ਜ਼ਿਲ੍ਹਾ ਗਾਈਡੈਂਸ ਕੌਂਸਲਰ ਨੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ;
ਵਿਦਿਆਰਥੀਆਂ ਨੂੰ ਕਰੀਅਰ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਕੀਤਾ ਜਾਗਰੂਕ
ਰੋਹਿਤ ਗੁਪਤਾ
ਬਟਾਲਾ, 1 ਅਗਸਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਕੁਮਾਰ (ਸਟੇਟ ਅਵਾਰਡੀ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਜ਼ਿਲ੍ਹੇ ਦੇ ਮੁੱਖ ਸਰਕਾਰੀ ਸਕੂਲਾਂ—ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਅਤੇ ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਉਚੇਚੇ ਤੌਰ 'ਤੇ ਸਥਾਪਿਤ ਕੀਤੇ ਗਏ 'ਗਾਈਡੈਂਸ ਕਾਰਨਰਾਂ' ਅਤੇ ਕਰੀਅਰ ਗਾਈਡੈਂਸ ਨਾਲ ਸਬੰਧਿਤ ਗਤੀਵਿਧੀਆਂ ਦੇ ਰਿਕਾਰਡ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ। ਇਸ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਪਵਿੱਤਰ ਸਿੱਖਿਆਵਾਂ, ਸਮਾਨਤਾ ਅਤੇ ਮਾਨਵਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਹੀ ਅਸੀਂ ਇੱਕ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿ ਕੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣੀ ਚਾਹੀਦੀ ਹੈ, ਤਾਂ ਜੋ ਉਹ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਣ।
ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੇ ਦਸਵੀਂ ਅਤੇ ਬਾਰ੍ਹਵੀਂ ਤੋਂ ਬਾਅਦ ਉਪਲਬਧ ਵੱਖ-ਵੱਖ ਕਿੱਤਾ-ਮੁਖੀ (ਵੋਕੇਸ਼ਨਲ) ਕੋਰਸਾਂ, ਉੱਚ ਸਿੱਖਿਆ ਦੇ ਵਿਕਲਪਾਂ ਅਤੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ (NMMS), JEE, NEET ਅਤੇ ਹੋਰ ਭਵਿੱਖ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਬਾਰੀਕੀ ਨਾਲ ਮਾਰਗਦਰਸ਼ਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਦੀ ਮਹੱਤਤਾ ਸਮਝਾਉਂਦੇ ਹੋਏ ਆਪਣੇ ਟੀਚੇ ਨਿਰਧਾਰਿਤ ਕਰਨ ਅਤੇ ਸਹੀ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ "ਨਸ਼ਾ ਮੁਕਤ ਭਾਰਤ ਅਭਿਆਨ" ਦੇ ਤਹਿਤ ਸਕੂਲਾਂ ਵਿੱਚ ਵਿਸ਼ੇਸ਼ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਜਾਗਰੂਕਤਾ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਪ੍ਰਤੀਯੋਗਿਤਾਵਾਂ ਵਿੱਚ ਬਹਿਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਹੌਸਲਾ ਅਫਜ਼ਾਈ ਲਈ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਸਨਮਾਨ ਸਮਾਰੋਹ ਵਿੱਚ ਜਿਲਾ ਸਮਾਜਿਕ ਸੁਰੱਖਿਆ ਅਫਸਰ ਡਾਕਟਰ ਕਿਰਤਪ੍ਰੀਤ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ।
ਇਸ ਪੂਰੇ ਉਪਰਾਲੇ ਦੌਰਾਨ ਪ੍ਰਿੰਸੀਪਲ ਕੰਵਲਜੀਤ ਕੌਰ, ਇੰਚਾਰਜ ਜਤਿੰਦਰ ਸਿੰਘ, ਲੈਕਚਰਾਰ ਪ੍ਰਦੀਪ ਕੌਰ, ਲੈਕਚਰਾਰ ਦੀਪਕ ਕੁਮਾਰ ਭੱਟੀ, ਪਵਨ ਭਾਰਦਵਾਜ, ਗਾਈਡੈਂਸ ਕੌਂਸਲਰ ਸ਼ਿਵਾਨੀ ਪੁਰੀ, ਗਾਈਡੈਂਸ ਕੌਂਸਲਰ ਤਜਿੰਦਰ ਸਿੰਘ, ਅਤੇ ਗਾਈਡੈਂਸ ਕੌਂਸਲਰ ਦਵਿੰਦਰ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
- Download Babushahi App
-
-