ਸਵੇਰੇ 9:30 ਵਜੇ ਵੀ ਸੁੰਨੇ ਪਏ ਰਹੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੇ ਦਫ਼ਤਰ, ਲੋਕ ਖੱਜਲ-ਖੁਆਰ, ਪ੍ਰਸ਼ਾਸਨ ਬੇਖ਼ਬਰ !
ਦੀਪਕ ਜੈਨ
ਜਗਰਾਉਂ 3 ਅਗਸਤ 2026 -ਬੀਤੇ ਦਿਨੀਂ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਖ਼ਬਰਾਂ ਤੋਂ ਵੀ ਜਗਰਾਉਂ ਤਹਿਸੀਲ ਕੰਪਲੈਕਸ ਵਿੱਚ ਸੇਵਾਵਾਂ ਨਿਭਾ ਰਹੇ ਕੁਝ ਅਧਿਕਾਰੀਆਂ ਨੇ ਕੋਈ ਸਬਕ ਨਹੀਂ ਸਿੱਖਿਆ ਜਾਪਦਾ। ਆਮ ਲੋਕਾਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕਰੀਬ ਇੱਕ ਹਫ਼ਤਾ ਪਹਿਲਾਂ ਸਥਾਨਕ ਪੱਤਰਕਾਰਾਂ ਦੀ ਟੀਮ ਨੇ ਤਹਿਸੀਲ ਕੰਪਲੈਕਸ ਦਾ ਦੌਰਾ ਕਰਕੇ ਹਕੀਕਤ ਜਾਣਨ ਦੀ ਕੋਸ਼ਿਸ਼ ਕੀਤੀ ਸੀ। ਉਸ ਵੇਲੇ ਵੀ ਲੋਕਾਂ ਦੀਆਂ ਸ਼ਿਕਾਇਤਾਂ ਸਹੀ ਸਾਬਤ ਹੋਈਆਂ ਸਨ ਕਿ ਸਵੇਰੇ 9:30 ਵਜੇ ਤੱਕ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੇ ਦਫ਼ਤਰ ਸੁੰਨੇ ਪਏ ਸਨ, ਜਦਕਿ ਸਰਕਾਰੀ ਦਫ਼ਤਰਾਂ ਵਿੱਚ ਬਿਜਲੀ ਅਤੇ ਪੱਖੇ ਚੱਲ ਰਹੇ ਸਨ ਪਰ ਅਧਿਕਾਰੀ ਨਜ਼ਰ ਨਹੀਂ ਆ ਰਹੇ ਸਨ।
ਉਸ ਸਮੇਂ ਸੰਬੰਧਿਤ ਅਧਿਕਾਰੀਆਂ ਨੇ ਵੱਖ-ਵੱਖ ਸਰਕਾਰੀ ਮੀਟਿੰਗਾਂ ਅਤੇ ਹੋਰ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਸਮੇਂ ਸਿਰ ਦਫ਼ਤਰ ਨਾ ਪਹੁੰਚਣ ਦਾ ਕਾਰਨ ਦੱਸਿਆ ਸੀ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇੱਕ ਹਫ਼ਤੇ ਬਾਅਦ ਵੀ ਹਾਲਾਤ ਵਿੱਚ ਕੋਈ ਸੁਧਾਰ ਨਜ਼ਰ ਨਹੀਂ ਆਇਆ।
ਅੱਜ ਮੁੜ ਪੱਤਰਕਾਰਾਂ ਦੀ ਟੀਮ ਨੇ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਤਾਂ ਸਵੇਰੇ 9:30 ਵਜੇ ਤੱਕ ਵੀ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੇ ਦਫ਼ਤਰ ਖਾਲੀ ਪਏ ਮਿਲੇ। ਇਸ ਦੌਰਾਨ ਆਪਣੇ ਜ਼ਰੂਰੀ ਕੰਮਾਂ ਲਈ ਦੂਰ-ਦੁਰਾਡੇ ਤੋਂ ਆਏ ਲੋਕ ਅਧਿਕਾਰੀਆਂ ਦੀ ਉਡੀਕ ਕਰਦੇ ਨਜ਼ਰ ਆਏ ਅਤੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9:00 ਵਜੇ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਬਾਵਜੂਦ ਜਗਰਾਉਂ ਤਹਿਸੀਲ ਕੰਪਲੈਕਸ ਵਿੱਚ ਕੁਝ ਅਧਿਕਾਰੀਆਂ ਵੱਲੋਂ ਸਰਕਾਰੀ ਨਿਯਮਾਂ ਅਤੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਆਪਣੀ ਮਰਜ਼ੀ ਨਾਲ ਡਿਊਟੀ 'ਤੇ ਪਹੁੰਚਣ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦਾ ਸਿੱਧਾ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ, ਜਿਨ੍ਹਾਂ ਨੂੰ ਘੰਟਿਆਂ ਉਡੀਕ ਕਰਨੀ ਪੈਂਦੀ ਹੈ ਅਤੇ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਖੱਜਲ-ਖੁਆਰ ਹੋਣਾ ਪੈਂਦਾ ਹੈ।
ਜਦੋਂ ਇਸ ਸਬੰ

ਧੀ ਐਸ.ਡੀ.ਐਮ. ਜਗਰਾਉਂ ਬਾਦਲ ਦੀਨ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਪੱਖ ਜਾਣਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸਮੇਂ ਸਿਰ ਡਿਊਟੀ 'ਤੇ ਹਾਜ਼ਰ ਨਹੀਂ ਸਨ। ਉਨ੍ਹਾਂ ਕਿਹਾ ਕਿ ਮੀਡੀਆ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਹੀ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਅਤੇ ਉਹ ਸੰਬੰਧਿਤ ਅਧਿਕਾਰੀਆਂ ਤੋਂ ਸਪਸ਼ਟੀਕਰਨ ਮੰਗਣਗੇ ਕਿ ਆਖ਼ਿਰ ਉਹ ਨਿਰਧਾਰਿਤ ਸਮੇਂ 'ਤੇ ਦਫ਼ਤਰ ਕਿਉਂ ਨਹੀਂ ਪਹੁੰਚੇ।
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਦੋਂ ਸ਼ਿਕਾਇਤਾਂ, ਖ਼ਬਰਾਂ ਅਤੇ ਹਕੀਕਤ ਵਾਰ-ਵਾਰ ਸਾਹਮਣੇ ਆ ਰਹੀ ਹੈ ਤਾਂ ਕੀ ਪ੍ਰਸ਼ਾਸਨ ਸਿਰਫ਼ ਸਪਸ਼ਟੀਕਰਨ ਤੱਕ ਹੀ ਸੀਮਤ ਰਹੇਗਾ ਜਾਂ ਫਿਰ ਡਿਊਟੀ ਪ੍ਰਤੀ ਲਾਪਰਵਾਹੀ ਦਿਖਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਵੀ ਕੀਤੀ ਜਾਵੇਗੀ? ਆਮ ਲੋਕਾਂ ਦੀ ਨਜ਼ਰ ਹੁਣ ਪ੍ਰਸ਼ਾਸਨ ਦੇ ਅਗਲੇ ਕਦਮ 'ਤੇ ਟਿਕੀ ਹੋਈ ਹੈ।
- Download Babushahi App
-
-