ਰਾਮ ਮੰਦਰ ਚੜ੍ਹਾਵਾ ਚੋਰੀ ਅਤੇ ਲਾਠੀਚਾਰਜ ਮੁੱਦੇ 'ਤੇ ਸੰਸਦ 'ਚ ਵਿਰੋਧੀ ਧਿਰ ਦਾ ਜ਼ੋਰਦਾਰ ਪ੍ਰਦਰਸ਼ਨ! ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
ਨਵੀਂ ਦਿੱਲੀ, 7 ਅਗਸਤ 2026- ਅਯੁੱਧਿਆ ਰਾਮ ਮੰਦਰ ਦੇ ਚੜ੍ਹਾਵੇ ਦੀ ਕਥਿਤ ਚੋਰੀ ਅਤੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਮੁੱਦਿਆਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮੂਸਲਾਧਾਰ ਮੀਂਹ ਦੇ ਬਾਵਜੂਦ ਸੰਸਦ ਕੰਪਲੈਕਸ ਵਿੱਚ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇਹਨਾਂ ਮਾਮਲਿਆਂ 'ਤੇ ਜਵਾਬਦੇਹੀ ਦੀ ਮੰਗ ਕੀਤੀ।
ਵਿਰੋਧੀ ਧਿਰ ਦੇ ਤਿੱਖੇ ਵਿਰੋਧ ਅਤੇ ਹੰਗਾਮੇ ਦੇ ਵਿਚਕਾਰ ਹੀ ਲੋਕ ਸਭਾ ਨੇ ‘ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ ਵਿਕਾਸ (ਸੋਧ) ਬਿੱਲ, 2026’ (MSME Development Amendment Bill, 2026) ਨੂੰ ਆਵਾਜ਼ੀ ਵੋਟ ਨਾਲ ਮਨਜ਼ੂਰੀ ਦੇ ਦਿੱਤੀ। ਬਿੱਲ ਪਾਸ ਹੋਣ ਅਤੇ ਲਗਾਤਾਰ ਹੋ ਰਹੀ ਨਾਅਰੇਬਾਜ਼ੀ ਕਾਰਨ ਸਦਨ ਦੀ ਕਾਰਵਾਈ ਚੱਲ ਨਹੀਂ ਸਕੀ, ਜਿਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਨੂੰ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।
ਰਾਜ ਸਭਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਦਨ ਵਿੱਚ ਮੌਜੂਦਗੀ ਅਤੇ ਉਨ੍ਹਾਂ ਦੇ ਬਿਆਨ ਦੀ ਮੰਗ ਕੀਤੀ। ਇਸ ਦਾ ਜਵਾਬ ਦਿੰਦਿਆਂ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਵਿਰੋਧੀ ਧਿਰ 'ਤੇ ਪਲਟਵਾਰ ਕੀਤਾ। ਰਿਜੀਜੂ ਨੇ ਕਿਹਾ, "ਗ੍ਰਹਿ ਮੰਤਰੀ ਅਮਿਤ ਸ਼ਾਹ ਸਵੇਰ ਤੋਂ ਲੈ ਕੇ ਰਾਤ ਤੱਕ ਸੰਸਦ ਵਿੱਚ ਹੀ ਰਹਿੰਦੇ ਹਨ। ਉਨ੍ਹਾਂ ਦੇ ਨਾਮ ਦਾ ਜ਼ਿਕਰ ਹੁੰਦੇ ਹੀ ਅੱਤਵਾਦੀ ਕੰਬਣ ਲੱਗ ਜਾਂਦੇ ਹਨ।" ਉਨ੍ਹਾਂ ਵਿਰੋਧੀ ਧਿਰ ਨੂੰ ਸਦਨ ਦੀ ਕਾਰਵਾਈ ਸ਼ਾਂਤੀਪੂਰਵਕ ਚੱਲਣ ਦੇਣ ਦੀ ਅਪੀਲ ਕੀਤੀ, ਪਰ ਹੰਗਾਮਾ ਨਾ ਰੁਕਣ ਕਾਰਨ ਕਾਰਵਾਈ ਚਲਾਉਣਾ ਅਸੰਭਵ ਹੋ ਗਿਆ।
ਦੂਜੇ ਪਾਸੇ, ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਸਵੇਰੇ ਕਰੀਬ 9 ਵਜੇ ਇੱਕ ਅਹਿਮ ਸਿਆਸੀ ਗਤੀਵਿਧੀ ਦੇਖਣ ਨੂੰ ਮਿਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ 'ਤੇ ਲੋਕ ਸਭਾ ਦੇ ਲਗਭਗ 45 ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨਾਲ ਨਾਸ਼ਤੇ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨਾਲ ਸਦਨ ਦੇ ਕੰਮਕਾਜ ਅਤੇ ਖੇਤਰੀ ਵਿਕਾਸ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ।
- Download Babushahi App
-
-