ਵੱਡੀ ਖ਼ਬਰ: ਜਗਤਾਰ ਸਿੰਘ ਹਵਾਰਾ ਨੂੰ ਦਿੱਤੀ ਜਾਵੇ ਪੈਰੋਲ ਮਾਂ ਦੀ ਦੇਖਭਾਲ ਲਈ..! CM ਮਾਨ ਨੇ ਗਵਰਨਰ ਪੰਜਾਬ ਨੂੰ ਲਿਖੀ ਚਿੱਠੀ
Ravi Jakhu
ਚੰਡੀਗੜ੍ਹ, 8 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਗਵਰਨਰ ਗੁਲਾਬਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਹਵਾਰਾ ਦੀ ਬਿਮਾਰ ਮਾਂ ਦੀ ਸਿਹਤ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਮਨੁੱਖੀ ਅਤੇ ਪਰਿਵਾਰਕ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਉਸ ਨੂੰ ਆਪਣੀ ਮਾਂ ਦੀ ਦੇਖਭਾਲ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਕੀਤੀ ਗਈ ਇਸ ਅਪੀਲ ਨੂੰ ਮਨੁੱਖੀ ਪੱਖ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਹਵਾਰਾ ਦੀ ਮਾਂ ਬਿਮਾਰ ਹੈ ਅਤੇ ਅਜਿਹੇ ਸਮੇਂ ਵਿੱਚ ਉਸ ਦੀ ਦੇਖਭਾਲ ਲਈ ਪੁੱਤਰ ਦੀ ਮੌਜੂਦਗੀ ਮਹੱਤਵਪੂਰਨ ਹੈ। ਇਸ ਲਈ ਹਵਾਰਾ ਨੂੰ ਨਿਯਮਾਂ ਅਨੁਸਾਰ ਪੈਰੋਲ ਦੇਣ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਹਵਾਰਾ ਦੀ ਮਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪੈਰੋਲ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇ। CM ਦੀ ਇਸ ਪਹਿਲ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦੇ ਮਾਮਲੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਹੁਣ ਇਸ ਸਬੰਧੀ ਅਗਲੇ ਫੈਸਲੇ ਵੱਲ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
- Download Babushahi App
-
-