ਸਾਲ ਵੀ ਨਹੀਂ ਲੰਘਿਆ, ਕਰੋੜਾਂ ਦੀ ਸੜਕ ਹੋਈ ਖਸਤਾ; ਗੁਰਦੁਆਰਾ ਬੇਰ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ’ਤੇ ਡੂੰਘੇ ਸਵਾਲ, ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਦੀ ਮੰਗ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: 12 ਅਗਸਤ 2026 ਲੰਬੇ ਇੰਤਜ਼ਾਰ ਤੋਂ ਬਾਅਦ ਬਣੀ ਤਲਵੰਡੀ ਚੌਂਕ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਾਹਮਣਿਓਂ ਗੁਰੂ ਨਾਨਕ ਖਾਲਸਾ ਕਾਲਜ ਅਤੇ ਗੁਰੂ ਨਾਨਕ ਸਟੇਡੀਅਮ ਨੂੰ ਜਾਂਦੀ ਅਹਿਮ ਸੜਕ ਸਾਲ ਦੇ ਅੰਦਰ ਹੀ ਟੁੱਟਣੀ ਸ਼ੁਰੂ ਹੋ ਗਈ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਸੜਕ ਦੀ ਹਾਲਤ ਨੇ ਸੜਕ ਨਿਰਮਾਣ ਦੀ ਗੁਣਵੱਤਾ ਅਤੇ ਸਰਕਾਰੀ ਨਿਗਰਾਨੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਸਿਰਫ਼ ਸ਼ਹਿਰ ਦੀ ਇੱਕ ਆਮ ਸੜਕ ਨਹੀਂ, ਸਗੋਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲਾ ਪ੍ਰਮੁੱਖ ਰਸਤਾ ਹੈ। ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ ਰਸਤੇ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ। ਅੱਗੇ ਇਹ ਸੜਕ ਲੋਹੀਆਂ ਵੱਲੋਂ ਹੁੰਦੀ ਹੋਈ ਲੋਹੀਆਂ-ਮਖੂ ਖੇਤਰ ਨੂੰ ਜੋੜਦੀ ਹੈ, ਜਿਸ ਕਾਰਨ ਇਸ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ।
ਸੜਕ ਦੇ ਨਵੀਂ ਬਣਨ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਆਸ ਸੀ ਕਿ ਹੁਣ ਲੰਮੇ ਸਮੇਂ ਦੀ ਸਮੱਸਿਆ ਦਾ ਪੱਕਾ ਹੱਲ ਹੋ ਗਿਆ ਹੈ, ਪਰ ਸਾਲ ਦੇ ਅੰਦਰ ਹੀ ਸੜਕ ਦਾ ਟੁੱਟਣਾ ਸ਼ੁਰੂ ਹੋਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਲੋਕ ਸਵਾਲ ਕਰ ਰਹੇ ਹਨ ਕਿ ਜੇਕਰ ਕਰੋੜਾਂ ਰੁਪਏ ਖਰਚ ਕੇ ਬਣਾਈ ਸੜਕ ਇੰਨੇ ਥੋੜ੍ਹੇ ਸਮੇਂ ਵਿੱਚ ਹੀ ਜਵਾਬ ਦੇਣ ਲੱਗ ਪਈ ਹੈ ਤਾਂ ਇਸ ਦੀ ਉਸਾਰੀ ਵਿੱਚ ਵਰਤੀ ਗਈ ਸਮੱਗਰੀ ਅਤੇ ਕੰਮ ਦੀ ਗੁਣਵੱਤਾ ਦੀ ਜਾਂਚ ਕਿਉਂ ਨਾ ਕੀਤੀ ਜਾਵੇ?
