ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ
ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 13 ਅਗਸਤ
ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੇੜੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਨਾਗਰਿਕ ’ਤੇ ਹਿੰਸਕ ਹਮਲਾ ਲੋਕਤੰਤਰ ਅਤੇ ਸਮਾਜਿਕ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅੱਜ ਦੇ ਹਮਲੇ ’ਚ ਬਾਦਲ ਦੇ ਹੱਥ ’ਤੇ ਸੱਟ ਲੱਗਣ ਦੀ ਰਿਪੋਰਟ ਹੈ ਅਤੇ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋਇਆ ਹੈ।
ਸ: ਛੀਨਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਅਜਿਹੀਆਂ ਥਾਵਾਂ ’ਤੇ ਹਿੰਸਾ ਦੀ ਕੋਈ ਵੀ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਜਾਂ ਵਿਚਾਰਧਾਰਕ ਮਤਭੇਦ ਆਪਣੀ ਥਾਂ ਹਨ, ਪਰ ਕਿਸੇ ਵੀ ਮਸਲੇ ਦਾ ਹੱਲ ਹਿੰਸਾ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਮਲੇ ਦੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਹਮਲੇ ਪਿੱਛੇ ਅਸਲ ਕਾਰਨਾਂ ਅਤੇ ਕਿਸੇ ਸਾਜ਼ਿਸ਼ ਦੀ ਸੰਭਾਵਨਾ ਸਮੇਤ ਹਰ ਪਹਿਲੂ ਦੀ ਨਿਰਪੱਖ ਜਾਂਚ ਕੀਤੀ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਇਸ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਵੱਲੋਂ ਵੀ ਜਾਂਚ ਦੇ ਹੁਕਮ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਸ: ਛੀਨਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ’ਤੇ ਕਾਇਮ ਰੱਖਣਾ ਜ਼ਰੂਰੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਲੋਕਤੰਤਰ ’ਚ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ ਅਤੇ ਹਿੰਸਾ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।
- Download Babushahi App
-
-