ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ : ਡਾ: ਧੀਰਾ ਗੁਪਤਾ
ਅਸ਼ੋਕ ਵਰਮਾ
ਗੋਨਿਆਣਾ, 8 ਅਗਸਤ 2026: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਜੱਚਾ ਬੱਚਾ ਹਸਪਤਾਲ ਵਿਖੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਜਾਗਰੂਕ ਕੀਤਾ ਗਿਆ । ਇਸ ਮੌਕੇ ਬੋਲਦਿਆਂ ਐਸ.ਐਮ.ਓ.ਨੇ ਕਿਹਾ ਕਿ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਸਬੰਧੀ ਹਰ ਸਾਲ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ. ਉਨ੍ਹਾਂ ਦੱਸਿਆ ਕਿ ਪਹਿਲੇ 6 ਮਹੀਨੇ ਬੱਚੇ ਨੂੰ ਮਾਂ ਸਿਰਫ਼ ਆਪਣਾ ਦੁੱਧ ਹੀ ਪਿਲਾਵੇ. ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਮਾਂ ਦਾ ਦੁੱਧ ਬੱਚਿਆਂ ਲਈ ਸੰਪੂਰਨ ਆਹਾਰ ਹੈ ਜੋ ਉਨ੍ਹਾਂ ਦੀ ਰੋਗਾਂ ਤੋਂ ਬਚਾਅ ਕਰਦਾ ਹੈ, ਮਾਨਸਿਕ ਅਤੇ ਸਰੀਰਕ ਵਿਕਾਸ ਨੂੰ ਵਧਾਉਦਾ ਹੈ ਅਤੇ ਮਾਂ ਦੀ ਸਿਹਤ ਲਈ ਵੀ ਲਾਭਕਾਰੀ ਹੈ।
ਜੱਚਾ ਰੋਗ ਮਾਹਿਰ ਡਾ: ਜਗਪ੍ਰੀਤ ਕੌਰ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਉੱਤਮ ਸਰੋਤ ਹੈ। ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣ ਨਾਲ ਬਹੁਤ ਬੀਮਾਰੀਆਂ ਲੱਗਣ ਦਾ ਖ਼ਤਰਾ ਘੱਟ ਹੁੰਦਾ ਹੈ, ਉੱਥੇ ਵੀ ਆਪਣਾ ਦੁੱਧ ਪਿਆਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸਰ, ਅੰਡਕੋਸ਼ ਦੇ ਕੈਂਸਰ ਅਤੇ ਸ਼ੂਗਰ ਦਾ ਖ਼ਤਰਾ ਵੀ ਘੱਟ ਜਾਂਦਾ ਹੈ ਅਤੇ ਆਪਸੀ ਪਿਆਰ ਵੱਧਦਾ ਹੈ। ਉਨ੍ਹਾਂ ਕਿਹਾ ਕਿ ਮਾਂ ਨੂੰ ਘੱਟੋ ਘੱਟ ਦੋ ਸਾਲ ਤੱਕ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੇ ਰਹਿਣਾ ਚਾਹੀਦਾ ਹੈ।
ਬੱਚਾ ਰੋਗ ਮਾਹਿਰ ਡਾ: ਮੋਨੀਸ਼ਾ ਗਰਗ ਨੇ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਪਿਆਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ ਅਤੇ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਪਿਆਉਣ ਨਾਲ ਨਵਜੰਮੇ ਬੱਚਿਆਂ ਦੀਆਂ ਮੌਤਾਂ ਨੂੰ 20 ਫ਼ੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ।
ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਨਹੀਂ ਦਿੱਤਾ ਜਾਂਦਾ ਉਨ੍ਹਾਂ ਨੂੰ ਨਿਮੋਨੀਆ ਹੋਣ ਦਾ ਖਤਰਾ ਅਤੇ ਦਸਤ ਦੀਆਂ ਬੀਮਾਰੀਆਂ ਦਾ ਖ਼ਤਰਾ ਵੱਧ ਹੁੰਦਾ ਹੈ। ਬੱਚੇ ਦਾ ਜਨਮ ਹੋਣ ਉਪਰੰਤ ਮਾਂ ਦੇ ਦੁੱਧ ਤੋਂ ਪਹਿਲਾਂ ਕੋਈ ਚੀਜ਼ ਨਹੀਂ ਦੇਣੀ ਚਾਹੀਦੀ, ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦਿੱਤੀ ਜਾਵੇ। ਬੱਚੇ ਨੂੰ ਕਿਸੇ ਵੀ ਪ੍ਰਕਾਰ ਦੀ ਚੁੰਘਣੀ ਨਹੀਂ ਦੇਣੀ ਚਾਹੀਦੀ।
- Download Babushahi App
-
-