ਗੁਰਬਾਣੀ ਪ੍ਰਸਾਰਨ ਲਈ SGPC ਦੀ ਇਜਾਜ਼ਤ ਜ਼ਰੂਰੀ, ਮਰਿਆਦਾ ਨਾਲ ਸਮਝੌਤਾ ਨਹੀਂ: ਗਿਆਨੀ ਕੁਲਦੀਪ ਸਿੰਘ ਗੜਗੱਜ
ਗੁਰਬਾਣੀ ਦੇ ਪ੍ਰਸਾਰ ਲਈ ਸਾਰੇ ਚੈਨਲਾਂ ਨੂੰ ਮਿਲਣੇ ਚਾਹੀਦੇ ਹਨ ਅਧਿਕਾਰ: ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
GTC ਚੈਨਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਨੋਟਿਸ ਜਾਰੀ ਹੋਣ ਤੋਂ ਬਾਅਦ ਲਾਈਵ ਪ੍ਰਸਾਰਨ ਦੇ ਅਧਿਕਾਰਾਂ 'ਤੇ ਛਿੜੀ ਚਰਚਾ
ਚੰਡੀਗੜ੍ਹ, 11 ਅਗਸਤ 2026- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਨ ਦੇ ਮੁੱਦੇ 'ਤੇ ਆਪਣਾ ਸਪੱਸ਼ਟ ਰੁੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਚਲਾਉਣ ਲਈ ਹਰੇਕ ਚੈਨਲ ਜਾਂ ਸੰਸਥਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੋਂ ਬਕਾਇਦਾ ਇਜਾਜ਼ਤ ਲੈਣੀ ਚਾਹੀਦੀ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਸੰਸਥਾ ਹੈ।
ਜਥੇਦਾਰ ਸਾਹਿਬ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਰਬ-ਸਾਂਝੀ ਹੈ ਅਤੇ ਇਹ ਪੂਰੀ ਲੋਕਾਈ ਲਈ ਹੈ, ਪਰ ਇਸ ਦਾ ਇਹ ਮਤਲਬ ਨਹੀਂ ਕਿ ਕੋਈ ਵੀ ਆਪਣੀ ਮਨ-ਮਰਜ਼ੀ ਨਾਲ ਪ੍ਰਬੰਧਕੀ ਨਿਯਮਾਂ ਅਤੇ ਮਰਿਆਦਾ ਨੂੰ ਛਿੱਕੇ ਟੰਗ ਕੇ ਕੰਮ ਕਰੇ। ਉਨ੍ਹਾਂ ਮਿਸਾਲ ਦਿੰਦਿਆਂ ਕਿਹਾ ਕਿ ਜਿਵੇਂ ਸ੍ਰੀ ਦਰਬਾਰ ਸਾਹਿਬ ਦੇ ਚਾਰ ਦਰਵਾਜ਼ੇ ਸਭ ਲਈ ਖੁੱਲ੍ਹੇ ਹਨ, ਪਰ ਕੋਈ ਇਹ ਨਹੀਂ ਕਹਿ ਸਕਦਾ ਕਿ ਉਹ ਮਨ-ਮਰਜ਼ੀ ਨਾਲ ਸਿਰ ਢੱਕੇ ਬਿਨ੍ਹਾਂ ਅੰਦਰ ਦਾਖ਼ਲ ਹੋਵੇਗਾ। ਮਰਿਆਦਾ ਅਤੇ ਸਤਿਕਾਰ ਹਮੇਸ਼ਾ ਕਾਇਮ ਰਹੇਗਾ ਅਤੇ ਇਸ ਦਾ ਫੈਸਲਾ ਸਿੱਖਾਂ ਦੀ ਚੁਣੀ ਹੋਈ ਸੰਸਥਾ ਸ਼੍ਰੋਮਣੀ ਕਮੇਟੀ ਹੀ ਕਰੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਬੰਧਕੀ ਵਿਵਸਥਾ ਬਣਾਏ ਰੱਖਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਲਾਜ਼ਮੀ ਹੈ।
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਖਰਾ ਪੱਖ: 'ਇੱਕ ਚੈਨਲ ਤੱਕ ਸੀਮਤ ਨਾ ਹੋਵੇ ਪ੍ਰਸਾਰਨ'
ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ 'ਚ ਵੱਖਰਾ ਦ੍ਰਿਸ਼ਟੀਕੋਣ ਪੇਸ਼ ਕੀਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਗੁਰਬਾਣੀ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਕਿਸੇ ਇੱਕ ਖਾਸ ਚੈਨਲ ਤੱਕ ਸੀਮਤ ਨਹੀਂ ਰਹਿਣੇ ਚਾਹੀਦੇ, ਬਲਕਿ ਸਾਰੇ ਚੈਨਲਾਂ ਨੂੰ ਗੁਰਬਾਣੀ ਚਲਾਉਣ ਦੀ ਇਜਾਜ਼ਤ ਅਤੇ ਰਾਈਟਸ (Rights) ਮਿਲਣੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਦਿਨ ਨਾਲ ਅੱਗੇ ਆਵੇ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਨੂੰ ਘਰ ਬੈਠੇ ਹੀ ਗੁਰਬਾਣੀ ਨਾਲ ਜੋੜਿਆ ਜਾ ਸਕੇ।
ਕੀ ਹੈ ਵਿਵਾਦ ਦਾ ਪਿਛੋਕੜ?
ਇਸ ਸਾਰੇ ਮਾਮਲੇ ਦੀ ਚਰਚਾ ਉਦੋਂ ਸ਼ੁਰੂ ਹੋਈ ਜਦੋਂ GTC ਚੈਨਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਆਪਣੇ ਪੱਧਰ 'ਤੇ ਹੀ ਪ੍ਰਸਾਰਿਤ ਕਰਨਾ ਸ਼ੁਰੂ ਕਰ ਦਿੱਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਕਦਮ ਦਾ ਵਿਰੋਧ ਕੀਤਾ। ਕਮੇਟੀ ਦਾ ਕਹਿਣਾ ਹੈ ਕਿ ਬਿਨ੍ਹਾਂ ਕਿਸੇ ਲਿਖਤੀ ਇਜਾਜ਼ਤ ਜਾਂ ਸਮਝੌਤੇ ਦੇ ਇਸ ਤਰ੍ਹਾਂ ਪ੍ਰਸਾਰਨ ਕਰਨਾ ਕਾਨੂੰਨੀ ਅਤੇ ਪ੍ਰਬੰਧਕੀ ਨਿਯਮਾਂ ਦੇ ਉਲਟ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸੰਬੰਧਿਤ GTC ਚੈਨਲ ਨੂੰ ਕਾਨੂੰਨੀ ਨੋਟਿਸ (Legal Notice) ਵੀ ਭੇਜਿਆ ਗਿਆ ਹੈ, ਜਿਸ ਤੋਂ ਬਾਅਦ ਗੁਰਬਾਣੀ ਪ੍ਰਸਾਰਨ ਦੇ ਅਧਿਕਾਰਾਂ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਬਹਿਸ ਹੋਰ ਤੇਜ਼ ਹੋ ਗਈ ਹੈ।
- Download Babushahi App
-
-