ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਬੱਬੇਹਾਲੀ ਵੱਲੋਂ ਸਖ਼ਤ ਨਿਖੇਧੀ
ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ, ਗੁਰਦਾਸਪੁਰ ਵਿੱਚ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ
ਰੋਹਿਤ ਗੁਪਤਾ
ਗੁਰਦਾਸਪੁਰ :
ਸ਼੍ਰੋਮਣੀ ਅਕਾਲੀ ਦਲ ਹਲਕਾ ਗੁਰਦਾਸਪੁਰ ਦੇ ਮੁਖੀ ਅਤੇ ਸੀਨੀਅਰ ਆਗੂ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਨਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਘਟਨਾ ਨੂੰ ਬੇਹੱਦ ਗੰਭੀਰ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ।ਸਰਦਾਰ ਬੱਬੇਹਾਲੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਹੋਣਾ ਸਿਰਫ਼ ਇੱਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਇਹ ਗੰਭੀਰ ਸੁਰੱਖਿਆ ਸਵਾਲ ਵੀ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਪਹਿਲਾਂ ਵੀ ਹਮਲਾ ਕਰਨ ਦੀ ਕੋਸ਼ਿਸ਼ ਹੋ ਚੁੱਕੀ ਹੈ।ਅਤੇ ਹੁਣ ਮੁੜ ਅਜਿਹੀ ਘਟਨਾ ਵਾਪਰਨਾ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਲੋੜ ਨੂੰ ਹੋਰ ਵੀ ਗੰਭੀਰ ਬਣਾਉਂਦਾ ਹੈ।ਬੱਬੇਹਾਲੀ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਪਹਿਲਾਂ ਹੋਏ ਹਮਲੇ ਤੋਂ ਬਾਅਦ ਜੇਕਰ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਅਤੇ ਉਨ੍ਹਾਂ ਦੇ ਪਿੱਛੇ ਮੌਜੂਦ ਲੋਕਾਂ ਤੱਕ ਪਹੁੰਚ ਕੀਤੀ ਜਾਂਦੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਮੁੜ ਅਜਿਹੀ ਘਟਨਾ ਸਾਹਮਣੇ ਨਾ ਆਉਂਦੀ।ਉਨ੍ਹਾਂ ਕਿਹਾ ਕਿ ਵਾਰ-ਵਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਸਿਰਫ਼ ਇੱਕ ਆਮ ਘਟਨਾ ਮੰਨ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਅਤੇ ਇਸ ਘਟਨਾ ਦਾ ਅਸਲ ਮਕਸਦ ਕੀ ਸੀ। ਇਹ ਸਭ ਕੁਝ ਜਾਂਚ ਰਾਹੀਂ ਸਾਹਮਣੇ ਆਉਣਾ ਚਾਹੀਦਾ ਹੈ।ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਮੰਗ ਕੀਤੀ ਕਿ ਨਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਸੀ.ਬੀ.ਆਈ. ਤੋਂ ਉੱਚ ਪੱਧਰੀ, ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਹਮਲਾ ਕਰਨ ਵਾਲੇ ਵਿਅਕਤੀ ਤੱਕ ਸੀਮਤ ਨਾ ਰਹੇ, ਸਗੋਂ ਇਸ ਦੇ ਪਿੱਛੇ ਕਿਸੇ ਸਾਜ਼ਿਸ਼, ਸਹਿਯੋਗ ਜਾਂ ਹੋਰ ਤਾਕਤਾਂ ਦੀ ਭੂਮਿਕਾ ਹੈ। ਤਾਂ ਉਸ ਨੂੰ ਵੀ ਬੇਨਕਾਬ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰਿਕ ਪ੍ਰਣਾਲੀ ਦੇ ਤਹਿਤ ਹਰ ਸਿਆਸੀ ਆਗੂ ਨੂੰ ਆਪਣੀ ਗੱਲ ਰੱਖਣ ਅਤੇ ਲੋਕਾਂ ਵਿੱਚ ਵਿਚਰਨ ਦਾ ਪੂਰਾ ਹੱਕ ਹੈ। ਕਿਸੇ ਵੀ ਆਗੂ ਨੂੰ ਡਰਾਉਣ, ਧਮਕਾਉਣ ਜਾਂ ਹਮਲੇ ਰਾਹੀਂ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਬੱਬੇਹਾਲੀ ਨੇ ਕਿਹਾ ਕਿ ਜੇਕਰ ਵਿਰੋਧੀਆਂ ਨੂੰ ਇਹ ਭੁਲੇਖਾ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਸਰਦਾਰ ਸੁਖਬੀਰ ਸਿੰਘ ਬਾਦਲ ਡਰ ਜਾਣਗੇ, ਘਰੋਂ ਬਾਹਰ ਨਿਕਲਣਾ ਛੱਡ ਦੇਣਗੇ ਜਾਂ ਪੰਜਾਬ ਦੇ ਮੁੱਦੇ ਉਠਾਉਣ ਤੋਂ ਪਿੱਛੇ ਹਟ ਜਾਣਗੇ ਤਾਂ ਇਹ ਉਨ੍ਹਾਂ ਦੀ ਵੱਡੀ ਭੁੱਲ ਹੈ।ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਇੱਕ ਦਲੇਰ ਆਗੂ ਹਨ ਅਤੇ ਪੰਜਾਬ ਦੇ ਹਿੱਤਾਂ ਲਈ ਆਪਣੀ ਆਵਾਜ਼ ਪਹਿਲਾਂ ਵਾਂਗ ਹੀ ਬੁਲੰਦ ਕਰਦੇ ਰਹਿਣਗੇ। ਅਜਿਹੀਆਂ ਘਟਨਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰਾਂ ਦੇ ਹੌਸਲੇ ਹੋਰ ਮਜ਼ਬੂਤ ਹੋਣਗੇ।ਸਰਦਾਰ ਬੱਬੇਹਾਲੀ ਨੇ ਐਲਾਨ ਕੀਤਾ ਕਿ ਇਸ ਘਟਨਾ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਗੁਰਦਾਸਪੁਰ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਉਨ੍ਹਾਂ ਸਮੂਹ ਅਕਾਲੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਸਮੇਤ ਨਹਿਰੂ ਪਾਰਕ, ਗੁਰਦਾਸਪੁਰ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ। ਇਸ ਉਪਰੰਤ ਨਹਿਰੂ ਪਾਰਕ ਤੋਂ ਡਾਕਖਾਨਾ ਚੌਂਕ ਤੱਕ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਡਾਕਖਾਨਾ ਚੌਂਕ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਅਤੇ ਧਰਨਾ ਦਿੱਤਾ ਜਾਵੇਗਾ।ਬੱਬੇਹਾਲੀ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਰਾਹੀਂ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਅਤੇ ਸਬੰਧਤ ਏਜੰਸੀਆਂ ਤੋਂ ਮਾਮਲੇ ਦੀ ਨਿਰਪੱਖ ਸੀ.ਬੀ.ਆਈ. ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ।ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਇਕਜੁੱਟਤਾ ਦਾ ਸਬੂਤ ਦਿੰਦਿਆਂ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਅਤੇ ਇਸ ਘਟਨਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ।
- Download Babushahi App
-
-