ਅਰਮੀਨੀਆ 'ਚ ਸੜਕ ਹਾਦਸੇ ਦਾ ਸ਼ਿਕਾਰ ਜਸਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ
ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਮ੍ਰਿਤਕ ਦੇਹ ਪਿੰਡ ਪਹੁੰਚੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ/ਕਪੂਰਥਲਾ: ਅਰਮੀਨੀਆ ਵਿੱਚ ਸੜਕ ਹਾਦਸੇ ਦੌਰਾਨ ਜਾਨ ਗੁਆ ਬੈਠੇ ਪਿੰਡ ਸੰਗੋਜਲਾ ਦੇ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਸੰਗੋਜਲਾ ਵਿਖੇ ਗਮਗੀਨ ਮਾਹੌਲ ਵਿੱਚ ਕਰ ਦਿੱਤਾ ਗਿਆ।
ਮੈਂਬਰ ਪਾਰਲੀਮੈਂਟ ਅਤੇ ਸਮਾਜ ਸੇਵੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਵਿਦੇਸ਼ ਤੋਂ ਭਾਰਤ ਲਿਆਂਦੀ ਗਈ। ਜਿਵੇਂ ਹੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪਰਿਵਾਰ ਵਿੱਚ ਚੀਕ-ਚਿਹਾੜਾ ਮਚ ਗਿਆ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਸਾਕ-ਸਬੰਧੀ ਅਤੇ ਪਿੰਡ ਵਾਸੀ ਪਹੁੰਚੇ। ਹਰ ਕਿਸੇ ਨੇ ਨਮ ਅੱਖਾਂ ਨਾਲ ਜਸਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਕਾਰਨ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਆਪਣੇ ਵਤਨ ਲਿਆਉਣਾ ਸੰਭਵ ਹੋ ਸਕਿਆ, ਜਿਸ ਨਾਲ ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਰਸਮਾਂ ਅਨੁਸਾਰ ਕਰ ਸਕਿਆ।
- Download Babushahi App
-
-