7 ਅਗਸਤ ਦੀ ਚੰਡੀਗੜ੍ਹ ਰੈਲੀ ਨੂੰ ਲੈ ਕੇ ਬੀ.ਐਡ ਅਧਿਆਪਕ ਫਰੰਟ ਪੰਜਾਬ ਦੀ ਹੋਈ ਆਨਲਾਈਨ ਮੀਟਿੰਗ
"ਫਰੰਟ ਵੱਲੋਂ ਰੈਲੀ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ, ਮੁਲਾਜ਼ਮ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ"-ਮਾਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 4 ਅਗਸਤ, 2026- ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਅਤੇ ਸਾਂਝੇ ਮੰਚ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਬੀ.ਐਡ ਅਧਿਆਪਕ ਫਰੰਟ ਪੰਜਾਬ ਦੀ ਇੱਕ ਅਹਿਮ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਫਰੰਟ ਵੱਲੋਂ ਚੰਡੀਗੜ੍ਹ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਸੁਰਜੀਤ ਰਾਜਾ, ਅਜੀਤ ਪਾਲ ਸਿੰਘ ਜੱਸੋਵਾਲ, ਬਿਕਰਮਜੀਤ ਸਿੰਘ ਕੱਦੋ, ਡਾ. ਸੰਤ ਸੇਵਕ ਸਿੰਘ ਸਰਕਾਰੀਆ, ਕੁਲਜੀਤ ਸਿੰਘ (ਫਤਿਹਗੜ੍ਹ ਸਾਹਿਬ) ਅਤੇ ਗੁਰਦਿਆਲ ਮਾਨ ਸੂਬਾ ਪ੍ਰੈਸ ਸਕੱਤਰ ਨੇ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਲਈ ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਮੂਹ ਕੇਡਰ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕੀਤਾ ਜਾਵੇ, ਡੀਏ ਦੇ ਬਕਾਏ ਜਾਰੀ ਕੀਤੇ ਜਾਣ, ਪ੍ਰਾਇਮਰੀ ਤੋਂ ਮਾਸਟਰ ਕੇਡਰ ਦੀਆਂ ਲੰਬਿਤ ਤਰੱਕੀਆਂ ਕੀਤੀਆਂ ਜਾਣ, ਕੱਟੇ ਗਏ ਸਾਰੇ ਭੱਤੇ ਮੁੜ ਬਹਾਲ ਕੀਤੇ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮਿਡ-ਡੇ ਮੀਲ ਦੀ ਕੁਕਿੰਗ ਕਾਸਟ ਨਿਰੰਤਰ ਜਾਰੀ ਕੀਤੀ ਜਾਵੇ ਅਤੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਤੋਂ ਬੇਲੋੜੇ ਗੈਰ-ਅਧਿਆਪਨ ਕੰਮ ਲੈਣੇ ਬੰਦ ਕੀਤੇ ਜਾਣ।
ਮੀਟਿੰਗ ਦੌਰਾਨ 23 ਅਗਸਤ ਨੂੰ ਸਤੋਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਲਈ ਕਿਹਾ ਗਿਆ। ਇਸ ਰੈਲੀ ਨੂੰ ਸਫਲ ਬਣਾਉਣ ਦੇ ਲਈ ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾ ਕਮੇਟੀ ਮੈਂਬਰਾਂ ਨੂੰ ਸੈਂਟਰ ਪੱਧਰ ,ਬਲਾਕ ,ਜਿਲਾ ਪੱਧਰ ਤੇ ਮੁਲਾਜ਼ਮਾਂ ਨੂੰ ਲਾਮਬੰਦ ਕਰਨ ਦੀ ਅਪੀਲ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਹਰ ਮੁਲਾਜ਼ਮ ਲਈ ਸੇਵਾ ਮੁਕਤੀ ਤੋਂ ਬਾਅਦ ਆਰਥਿਕ ਸੁਰੱਖਿਆ ਦਾ ਅਹਿਮ ਆਧਾਰ ਹੈ, ਪਰ ਸਰਕਾਰ ਨੇ ਆਪਣੇ ਚੋਣ ਵਾਅਦੇ ਦੇ ਬਾਵਜੂਦ ਇਸ ਨੂੰ ਲਾਗੂ ਨਹੀਂ ਕੀਤਾ। ਇਸ ਕਾਰਨ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਨਾਰਾਜ਼ਗੀ ਅਤੇ ਰੋਸ ਲਗਾਤਾਰ ਵਧ ਰਿਹਾ ਹੈ।
ਮੀਟਿੰਗ ਵਿੱਚ ਗੁਰਦਿਆਲ ਮਾਨ (ਨਵਾਂ ਸ਼ਹਿਰ), ਜੁਝਾਰ ਸਿੰਘ ਸੰਹੂਗੜਾ, ਗੁਰਦੀਪ ਸਿੰਘ ਚੀਮਾ, ਪਰਮਿੰਦਰ (ਬਰਨਾਲਾ), ਕੇਵਲ ਸਿੰਘ, ਦਰਸ਼ਨ ਅਲੀ ਸ਼ੇਰ, ਬਲਵਿੰਦਰ ਸਿੰਘ ਰੈਲੋ, ਹਰਪ੍ਰੀਤ ਸਿੰਘ ਹੈਰੀ ਬਰਾੜ, ਪ੍ਰਭਜੋਤ ਸਿੰਘ, ਭਵਾਨੀ ਠਾਕੁਰ, ਕਰਮਜੀਤ ਜਲਾਲ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਹਾਜ਼ਰ ਰਹੇ।
- Download Babushahi App
-
-