ਪੀ.ਸੀ.ਪੀ.ਐਨ.ਡੀ.ਟੀ. ਐਕਟ ਅਤੇ ਲਿੰਗ ਅਨੁਪਾਤ ਬਾਰੇ ਕੀਤਾ ਜਾਗਰੂਕ
ਬਠਿੰਡਾ, 8, ਅਗਸਤ 2026 :‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਧੀਆਂ ਦੀ ਸੁਰੱਖਿਆ, ਸਿੱਖਿਆ ਅਤੇ ਸਨਮਾਨ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ,ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ,ਬੀ.ਈ.ਈ ਮਾਲਵਿੰਦਰ ਸਿੰਘ ਤਿਉਣਾ ਅਤੇ ਕੁਲਵੰਤ ਸਿੰਘ ਹਾਜਰ ਸਨ । ਇਸ ਮੌਕੇ ਉਨ੍ਹਾਂ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਆਸ਼ਾ ਵਰਕਰਾਂ ਨੂੰ ਧੀਆਂ ਦੀ ਸੁਰੱਖਿਆ ਅਤੇ ਭਰੂਣ ਹੱਤਿਆ ਨੂੰ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ।
ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਧੀਆਂ ਸਮਾਜ ਦਾ ਅਨਮੋਲ ਹਿੱਸਾ ਹਨ ਅਤੇ ਉਨ੍ਹਾਂ ਨੂੰ ਜਨਮ ਤੋਂ ਲੈ ਕੇ ਸਿੱਖਿਆ ਅਤੇ ਜੀਵਨ ਦੇ ਹਰ ਖੇਤਰ ਵਿੱਚ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਵਿੱਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨਾ ਅਤੇ ਲਿੰਗ ਅਧਾਰਿਤ ਭੇਦਭਾਵ ਨੂੰ ਖਤਮ ਕਰਨਾ ਹੈ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਨੇ ਪੀ.ਸੀ.ਪੀ.ਐਨ.ਡੀ.ਟੀ.ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਅਤੇ ਲਿੰਗ ਦੇ ਆਧਾਰ ’ਤੇ ਗਰਭਪਾਤ ਕਰਵਾਉਣਾ ਕਾਨੂੰਨੀ ਅਪਰਾਧ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਲਗਾਤਾਰ ਨਿਗਰਾਨੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਮਾਜ ਦੇ ਹਰੇਕ ਵਰਗ ਨੂੰ ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਆਸ਼ਾ ਵਰਕਰਾਂ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਸਬੰਧੀ ਆਈ-ਕਾਰਡ ਟੈਗ ਵੀ ਦਿੱਤੇ ਗਏ, ਤਾਂ ਜੋ ਉਹ ਘਰ-ਘਰ ਜਾ ਕੇ ਲੋਕਾਂ ਨੂੰ ਧੀਆਂ ਦੀ ਮਹੱਤਤਾ, ਲਿੰਗ ਸਮਾਨਤਾ, ਧੀਆਂ ਦੀ ਸਿੱਖਿਆ ਅਤੇ ਪੀ.ਸੀ.ਪੀ.ਐਨ.ਡੀ.ਟੀ. ਐਕਟ ਸਬੰਧੀ ਜਾਗਰੂਕ ਕਰ ਸਕਣ।
ਉਹਨਾਂ ਆਸ਼ਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਗਰਭਵਤੀ ਔਰਤਾਂ ਅਤੇ ਪਰਿਵਾਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸਿਹਤਮੰਦ ਗਰਭ ਅਵਸਥਾ, ਸੰਸਥਾਗਤ ਜਣੇਪੇ ਅਤੇ ਧੀਆਂ ਪ੍ਰਤੀ ਸਕਾਰਾਤਮਕ ਸੋਚ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਹੀ ਧੀਆਂ ਨੂੰ ਬਚਾਉਣ ਅਤੇ ਪੜ੍ਹਾਉਣ ਦਾ ਸੁਨੇਹਾ ਹਰ ਘਰ ਤੱਕ ਪਹੁੰਚਾਇਆ ਜਾ ਸਕਦਾ ਹੈ।
- Download Babushahi App
-
-