ਲੁਧਿਆਣਾ ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ! ਹੈਰੋਇਨ, ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਦੋਸ਼ੀ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 30 ਜੁਲਾਈ 2026
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ (ਆਈ.ਪੀ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਇੱਕ ਹੋਰ ਮਹੱਤਵਪੂਰਨ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇੱਕ ਆਦਤੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ, ਦੋ .32 ਬੋਰ ਦੇਸੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਕਾਰਵਾਈ ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ (ਪੀ.ਪੀ.ਐਸ.), ਏਡੀਸੀਪੀ ਜ਼ੋਨ-4 ਜਸ਼ਨਦੀਪ ਸਿੰਘ ਗਿੱਲ (ਪੀ.ਪੀ.ਐਸ.) ਅਤੇ ਏਸੀਪੀ ਇੰਡਸਟਰੀ ਏਰੀਆ-ਏ ਇੰਦਰਜੀਤ ਸਿੰਘ ਬੋਪਾਰਾਏ (ਪੀ.ਪੀ.ਐਸ.) ਦੀ ਨਿਗਰਾਨੀ ਹੇਠ ਕੀਤੀ ਗਈ। ਥਾਣਾ ਮੋਤੀ ਨਗਰ ਦੇ ਮੁੱਖ ਅਫ਼ਸਰ ਇੰਸਪੈਕਟਰ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ 29 ਜੁਲਾਈ 2026 ਨੂੰ ਇਲਾਕੇ ਵਿੱਚ ਗਸ਼ਤ, ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਨਸ਼ਾ ਤਸਕਰਾਂ ਦੀ ਭਾਲ ਦੌਰਾਨ ਸਪਰਿੰਗ ਡੇਲ ਸਕੂਲ ਨੇੜੇ ਮੌਜੂਦ ਸੀ।
ਇਸ ਦੌਰਾਨ ਇੱਕ ਭਰੋਸੇਯੋਗ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਬਿੱਟੂ ਕੁਮਾਰ ਉਰਫ਼ ਬਿੱਟੂ, ਵਾਸੀ ਕੈਲਾਸ਼ ਨਗਰ, ਨੇੜੇ ਮੰਗਾ ਕਰਿਆਨਾ ਸਟੋਰ, ਲੁਧਿਆਣਾ, ਆਪਣੇ ਕਮਰੇ ਵਿੱਚ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਮੇਤ ਮੌਜੂਦ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਦੋਸ਼ੀ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ, ਦੋ .32 ਬੋਰ ਦੇਸੀ ਪਿਸਤੌਲ ਅਤੇ ਪੰਜ .32 ਬੋਰ ਦੇ ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਤੋਂ ਬਾਅਦ ਥਾਣਾ ਮੋਤੀ ਨਗਰ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਬਿੱਟੂ ਕੁਮਾਰ ਉਰਫ਼ ਬਿੱਟੂ ਪਹਿਲਾਂ ਵੀ ਕਈ ਗੰਭੀਰ ਮਾਮਲਿਆਂ ਵਿੱਚ ਨਾਮਜ਼ਦ ਰਹਿ ਚੁੱਕਾ ਹੈ। ਉਸ ਖ਼ਿਲਾਫ਼ ਨਸ਼ਾ ਤਸਕਰੀ, ਆਰਮਜ਼ ਐਕਟ, ਚੋਰੀ, ਚੋਰੀ ਦਾ ਸਮਾਨ ਰੱਖਣ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸੰਬੰਧਿਤ ਕਈ ਕੇਸ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਹੀ ਦਰਜ ਹਨ।
ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦਾ ਨੈੱਟਵਰਕ ਕਿੱਥੋਂ ਤੱਕ ਫੈਲਿਆ ਹੋਇਆ ਹੈ। ਨਾਲ ਹੀ ਦੋਸ਼ੀ ਦੇ ਹੋਰ ਸਾਥੀਆਂ ਦੀ ਭਾਲ ਵੀ ਜਾਰੀ ਹੈ।
ਲੁਧਿਆਣਾ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਅਜਿਹੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
- Download Babushahi App
-
-