ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦਾ ਕਾਰਜਕਾਲ ਸੰਪੰਨ
ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਨੇ ਕਾਰਜਕਾਰੀ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ
ਅਸ਼ੋਕ ਵਰਮਾ
ਬਠਿੰਡਾ, 1 ਅਗਸਤ 2026 : ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦਾ ਕਾਰਜਕਾਲ 31 ਜੁਲਾਈ 2026 ਨੂੰ ਸਫਲਤਾਪੂਰਵਕ ਸੰਪੰਨ ਹੋ ਗਿਆ ਜਿਸ ਤੋਂ ਬਾਅਦ ਯੂਨੀਵਰਸਿਟੀ ਦੇ ਬਾਇਓਕੈਮਿਸਟਰੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਨੇ ਕਾਰਜਕਾਰੀ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ।ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ 22 ਅਗਸਤ 2020 ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਤੀਜੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਨੇ ਸਿੱਖਿਆ, ਖੋਜ, ਬੁਨਿਆਦੀ ਢਾਂਚੇ ਦੇ ਵਿਕਾਸ, ਨਵੀਨਤਾ ਅਤੇ ਪ੍ਰਸ਼ਾਸਨ ਦੇ ਖੇਤਰਾਂ ਵਿੱਚ ਮਹੱਤਵਪੂਰਨ ਤਰੱਕੀ ਕੀਤੀ।
ਉਨ੍ਹਾਂ ਦੀ ਦੂਰਅੰਦੇਸ਼ ਅਗਵਾਈ ਹੇਠ ਯੂਨੀਵਰਸਿਟੀ ਨੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ, ਨਵੇਂ ਅਕਾਦਮਿਕ ਪ੍ਰੋਗਰਾਮਾਂ ਅਤੇ ਖੋਜ ਗਤੀਵਿਧੀਆਂ ਦਾ ਵਿਸਤਾਰ ਕੀਤਾ, ਉਦਯੋਗਾਂ ਅਤੇ ਸਿੱਖਿਆ ਸੰਸਥਾਵਾਂ ਨਾਲ ਸਹਿਯੋਗ ਨੂੰ ਮਜ਼ਬੂਤ ਕੀਤਾ ਅਤੇ ਨਵੀਨਤਾ, ਉਦਮਤਾ ਅਤੇ ਸਮਾਜਿਕ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ।
ਪ੍ਰੋ. ਤਿਵਾੜੀ ਦੀ ਅਗਵਾਈ ਵਿੱਚ ਯੂਨੀਵਰਸਿਟੀ ਨੇ ਕਈ ਮਹੱਤਵਪੂਰਨ ਪ੍ਰਾਪਤੀਆਂ ਹਾਸਲ ਕੀਤੀਆਂ। ਯੂਨੀਵਰਸਿਟੀ ਨੇ ਨੈਕ (NAAC) ਦੇ ਦੂਜੇ ਮੁਲਾਂਕਣ ਚੱਕਰ ਵਿੱਚ ਏ+ ਗ੍ਰੇਡ ਪ੍ਰਾਪਤ ਕੀਤਾ, ਰਾਸ਼ਟਰੀ ਸੰਸਥਾਗਤ ਰੈਂਕਿੰਗ ਫਰੇਮਵਰਕ (NIRF) ਵਿੱਚ ਦੇਸ਼ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿੱਚ ਆਪਣਾ ਸਥਾਨ ਬਰਕਰਾਰ ਰੱਖਿਆ ਅਤੇ ਟਾਈਮਜ਼ ਹਾਇਰ ਐਜੂਕੇਸ਼ਨ (THE) ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ ਪਹਿਲੀ ਵਾਰ ਸਥਾਨ ਹਾਸਲ ਕੀਤਾ।
ਇਸ ਦੌਰਾਨ ਯੂਨੀਵਰਸਿਟੀ ਦੇ ਖੋਜ ਪ੍ਰਕਾਸ਼ਨਾਂ, ਵਿੱਤੀ ਸਹਾਇਤਾ ਪ੍ਰਾਪਤ ਖੋਜ ਪ੍ਰੋਜੈਕਟਾਂ, ਅਧਿਆਪਕਾਂ ਦੀ ਗਿਣਤੀ, ਅਕਾਦਮਿਕ ਪ੍ਰੋਗਰਾਮਾਂ ਅਤੇ ਸਥਾਈ ਕੈਂਪਸ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਵਾਧਾ ਹੋਇਆ।ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਹੁਣ ਅਸਾਮ ਦੀ ਗੁਹਾਟੀ ਸਥਿਤ ਪ੍ਰਾਗਜਯੋਤਿਸ਼ਪੁਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਕਾਰਜਭਾਰ ਸੰਭਾਲਣਗੇ। ਸ਼ਨੀਵਾਰ ਨੂੰ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਉਨ੍ਹਾਂ ਨੂੰ ਭਾਵਪੂਰਨ ਵਿਦਾਈ ਦਿੱਤੀ। ਇਸ ਮੌਕੇ ਸਭ ਨੇ ਯੂਨੀਵਰਸਿਟੀ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਦੇ ਭਵਿੱਖੀ ਕਾਰਜਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਦੇ ਕਾਰਜਕਾਰੀ ਵਾਈਸ ਚਾਂਸਲਰ ਵਜੋਂ ਕਾਰਜਭਾਰ ਸੰਭਾਲਣ ਨਾਲ ਯੂਨੀਵਰਸਿਟੀ ਦਾ ਪ੍ਰਸ਼ਾਸਨ ਨਿਯਮਿਤ ਵਾਈਸ ਚਾਂਸਲਰ ਦੀ ਨਿਯੁਕਤੀ ਹੋਣ ਤੱਕ ਉਨ੍ਹਾਂ ਦੀ ਅਗਵਾਈ ਹੇਠ ਚਲਦਾ ਰਹੇਗਾ।
ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਨੂੰ ਅਧਿਆਪਨ, ਖੋਜ ਅਤੇ ਅਕਾਦਮਿਕ ਪ੍ਰਸ਼ਾਸਨ ਦਾ 25 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਪਿਛਲੇ ਛੇ ਸਾਲਾਂ ਤੋਂ ਯੂਨੀਵਰਸਿਟੀ ਵਿੱਚ ਡੀਨ ਇੰਚਾਰਜ (ਅਕਾਦਮਿਕ) ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਯੂਨੀਵਰਸਿਟੀ ਦੀ ਅਕਾਦਮਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ, ਵੱਖ-ਵੱਖ ਮਹੱਤਵਪੂਰਨ ਸੰਸਥਾਗਤ ਪਹਿਲਕਦਮੀਆਂ ਨੂੰ ਸਫਲਤਾਪੂਰਵਕ ਲਾਗੂ ਕਰਨ ਅਤੇ ਅਕਾਦਮਿਕ ਉਤਕ੍ਰਿਸ਼ਟਤਾ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ।
- Download Babushahi App
-
-