ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਹਨ ਤੀਰਥ ਅਸਥਾਨਾਂ ਦੇ ਮੁਫ਼ਤ ਦਰਸ਼ਨ : ਮੇਅਰ ਪਦਮਜੀਤ ਸਿੰਘ ਮਹਿਤਾ
ਅਸ਼ੋਕ ਵਰਮਾ
ਬਠਿੰਡਾ, 6 ਅਗਸਤ 2026 :ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਸਥਾਨਕ ਰਾਜੀਵ ਗਾਂਧੀ ਨਗਰ ਵਾਰਡ ਨੰਬਰ 46 ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ।
ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਢੁੱਕਵਾਂ ਪ੍ਰਬੰਧ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਸ੍ਰੀ ਬਲਵਿੰਦਰ ਸਿੰਘ ਬਿੰਦਰ, ਸ੍ਰੀ ਅਸ਼ਵਨੀ ਬੰਟੀ, ਬਲਾਕ ਪ੍ਰਧਾਨ ਸ੍ਰੀ ਰਵੀ ਕੁਮਾਰ ਆਦਿ ਮੌਜੂਦ ਸਨ ।
- Download Babushahi App
-
-