Canada ਦੇ ਨਵੇਂ ਵਰਕ ਪਰਮਿਟ ਨਿਯਮਾਂ ਨਾਲ ਪ੍ਰਭਾਵਿਤ ਪੰਜਾਬੀ ਨੌਜਵਾਨਾਂ ਦੇ ਹੱਕ 'ਚ ਡਟੇ ਡਾ. ਰਵਜੋਤ ਸਿੰਘ, ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਲਈ ਮੰਗਿਆ ਸਮਾਂ
Ravi Jakhu
ਚੰਡੀਗੜ੍ਹ, 6 ਅਗਸਤ 2026- ਕੈਨੇਡਾ ਵੱਲੋਂ ਵਰਕ ਪਰਮਿਟ ਸਬੰਧੀ ਲਾਗੂ ਕੀਤੇ ਗਏ ਨਵੇਂ ਨਿਯਮਾਂ ਕਾਰਨ ਪ੍ਰਭਾਵਿਤ ਹੋਏ ਪੰਜਾਬੀ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹੱਕ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅੱਗੇ ਆਏ ਹਨ। ਉਨ੍ਹਾਂ ਨੇ ਇਸ ਗੰਭੀਰ ਮਾਮਲੇ ਨੂੰ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਉਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਕੈਨੇਡਾ ਦੀਆਂ ਨਵੀਆਂ ਨੀਤੀਆਂ ਕਾਰਨ ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਈ ਨੌਜਵਾਨ ਆਪਣੀ ਪੜ੍ਹਾਈ ਅਤੇ ਰੋਜ਼ਗਾਰ ਦੇ ਸੁਪਨੇ ਸਾਕਾਰ ਕਰਨ ਲਈ ਕੈਨੇਡਾ ਗਏ ਸਨ, ਪਰ ਨਵੇਂ ਨਿਯਮਾਂ ਕਾਰਨ ਉਨ੍ਹਾਂ ਦਾ ਭਵਿੱਖ ਅਣਿਸ਼ਚਿਤਤਾ ਦੇ ਘੇਰੇ ਵਿੱਚ ਆ ਗਿਆ ਹੈ।
ਕੈਬਨਿਟ ਮੰਤਰੀ ਨੇ ਆਪਣੇ ਪੱਤਰ ਵਿੱਚ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਕੈਨੇਡਾ ਸਰਕਾਰ ਦੇ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ ਅਤੇ ਪ੍ਰਭਾਵਿਤ ਭਾਰਤੀ, ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਲੋੜੀਂਦੇ ਕੂਟਨੀਤਿਕ ਕਦਮ ਚੁੱਕੇ ਜਾਣ।
ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਪਣੇ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕਰੇਗੀ। ਡਾ. ਰਵਜੋਤ ਸਿੰਘ ਨੇ ਆਸ ਜਤਾਈ ਕਿ ਵਿਦੇਸ਼ ਮੰਤਰੀ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਇਸ ਮੁੱਦੇ ਦਾ ਢੁੱਕਵਾਂ ਹੱਲ ਕੱਢਣ ਲਈ ਪ੍ਰਭਾਵਸ਼ਾਲੀ ਵਿਚਾਰ-ਵਟਾਂਦਰਾ ਹੋਵੇਗਾ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਸਕੇਗੀ।
- Download Babushahi App
-
-