BREAKING: ਰਾਜਾ ਵੜਿੰਗ ਨੇ ਚੰਨੀ ਨਾਲ ਮੱਤਭੇਦ ਦੀਆਂ ਚਰਚਾਵਾਂ 'ਤੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਚੰਡੀਗੜ੍ਹ, 30 ਜੁਲਾਈ 2026- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ, ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਸੂਬੇ ਦੇ ਭਰਵੇਂ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਸਬੰਧੀ ਅਹਿਮ ਮੀਟਿੰਗ ਬਾਰੇ ਵੀ ਜਾਣਕਾਰੀ ਦਿੱਤੀ।
MP ਚਰਨਜੀਤ ਚੰਨੀ ਨਾਲ ਮੱਤਭੇਦ ਬਾਰੇ ਪੁੱਛੇ ਜਾਣ 'ਤੇ ਰਾਜਾ ਵੜਿੰਗ ਨੇ ਇਨ੍ਹਾਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਟਵੀਟ ਰਾਹੀਂ ਇਨ੍ਹਾਂ ਖ਼ਬਰਾਂ ਦਾ ਖੰਡਨ ਕਰ ਚੁੱਕੇ ਹਨ। ਉਨ੍ਹਾਂ ਮੀਡੀਆ ਨੂੰ ਅਪੀਲ ਕਰਦਿਆਂ ਕਿਹਾ, "ਗੁਮਨਾਮ ਸਰੋਤਾਂ (Sources) ਦੇ ਆਧਾਰ 'ਤੇ ਚੱਲਣ ਵਾਲੀਆਂ ਖ਼ਬਰਾਂ 'ਤੇ ਯਕੀਨ ਨਾ ਕੀਤਾ ਜਾਵੇ। ਮੀਡੀਆ ਦੀ ਗੱਲ ਬਹੁਤ ਅਹਿਮ ਹੁੰਦੀ ਹੈ ਅਤੇ ਆਮ ਜਨਤਾ ਮੀਡੀਆ ਦੀਆਂ ਖ਼ਬਰਾਂ ਨੂੰ ਹੀ ਪੁਖ਼ਤਾ ਅਤੇ ਅਥੈਂਟਿਕ (Authentic) ਮੰਨਦੀ ਹੈ। ਇਸ ਲਈ ਕਿਸੇ ਵੀ ਸੰਵੇਦਨਸ਼ੀਲ ਮੁੱਦੇ 'ਤੇ ਖ਼ਬਰ ਚਲਾਉਣ ਤੋਂ ਪਹਿਲਾਂ ਪਾਰਟੀ ਜਾਂ ਸੰਬੰਧਤ ਆਗੂ ਤੋਂ ਸਪਸ਼ਟੀਕਰਨ ਲੈ ਲੈਣਾ ਚਾਹੀਦਾ ਹੈ।"
ਰਾਜਾ ਵੜਿੰਗ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਹੈ। ਪਾਰਟੀ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਕੇ ਮੈਦਾਨ ਵਿੱਚ ਉੱਤਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਪੂਰੇ ਪੰਜਾਬ ਦਾ ਦੌਰਾ ਸ਼ੁਰੂ ਕਰ ਰਹੇ ਹਨ। ਦੌਰੇ ਦੀ ਸ਼ੁਰੂਆਤ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਸਭ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਅਤੇ ਉਸ ਤੋਂ ਬਾਅਦ ਮੋਹਾਲੀ ਵਿਖੇ ਪ੍ਰੋਗਰਾਮ ਉਲੀਕੇ ਗਏ ਹਨ, ਜਿੱਥੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਚੋਣ ਰਣਨੀਤੀ 'ਤੇ ਮੰਥਨ ਕੀਤਾ ਜਾਵੇਗਾ।
ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ 'ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਭਰ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਨੌਜਵਾਨਾਂ ਵਿੱਚ ਭਾਰੀ ਰੋਸ ਅਤੇ ਗੁੱਸਾ ਹੈ। ਪੰਜਾਬ ਦੀ ਗੱਲ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਫਾਰਮੇਸੀ, ਅੰਗਰੇਜ਼ੀ ਅਤੇ ਹੋਰ ਕਈ ਮਹੱਤਵਪੂਰਨ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਚੁੱਕੇ ਹਨ, ਜਿਸ ਨਾਲ ਲੱਖਾਂ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ।
ਉਨ੍ਹਾਂ ਮੰਗ ਕੀਤੀ ਕਿ, ਇਸ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਸਬੰਧਤ ਵਿਭਾਗ ਦੇ ਮੰਤਰੀ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਮੁੱਖ ਮੰਤਰੀ ਭਗਵੰਤ ਮਾਨ ਇਸ ਪੂਰੇ ਮੁੱਦੇ 'ਤੇ ਸਥਿਤੀ ਸਪਸ਼ਟ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਤੋਂ ਮਾਫ਼ੀ ਮੰਗਣ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਵਿਧਾਨ ਸਭਾ ਦੇ ਅੰਦਰ ਪੂਰਜ਼ੋਰ ਨਾਲ ਚੁੱਕੇਗੀ। ਉਹ ਇਸ ਸਬੰਧੀ ਵਿਰੋਧੀ ਧਿਰ ਦੇ ਨੇਤਾ ਨਾਲ ਗੱਲਬਾਤ ਕਰਨਗੇ ਤਾਂ ਜੋ ਸਰਕਾਰ ਨੂੰ ਘੇਰਿਆ ਜਾ ਸਕੇ ਅਤੇ ਨੌਜਵਾਨਾਂ ਨੂੰ ਇਨਸਾਫ਼ ਦਵਾਇਆ ਜਾ ਸਕੇ।
- Download Babushahi App
-
-