ਵਿੱਤ ਮੰਤਰੀ ਨਾਲ਼ ਮੀਟਿੰਗ ਬੇਸਿੱਟਾ ਰਹਿਣ ਕਾਰਨ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ਼ ਜਾਰੀ ਰੱਖਣ ਦਾ ਐਲਾਨ
ਅਸ਼ੋਕ ਵਰਮਾ
ਲਹਿਰਾ ਮੁਹੱਬਤ, 29 ਜੁਲਾਈ 2026 : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਕਮੇਟੀ ਦੇ ਸੂਬਾਈ ਆਗੂਆਂ ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ ,ਗੁਰਪ੍ਰੀਤ ਸਿੰਘ ਗੁਰੂਸਰ,ਕ੍ਰਿਸ਼ਨ ਕੁਮਾਰ ਅਤੇ ਪਰਮਜੀਤ ਸਿੰਘ ਮਹਿਰਾਜ ਨੇ ਕਿਹਾ ਕਿ ਵਿੱਤ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਹੜਤਾਲ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਦੇ ਇਕੱਠ ਨੂੰ ਬੀਕੇਯੂ ਏਕਤਾ ਉਗਰਾਹਾਂ ਤੋਂ ਬਲਾਕ ਪ੍ਰਧਾਨ ਜਿਉਂਦ ਗੁਲਾਬ ਸਿੰਘ ਜਿਉਂਦ ਅਤੇ ਬਲਾਕ ਪ੍ਰਧਾਨ ਰਾਮਪੁਰਾ ਮਾ.ਸੁਖਦੇਵ ਸਿੰਘ ਜਵੰਦਾ ਅਤੇ ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਵੀ ਸੰਬੋਧਨ ਕੀਤਾ।
- Download Babushahi App
-
-