ਸੁਖਬੀਰ ਬਾਦਲ ’ਤੇ ਹਮਲੇ ਦੀ MLA ਗਿਆਸਪੁਰਾ ਨੇ ਕੀਤੀ ਨਿੰਦਾ
ਚੰਡੀਗੜ੍ਹ, 13 ਅਗਸਤ 2026- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨੰਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਨਿੰਦਾ ਕੀਤੀ ਹੈ। ਗਿਆਸਪੁਰਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ’ਤੇ ਇਸ ਤਰ੍ਹਾਂ ਦਾ ਹਿੰਸਕ ਹਮਲਾ ਜਾਇਜ਼ ਨਹੀਂ ਹੈ। ਉਹ ਨਿੱਜੀ ਤੌਰ ’ਤੇ ਅਤੇ ਪਾਰਟੀ ਪੱਧਰ ’ਤੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਨ।
ਹਾਲਾਂਕਿ, ਇਸ ਦੇ ਨਾਲ ਹੀ ਵਿਧਾਇਕ ਗਿਆਸਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖਾਂ ਨਾਲ ਸਬੰਧਤ ਕਈ ਗੰਭੀਰ ਮੁੱਦੇ ਸਾਹਮਣੇ ਆਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ, ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਮੁਆਫ਼ੀ, ਉਸ ਦੀ ਫ਼ਿਲਮ ਨੂੰ ਸਿਨੇਮਾਘਰਾਂ ਵਿੱਚ ਚਲਾਉਣ ਦਾ ਵਿਵਾਦ ਅਤੇ ਬਹਿਬਲ ਕਲਾਂ ਤੇ ਬਰਗਾੜੀ ਨਾਲ ਸਬੰਧਤ ਘਟਨਾਵਾਂ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।
ਗਿਆਸਪੁਰਾ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਸੁਖਬੀਰ ਸਿੰਘ ਬਾਦਲ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀਆਂ ਗਲਤੀਆਂ ਮੰਨ ਚੁੱਕੇ ਹਨ ਅਤੇ ਮੁਆਫ਼ੀ ਵੀ ਮੰਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਵਿੱਚ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਅਜੇ ਵੀ ਰੋਸ ਮੌਜੂਦ ਹੈ।
ਵਿਧਾਇਕ ਨੇ ਕਿਹਾ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਅਤੇ ਹੁਣ ਨੰਦੇੜ ਸਾਹਿਬ ਵਿਖੇ ਸਾਹਮਣੇ ਆਏ ਵਿਰੋਧ ਨੂੰ ਸਿਰਫ਼ ਹਿੰਸਾ ਦੇ ਰੂਪ ਵਿੱਚ ਦੇਖਣ ਦੀ ਬਜਾਏ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਵੀ ਸਿੱਖ ਸੰਗਤ ਦੇ ਰੋਸ ਅਤੇ ਬਦਲੇ ਹੋਏ ਸਿਆਸੀ ਮਾਹੌਲ ਨੂੰ ਸਮਝਣਾ ਚਾਹੀਦਾ ਹੈ। ਗਿਆਸਪੁਰਾ ਨੇ ਕਿਹਾ ਕਿ ਲੋਕਾਂ ਵਿੱਚ ਬਾਦਲ ਪਰਿਵਾਰ ਪ੍ਰਤੀ ਨਾਰਾਜ਼ਗੀ ਹੈ, ਜਿਸ ਦਾ ਸਾਹਮਣਾ ਪਰਿਵਾਰ ਨੂੰ ਸਿਆਸੀ ਅਤੇ ਜਨਤਕ ਜੀਵਨ ਵਿੱਚ ਕਰਨਾ ਪੈ ਰਿਹਾ ਹੈ।
- Download Babushahi App
-
-