ਮਨੁੱਖੀ ਅਧਿਕਾਰ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਰਾਸ਼ਟਰ ਨਿਰਮਾਣ ਵਿੱਚ ਉੱਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ
ਅਸ਼ੋਕ ਵਰਮਾ
ਬਠਿੰਡਾ, 13 ਅਗਸਤ 2026: ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਬੁੱਧਵਾਰ ਨੂੰ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਦੀ ਅਗਵਾਈ ਹੇਠ “ਮਨੁੱਖੀ ਅਧਿਕਾਰ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਇੱਕ ਸਮਾਵੇਸ਼ੀ, ਨਿਆਂਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵਿੱਚ ਉੱਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਜੈ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਭੂਗੋਲ ਵਿਭਾਗ ਦੇ ਪ੍ਰੋ. ਰਾਜਨ ਭੰਡਾਰੀ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਜਾਣ-ਪਛਾਣ ਕਰਵਾਉਂਦਿਆਂ ਮੌਜੂਦਾ ਸਮਾਜਿਕ ਅਤੇ ਸਿੱਖਿਆਕ ਸੰਦਰਭ ਵਿੱਚ ਵਿਸ਼ੇ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਆਪਣੇ ਸੰਬੋਧਨ ਵਿੱਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਕਿਹਾ ਕਿ ਕਿਸੇ ਵੀ ਰਾਸ਼ਟਰ ਦੇ ਨਿਰਮਾਣ ਵਿੱਚ ਸਿੱਖਿਆ ਦੀ ਭੂਮਿਕਾ ਸਿਰਫ਼ ਗਿਆਨ ਪ੍ਰਦਾਨ ਕਰਨ ਤੱਕ ਸੀਮਿਤ ਨਹੀਂ ਹੁੰਦੀ। ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਦੇ ਵਿਚਾਰਾਂ ਅਤੇ ਦ੍ਰਿਸ਼ਟੀਕੋਣ ਨੂੰ ਆਕਾਰ ਦਿੰਦੀਆਂ ਹਨ, ਜਿਸ ਦਾ ਪ੍ਰਭਾਵ ਸਮਾਜ ਅਤੇ ਰਾਸ਼ਟਰ ਦੇ ਭਵਿੱਖ ’ਤੇ ਪੈਂਦਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਰਾਜਾ ਭਰਤ ਅਤੇ ਚੰਦਰਗੁਪਤ ਮੌਰਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਧਿਆਪਕਾਂ ਨੇ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਅਗਵਾਈ ਦੀ ਸਮਰੱਥਾ ਨੂੰ ਵਿਕਸਿਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
ਉਨ੍ਹਾਂ ਨੇ ਮੌਜੂਦਾ ਸਮੇਂ ਵਿੱਚ ਰਾਸ਼ਟਰੀ ਏਕਤਾ ਅਤੇ ਅਖੰਡਤਾ ਸਾਹਮਣੇ ਮੌਜੂਦ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨੀਵਰਸਿਟੀਆਂ ਗਿਆਨ ਅਤੇ ਖੋਜ ਦੇ ਕੇਂਦਰ ਹੋਣ ਦੇ ਨਾਲ-ਨਾਲ ਸਕਾਰਾਤਮਕ ਸਮਾਜਿਕ ਤਬਦੀਲੀ ਦੀਆਂ ਵਾਹਕ ਵੀ ਹਨ। ਇਸ ਲਈ ਇਨ੍ਹਾਂ ਸੰਸਥਾਵਾਂ ਨਾਲ ਜੁੜੇ ਨੌਜਵਾਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਮਾਜਿਕ ਸਰੋਕਾਰਾਂ ਨੂੰ ਸਮਝਣ ਅਤੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਦੇ ਅਨੁਸਾਰ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ।
ਵਿਚਾਰਾਂ ਦੀ ਤਾਕਤ ਨੂੰ ਰੇਖਾਂਕਿਤ ਕਰਦਿਆਂ ਸ੍ਰੀ ਕਾਨੂੰਨਗੋ ਨੇ ਕਿਹਾ, “ਸਾਡੇ ਵਿਚਾਰ ਹੀ ਸਾਡੇ ਭਵਿੱਖ ਦੀ ਦਿਸ਼ਾ ਤੈਅ ਕਰਦੇ ਹਨ।” ਉਨ੍ਹਾਂ ਵਿਦਿਆਰਥੀਆਂ ਨੂੰ ਸਕਾਰਾਤਮਕ ਅਤੇ ਰਚਨਾਤਮਕ ਸੋਚ ਵਿਕਸਿਤ ਕਰਨ ਅਤੇ ਆਪਣੀ ਪ੍ਰਤਿਭਾ ਤੇ ਗਿਆਨ ਦੀ ਵਰਤੋਂ ਸਮਾਜ ਅਤੇ ਰਾਸ਼ਟਰ ਦੇ ਵਿਆਪਕ ਹਿੱਤ ਵਿੱਚ ਕਰਨ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਵਿੱਚ ਲਗਭਗ 110 ਵਿਦਿਆਰਥੀਆਂ ਅਤੇ ਖੋਜਾਰਥੀਆਂ ਤੋਂ ਇਲਾਵਾ 20 ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਦਿਵਿਆਂਸ਼ ਪਾਂਡੇ ਨੇ ਸਭ ਦਾ ਧੰਨਵਾਦ ਕੀਤਾ।
- Download Babushahi App
-
-