'ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ ਸੰਕਲਪ ਅਭਿਆਨ' ਦੇ ਉਦਘਾਟਨੀ ਸਮਾਰੋਹ ਵਿੱਚ ਕੇਂਦਰੀ ਯੂਨੀਵਰਸਿਟੀ ਸ਼ਾਮਿਲ
• ਨਸ਼ਾ ਮੁਕਤ ਭਾਰਤ ਦੇ ਨਿਰਮਾਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਲਿਆ ਸਾਂਝਾ ਸੰਕਲਪ
ਅਸ਼ੋਕ ਵਰਮਾ
ਬਠਿੰਡਾ, 2 ਅਗਸਤ 2026 : ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਦੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ 'ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ ਸੰਕਲਪ ਅਭਿਆਨ' ਦੇ ਉਦਘਾਟਨ ਸਮਾਗਮ ਵਿੱਚ ਭਾਗ ਲਿਆ। ਇਸ ਮੌਕੇ ਯੂਨੀਵਰਸਿਟੀ ਦੇ ਆਰੀਆਭੱਟ ਅਕਾਦਮਿਕ ਬਲਾਕ ਸਥਿਤ ਯੂਨੀਵਰਸਿਟੀ ਆਡੀਟੋਰੀਅਮ ਵਿਖੇ ਪ੍ਰੋਗਰਾਮ ਦੀ ਵਿਸ਼ੇਸ਼ ਸਕ੍ਰੀਨਿੰਗ ਆ ਕੀਤੀ ਗਈ। ਇਸ ਸਮਾਗਮ ਵਿੱਚ ਕਾਰਜਕਾਰੀ ਵਾਇਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨਾ ਵੁਸੀਰਿਕਾ ਦੀ ਅਗਵਾਈ ਹੇਠ 150 ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।
ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਦੇ ਤਹਿਤ, ਦੇਸ਼ ਭਰ ਵਿੱਚ ਹਰ ਐਤਵਾਰ ਨੂੰ ਹਫ਼ਤਾਵਾਰੀ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਨਸ਼ਾ ਮੁਕਤ ਸਮਾਜ ਬਣਾਉਣ ਵਿੱਚ ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਨ੍ਹਾਂ ਗਤੀਵਿਧੀਆਂ ਵਿੱਚ ਖੇਡ ਸਮਾਗਮ, ਵਾਕਥੌਨ, ਧਿਆਨ ਸੈਸ਼ਨ, ਸੱਭਿਆਚਾਰਕ ਪ੍ਰੋਗਰਾਮ, ਜਾਗਰੂਕਤਾ ਮੁਹਿੰਮਾਂ, ਨੁੱਕੜ ਨਾਟਕ, ਚਰਚਾ ਮੰਚ, ਕਲਾ ਮੁਕਾਬਲੇ ਅਤੇ ਭਾਈਚਾਰਕ ਸ਼ਮੂਲੀਅਤ ਪ੍ਰੋਗਰਾਮ ਸ਼ਾਮਲ ਹੋਣਗੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਨੂੰ ਇਸ ਅਭਿਆਨ ਨਾਲ ਜੁੜਨ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਦੇ ਪ੍ਰੇਰਕ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਡੀਨ ਵਿਦਿਆਰਥੀ ਭਲਾਈ ਪ੍ਰੋ. ਸੰਜੀਵ ਠਾਕੁਰ ਨੇ ਵਿਦਿਆਰਥੀਆਂ ਨੂੰ 'ਨਸ਼ਾ ਮੁਕਤ ਭਾਰਤ' ਦੀ ਸਹੁੰ ਦਿਵਾਈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਮਾਈ ਭਾਰਤ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਕੇ ਡਿਜ਼ਿਟਲ ਮਾਧਿਅਮ ਰਾਹੀਂ 'ਨਸ਼ਾ ਮੁਕਤ ਭਾਰਤ' ਦੀ ਸ਼ਪਥ ਲਈ ਅਤੇ ਨਸ਼ਾ ਮੁਕਤ ਭਾਰਤ ਦੇ ਰਾਸ਼ਟਰੀ ਅਭਿਆਨ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ।
ਇਸ ਸਮਾਗਮ ਵਿੱਚ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨਾ ਵੁਸੀਰਿਕਾ, ਰਜਿਸਟਰਾਰ ਡਾ. ਵਿਜੈ ਸ਼ਰਮਾ, ਵਿੱਤ ਅਧਿਕਾਰੀ ਡਾ. ਰਾਜਕੁਮਾਰ ਸ਼ਰਮਾ, ਯੂਨੀਵਰਸਿਟੀ ਦੇ ਲਾਇਬ੍ਰੇਰੀਅਨ ਡਾ. ਸੁਦੀਪ ਸ਼ਰਮਾ ਸਮੇਤ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਅਤੇ ਫੈਕਲਟੀ ਮੈਂਬਰ ਹਾਜ਼ਰ ਸਨ।
ਪ੍ਰੋਗਰਾਮ ਦਾ ਸੰਚਾਲਨ ਰਾਸ਼ਟਰੀ ਸੇਵਾ ਯੋਜਨਾ (ਐਨਐੱਸਐੱਸ) ਸੈੱਲ ਦੇ ਯੂਨਿਟ-1 ਦੇ ਪ੍ਰੋਗਰਾਮ ਅਧਿਕਾਰੀ ਡਾ. ਸਤਪ੍ਰੀਤ ਸਿੰਘ ਜੱਸਲ ਅਤੇ ਯੂਨਿਟ-3 ਦੇ ਪ੍ਰੋਗਰਾਮ ਅਧਿਕਾਰੀ ਡਾ. ਸਮੀਰ ਮਹਾਜਨ ਨੇ ਕੀਤਾ। ਪਰੋਗ੍ਰਾਮ ਦਾ ਅੰਤ ਯੂਨੀਵਰਸਿਟੀ ਪਰਿਵਾਰ ਵੱਲੋਂ ਨਸ਼ਾ-ਮੁਕਤ ਕੈਂਪਸ ਬਣਾਈ ਰੱਖਣ ਅਤੇ 'ਨਸ਼ਾ ਮੁਕਤ ਭਾਰਤ' ਦੇ ਰਾਸ਼ਟਰੀ ਮੁਹਿੰਮ ਨੂੰ ਸਾਕਾਰ ਕਰਨ ਲਈ ਸਰਗਰਮ ਯੋਗਦਾਨ ਦੇਣ ਦੇ ਸਾਂਝੇ ਸੰਕਲਪ ਨਾਲ ਹੋਇਆ।
- Download Babushahi App
-
-