ਕੁਲਦੀਪ ਸਿੰਘ ਬੂਲੇ ਨੇ ਕਿਹਾ—ਸਰਕਾਰੀ ਪੈਸੇ ਦੀ ਬਰਬਾਦੀ ਬਰਦਾਸ਼ਤ ਨਹੀਂ
ਸ਼੍ਰੋਮਣੀ ਅਕਾਲੀ ਦਲ ਦੋਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ ਨੇ ਕਿਹਾ ਕਿ ਸੜਕ ਨੂੰ ਬਣਿਆਂ ਹਾਲੇ ਸਾਲ ਵੀ ਪੂਰਾ ਨਹੀਂ ਹੋਇਆ ਅਤੇ ਇਸ ਦਾ ਟੁੱਟਣਾ ਸ਼ੁਰੂ ਹੋ ਗਿਆ ਹੈ, ਜੋ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਬੂਲੇ ਨੇ ਕਿਹਾ ਕਿ ਲੋਕਾਂ ਦੇ ਟੈਕਸਾਂ ਦੇ ਪੈਸੇ ਨਾਲ ਬਣਨ ਵਾਲੇ ਵਿਕਾਸ ਕਾਰਜ ਜੇਕਰ ਕੁਝ ਮਹੀਨਿਆਂ ਜਾਂ ਇੱਕ ਸਾਲ ਦੇ ਅੰਦਰ ਹੀ ਖਰਾਬ ਹੋਣ ਲੱਗ ਪੈਣ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸੜਕ ਦੀ ਤਕਨੀਕੀ ਜਾਂਚ ਕਰਵਾਈ ਜਾਵੇ ਅਤੇ ਨਿਰਮਾਣ ਵਿੱਚ ਵਰਤੀ ਸਮੱਗਰੀ ਦੀ ਗੁਣਵੱਤਾ ਦੀ ਜਾਂਚ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਹ ਸੜਕ ਧਾਰਮਿਕ ਪੱਖੋਂ ਵੀ ਬੇਹੱਦ ਮਹੱਤਵਪੂਰਨ ਹੈ, ਕਿਉਂਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਹਜ਼ਾਰਾਂ ਸ਼ਰਧਾਲੂ ਰੋਜ਼ਾਨਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਇਸ ਰਸਤੇ ਦੀ ਵਰਤੋਂ ਕਰਦੇ ਹਨ। ਇਸ ਲਈ ਸਰਕਾਰ ਨੂੰ ਇਸ ਦੀ ਮੁਰੰਮਤ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।
ਸੁਰਜੀਤ ਸਿੰਘ ਸਾਬਕਾ ਚੇਅਰਮੈਨ—‘ਸੜਕ ਟੁੱਟਣ ਦੀ ਜ਼ਿੰਮੇਵਾਰੀ ਤੈਅ ਕਰੇ ਸਰਕਾਰ’
ਇਸ ਮੌਕੇ ਸੁਰਜੀਤ ਸਿੰਘ ਸਾਬਕਾ ਚੇਅਰਮੈਨ ਨੇ ਕਿਹਾ ਕਿ ਨਵੀਂ ਬਣੀ ਸੜਕ ਦਾ ਇੰਨੇ ਘੱਟ ਸਮੇਂ ਵਿੱਚ ਟੁੱਟਣਾ ਆਪਣੇ ਆਪ ਵਿੱਚ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਲੋਕਾਂ ਦੀ ਸਹੂਲਤ ਲਈ ਬਣਾਈ ਸੜਕ ਟਿਕ ਨਹੀਂ ਰਹੀ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕਾਗਜ਼ਾਂ ਵਿੱਚ ਨਹੀਂ, ਸੜਕਾਂ ’ਤੇ ਨਜ਼ਰ ਆਉਣਾ ਚਾਹੀਦਾ ਹੈ। ਸੜਕ ਦੀ ਤੁਰੰਤ ਜਾਂਚ ਕਰਵਾ ਕੇ ਜਿੱਥੇ-ਜਿੱਥੇ ਨੁਕਸ ਪੈਦਾ ਹੋਏ ਹਨ, ਉਨ੍ਹਾਂ ਨੂੰ ਠੀਕ ਕਰਵਾਇਆ ਜਾਵੇ ਅਤੇ ਜੇਕਰ ਜਾਂਚ ਦੌਰਾਨ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਘਟੀਆ ਮਟੀਰੀਅਲ ਦੀ ਵਰਤੋਂ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਤੀ ਪਈ ਵਿਵਸਥਾ ਨੂੰ ਜਗਾਉਣ ਦੀ ਲੋੜ ਹੈ, ਕਿਉਂਕਿ ਇਹ ਸੜਕ ਸਿਰਫ਼ ਸਥਾਨਕ ਲੋਕਾਂ ਲਈ ਨਹੀਂ, ਸਗੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਵਾਲੀ ਸੰਗਤ ਲਈ ਵੀ ਬਹੁਤ ਮਹੱਤਵਪੂਰਨ ਹੈ। ਜੇਕਰ ਸਮੇਂ ਸਿਰ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੜਕ ਦੀ ਹਾਲਤ ਹੋਰ ਵੀ ਖਰਾਬ ਹੋ ਸਕਦੀ ਹੈ।
ਸ਼ਹਿਰ ਵਾਸੀਆਂ ਨੇ ਵੀ ਮੰਗ ਕੀਤੀ ਹੈ ਕਿ ਸਬੰਧਤ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਸੜਕ ਦੀ ਜਾਂਚ ਕਰਨ ਅਤੇ ਲੋਕਾਂ ਨੂੰ ਦੱਸਣ ਕਿ ਕਰੋੜਾਂ ਦੀ ਲਾਗਤ ਨਾਲ ਬਣੀ ਸੜਕ ਸਾਲ ਦੇ ਅੰਦਰ ਹੀ ਟੁੱਟਣ ਦੇ ਪਿੱਛੇ ਅਸਲ ਕਾਰਨ ਕੀ ਹੈ।
- Download Babushahi App
-
-