਆਂ ਕਿਸਾਨ ਜਥੇਬੰਦੀਆਂ ਸਾਂਝੇ ਤੌਰ 'ਤੇ ਵੱਡਾ ਅਤੇ ਤਿੱਖਾ ਸੰਘਰਸ਼ ਸ਼ੁਰੂ ਕਰਨਗੀਆਂ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
- Download Babushahi App
-
-