ਆਜ਼ਾਦੀ ਦਿਵਸ ਸਮਾਗਮ ਦੀ ਰਿਹਰਸਲ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਹੋਈ
* ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲਹਿਰਾਇਆ ਕੌਮੀ ਝੰਡਾ
* ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜਾ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਉਣ ਦਾ ਦਿੱਤਾ ਸੱਦਾ
ਅਸ਼ੋਕ ਵਰਮਾ
ਮਾਨਸਾ, 13 ਅਗਸਤ 2026 :ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਿਮ ਰਿਹਰਸਲ ਬਹੁ ਮੰਤਵੀ ਸਰਕਾਰੀ ਨਹਿਰੂ ਕਾਲਜ ਦੇ ਖੇਡ ਸਟੇਡੀਅਮ ਵਿਖੇ ਪੂਰੇ ਜੋਸ਼, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਇਆ।ਇਸ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਦੌਰਾਨ ਪਰੇਡ ਕਮਾਂਡਰ ਡੀਐਸਪੀ (ਹੈਡ ਕੁਆਰਟਰ) ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਪੁਲਿਸ, ਹੋਮਗਾਰਡਜ਼ ਅਤੇ ਐੱਨ.ਸੀ.ਸੀ., ਸਕਾਊਟ ਤੇ ਗਰਲ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ।
ਰਿਹਰਸਲ ਤੋਂ ਬਾਅਦ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਪੱਧਰੀ ਸਮਾਗਮ ਲਈ ਦਿਸ਼ਾ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜਾ, ਪੂਰੇ ਜੋਸ਼, ਭਾਈਚਾਰਕ ਸਾਂਝ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 15 ਅਗਸਤ ਦੇ ਮੁੱਖ ਸਮਾਗਮ ਦੌਰਾਨ ਸੁਰੱਖਿਆ, ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਵਿੱਚ ਕੋਈ ਕਸਰ ਨਾ ਛੱਡੀ ਜਾਵੇ।
ਅੰਤਿਮ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ 'ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਸਮੇਤ ਲੋਕ ਨਾਚਾਂ ਗਿੱਧਾ ਅਤੇ ਭੰਗੜਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਵੀ ਕੀਤਾ ਗਿਆ।
ਇਸ ਮੌਕੇ ਐਸਡੀਐਮ ਬਲਜੀਤ ਕੌਰ, ਐਸਡੀਐਮ ਹਰਜਿੰਦਰ ਸਿੰਘ ਜੱਸਲ, ਐਸਪੀ ਪ੍ਰਦੀਪ ਸੰਧੂ ਸਮੇਤ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਤੇ ਪੁਲਿਸ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
- Download Babushahi App
-
-